- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ

ਏਐੱਸਆਈ ਇਕਬਾਲ ਸਿੰਘ ਦੇ ਕਤਲ ’ਤੇ ਭਾਜਪਾ ਆਗੂਆਂ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ’ਚ ਪੰਜਾਬ ਪੁਲਿਸ ਦੇ ਏਐੱਸਆਈ ਇਕਬਾਲ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਘਟਨਾ ਦੁਖਦਾਈ ਹੀ ਨਹੀਂ ਬਲਕਿ ਇਲਾਕੇ ’ਚ ਸਹਿਮ ਤੇ ਚਿੰਤਾ ਦਾ ਮਾਹੌਲ ਪੈਦਾ ਕਰਨ ਵਾਲੀ ਮੰਦਭਾਗੀ ਘਟਨਾ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਲਕਾ ਤਰਨਤਾਰਨ ਇੰਚਾਰਜ ਹਰਜੀਤ ਸਿੰਘ ਸੰਧੂ ਸਮੇਤ ਜ਼ਿਲ੍ਹਾ ਤਰਨਤਾਰਨ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮੌਕੇ ਕੀਤਾ।
ਆਗੂਆਂ ਨੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਸ ਔਖੀ ਘੜੀ ਵਿਚ ਪਰਿਵਾਰ ਨੂੰ ਹੌਸਲਾ ਦਿੱਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਏਐੱਸਆਈ ਇਕਬਾਲ ਸਿੰਘ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਘਟਨਾ ਹੈ। ਕਿਸੇ ਵੀ ਵਿਅਕਤੀ ਵੱਲੋਂ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਅਜਿਹੀਆਂ ਘਟਨਾਵਾਂ ਸਮਾਜ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ, ਇਸ ਲਈ ਜ਼ਰੂਰੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਭਾਜਪਾ ਦੇ ਹਲਕਾ ਤਰਨਤਾਰਨ ਇੰਚਾਰਜ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਵਿਚ ਕਤਲੋਗਾਰਤ, ਫਿਰੌਤੀਆਂ ਅਤੇ ਗੈਂਗਸਟਰਾਂ ਨਾਲ ਸਬੰਧਿਤ ਅਪਰਾਧਿਕ ਵਾਰਦਾਤਾਂ ’ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਇਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ। ਪੰਜਾਬ ਦੇ ਲੋਕ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਵਿਚ ਜੀਵਨ ਬਤੀਤ ਕਰਨਾ ਚਾਹੁੰਦੇ ਹਨ। ਇਸ ਲਈ ਅਪਰਾਧਿਕ ਅਨਸਰਾਂ ਵਿਰੁੱਧ ਠੋਸ ਕਾਰਵਾਈ ਕਰਨ ਦੇ ਨਾਲ-ਨਾਲ ਅਪਰਾਧਾਂ ਦੀ ਰੋਕਥਾਮ ਲਈ ਵੀ ਪ੍ਰਭਾਵਸ਼ਾਲੀ ਕਦਮ ਚੁੱਕਣੇ ਲਾਜ਼ਮੀ ਹਨ।
ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੀਂ ਰਣਨੀਤੀ ਬਣਾਈ ਜਾਵੇ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਲਈ ਕਾਰਵਾਈ ’ਚ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਭਵਿੱਖ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦੀ ਪੁਨਰਾਵਰਤੀ ਰੋਕਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ, ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਸੀਨੀਅਰ ਆਗੂ ਦਲਬੀਰ ਸਿੰਘ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਮੀਤ ਪ੍ਰਧਾਨ ਜਸਕਰਨ ਸਿੰਘ ਗਿੱਲ ਅਤੇ ਸਰਕਲ ਸਰਹਾਲੀ ਕਲਾਂ ਦੇ ਪ੍ਰਧਾਨ ਗੌਰਵ ਦੇਵਗਨ ਸਮੇਤ ਭਾਜਪਾ ਦੇ ਹੋਰ ਪ੍ਰਮੁੱਖ ਆਗੂ ਅਤੇ ਵਰਕਰ ਹਾਜ਼ਰ ਸਨ।
ਸਮੂਹ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਏਐੱਸਆਈ ਇਕਬਾਲ ਸਿੰਘ ਲਈ ਇਨਸਾਫ਼ ਦੀ ਮੰਗ ਕੀਤੀ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ।