3 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ’ਚ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਹੋਵੇਗਾ ਰੋਸ ਧਰਨਾ 3 ਨਵੰਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ’ਚ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਹੋਵੇਗਾ ਰੋਸ ਧਰਨਾ
Publish Date: Tue, 13 Oct 2026 05:18 PM (IST)
Updated Date: Tue, 13 Oct 2026 05:20 PM (IST)
ਸਮੇਂ ਦੀਆਂ ਸਰਕਾਰਾਂ ਨੇ ਮਜ਼ਦੂਰਾਂ ਨੂੰ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ : ਆਗੂ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਰਾਮਗੜ੍ਹੀਆ ਬੁੰਗਾ, ਤਰਨਤਾਰਨ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਅਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੀਆਂ ਜ਼ਿਲ੍ਹਾ ਇਕਾਈਆਂ ਦਾ ਡੈਲੀਗੇਟ ਇਜਲਾਸ ਕਰਵਾਇਆ ਗਿਆ। ਇਹ ਇਜਲਾਸ ਹੀਰਾ ਸਿੰਘ ਕੰਡਿਆਂ ਵਾਲੇ, ਪਾਲ ਸਿੰਘ ਜਾਮਾਰਾਏ, ਜਸਵਿੰਦਰ ਸਿੰਘ ਮਾਣੋਚਾਹਲ, ਬਲਦੇਵ ਸਿੰਘ ਗੋਹਲਵੜ ਅਤੇ ਦਵਿੰਦਰ ਸਿੰਘ ਪੱਖੋਕੇ ਦੀ ਸਾਂਝੀ ਪ੍ਰਧਾਨਗੀ ਹੇਠ ਹੋਇਆ। ਇਸ ਦੌਰਾਨ ਮਜ਼ਦੂਰਾਂ ਦੀਆਂ ਹੱਕੀ ਮੰਗਾਂ, ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਜਥੇਬੰਦੀਆਂ ਦੀਆਂ ਭਵਿੱਖੀ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਜਲਾਸ ਨੂੰ ਸੰਬੋਧਨ ਕਰਦਿਆਂ ਸੀਟੂ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਹਾ ਸਿੰਘ ਰੋੜੀ, ਸੂਬਾ ਮੀਤ ਪ੍ਰਧਾਨ ਸੁੱਚਾ ਸਿੰਘ ਅਜਨਾਲਾ, ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੇ ਜਨਰਲ ਸਕੱਤਰ ਅਮਰ ਨਾਥ ਕੂਮਕਲਾਂ ਅਤੇ ਸੂਬਾ ਸਕੱਤਰ ਸੁਖਦੇਵ ਸਿੰਘ ਗੋਹਲਵੜ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ 3 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿਚ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿਚ ਪੰਜਾਬ ਭਰ ਵਿੱਚੋਂ ਹਜ਼ਾਰਾਂ ਦੀ ਗਿਣਤੀ ’ਚ ਸੀਟੂ ਵਰਕਰ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ, ਮਿਡ-ਡੇ-ਮੀਲ ਵਰਕਰਾਂ, ਪੇਂਡੂ ਚੌਕੀਦਾਰਾਂ ਸਮੇਤ ਹੋਰ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿਚ ਲਿਆਂਦਾ ਜਾਵੇ ਅਤੇ ਉਨ੍ਹਾਂ ਨੂੰ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਨੇ ਵਰਕਰਾਂ ਲਈ 42 ਹਜ਼ਾਰ ਰੁਪਏ ਪ੍ਰਤੀ ਮਹੀਨਾ ਉਜਰਤ ਦੀ ਮੰਗ ਵੀ ਉਠਾਈ। ਆਗੂਆਂ ਨੇ ਦੋਸ਼ ਲਗਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਮਜ਼ਦੂਰਾਂ ਨੂੰ ਵੱਡੇ-ਵੱਡੇ ਵਾਅਦੇ ਕਰਕੇ ਵੋਟਾਂ ਤਾਂ ਹਾਸਿਲ ਕੀਤੀਆਂ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ, ਪਰ ਉਸ ਨੂੰ ਅਜੇ ਵੀ ਬੁਨਿਆਦੀ ਸਹੂਲਤਾਂ ਅਤੇ ਬਣਦੇ ਲਾਭਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਨਿਰਮਾਣ ਮਜ਼ਦੂਰਾਂ ਦੀਆਂ ਸਮੱਸਿਆਵਾਂ ਬਾਰੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਵਜ਼ੀਫ਼ਾ, ਸ਼ਗਨ ਸਕੀਮ, ਬਾਲੜੀ ਤੋਹਫ਼ਾ ਅਤੇ ਐਕਸ-ਗ੍ਰੇਸ਼ੀਆ ਵਰਗੀਆਂ ਭਲਾਈ ਸਕੀਮਾਂ ਤਹਿਤ ਮਿਲਣ ਵਾਲੇ ਲਾਭਾਂ ਦੀ ਅਦਾਇਗੀ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਨਿਰਮਾਣ ਮਜ਼ਦੂਰਾਂ ਦੇ ਖਾਤਿਆਂ ਵਿਚ ਲੰਮੇ ਸਮੇਂ ਤੋਂ ਬਣਦੇ ਪੈਸੇ ਨਹੀਂ ਪਹੁੰਚੇ। ਇਸ ਕਾਰਨ ਮਜ਼ਦੂਰ ਪਰਿਵਾਰਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਤਰਨਤਾਰਨ ਵਿਚ ਲੇਬਰ ਵਿਭਾਗ ਦੇ ਕੰਮਕਾਜ ਬਾਰੇ ਆਗੂਆਂ ਨੇ ਕਿਹਾ ਕਿ ਨਵੀਂ ਰਜਿਸਟ੍ਰੇਸ਼ਨ ਅਤੇ ਨਵੀਨੀਕਰਨ ਵਾਲੇ ਕਾਰਡਾਂ ਸਬੰਧੀ ਕਈ ਮਜ਼ਦੂਰਾਂ ਨੂੰ ਦੋ ਤੋਂ ਤਿੰਨ ਮਹੀਨਿਆਂ ਤਕ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਇੱਕੋ ਇਤਰਾਜ਼ ਵਾਰ-ਵਾਰ ਲਗਾ ਦਿੱਤਾ ਜਾਂਦਾ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮਜ਼ਦੂਰਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੇਬਰ ਵਿਭਾਗ ਨੂੰ ਆਪਣੀ ਕਾਰਜ ਪ੍ਰਣਾਲੀ ਵਿਚ ਸੁਧਾਰ ਕਰਨਾ ਚਾਹੀਦਾ ਹੈ। ਮਨਰੇਗਾ ਸਬੰਧੀ ਮੰਗਾਂ ਉਠਾਉਂਦਿਆਂ ਆਗੂਆਂ ਨੇ ਕਿਹਾ ਕਿ ਮਨਰੇਗਾ ਕਾਨੂੰਨ ਨੂੰ ਬਹਾਲ ਰੱਖਿਆ ਜਾਵੇ ਅਤੇ ਇਸ ਨੂੰ ਕਮਜ਼ੋਰ ਕਰਨ ਵਾਲੇ ਕਦਮ ਵਾਪਸ ਲਏ ਜਾਣ। ਉਨ੍ਹਾਂ ਵੀਬੀ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਦਿਹਾੜੀ 800 ਰੁਪਏ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਮਜ਼ਦੂਰਾਂ ਨੂੰ ਰੁਜ਼ਗਾਰ ਅਤੇ ਉਚਿਤ ਮਿਹਨਤਾਨਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਲਾਲਪੁਰਾ, ਜ਼ਿਲ੍ਹਾ ਸਕੱਤਰ ਅਜਮੇਰ ਸਿੰਘ ਤਰਨਤਾਰਨ ਅਤੇ ਨਰਿੰਦਰ ਸਿੰਘ ਬਘਿਆੜੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਡੈਲੀਗੇਟ ਅਜਲਾਸ ਦੀ ਸਫ਼ਲਤਾ ਲਈ ਪ੍ਰਬੰਧਕਾਂ ਅਤੇ ਡੈਲੀਗੇਟਾਂ ਨੂੰ ਵਧਾਈ ਦਿੱਤੀ। ਮਨਰੇਗਾ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦਾ ਗਠਨ ਅਜਲਾਸ ਦੌਰਾਨ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੀ ਜ਼ਿਲ੍ਹਾ ਤਰਨਤਾਰਨ ਇਕਾਈ ਦੀ ਨਵੀਂ ਕਮੇਟੀ ਦਾ ਪੈਨਲ ਜਨਰਲ ਸਕੱਤਰ ਅਮਰ ਨਾਥ ਕੂਮਕਲਾਂ ਵੱਲੋਂ ਪੇਸ਼ ਕੀਤਾ ਗਿਆ। ਇਸ ਵਿਚ ਸੁਖਦੇਵ ਸਿੰਘ ਗੋਹਲਵੜ ਨੂੰ ਪ੍ਰਧਾਨ, ਪਾਲ ਸਿੰਘ ਜਾਮਾਰਾਏ ਨੂੰ ਸਕੱਤਰ, ਗੁਰਮੀਤ ਕੌਰ ਰਟੌਲ ਨੂੰ ਵਿੱਤ ਸਕੱਤਰ ਅਤੇ ਮਹਿੰਦਰ ਸਿੰਘ ਪੱਟੀ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਨਿੰਦਰ ਸਿੰਘ ਖਡੂਰ ਸਾਹਿਬ, ਕੁਲਵੰਤ ਸਿੰਘ ਛਾਪਾ, ਕੁਲਵੰਤ ਸਿੰਘ ਜਾਮਾਰਾਏ ਅਤੇ ਚਰਨ ਕੌਰ ਸਮੇਤ ਹੋਰ ਆਗੂਆਂ ਨੂੰ ਕਮੇਟੀ ਵਿਚ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ 19 ਮੈਂਬਰੀ ਕਮੇਟੀ ਚੁਣੀ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਪੰਜਾਬ ਦੀ ਜ਼ਿਲ੍ਹਾ ਤਰਨਤਾਰਨ ਇਕਾਈ ਦੀ 19 ਮੈਂਬਰੀ ਕਮੇਟੀ ਦਾ ਪੈਨਲ ਸੁਖਦੇਵ ਸਿੰਘ ਗੋਹਲਵੜ ਵੱਲੋਂ ਪੇਸ਼ ਕੀਤਾ ਗਿਆ। ਇਸ ਵਿਚ ਦਵਿੰਦਰ ਸਿੰਘ ਪੱਖੋਕੇ ਨੂੰ ਪ੍ਰਧਾਨ, ਬਲਦੇਵ ਸਿੰਘ ਗੋਹਲਵੜ ਨੂੰ ਜਨਰਲ ਸਕੱਤਰ ਅਤੇ ਸੁਖਦੇਵ ਸਿੰਘ ਗੋਹਲਵੜ ਨੂੰ ਵਿੱਤ ਸਕੱਤਰ ਚੁਣਿਆ ਗਿਆ। ਕਮੇਟੀ ਵਿਚ ਅੰਗਰੇਜ਼ ਸਿੰਘ ਰਟੌਲ, ਮਨਪ੍ਰੀਤ ਸਿੰਘ ਕੋਟਲੀ ਅਤੇ ਕੰਵਲਜੀਤ ਕੌਰ ਕਲਸੀਆਂ ਕਲਾਂ ਸਮੇਤ ਹੋਰ ਆਗੂਆਂ ਨੂੰ ਮੀਤ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਹੁਸਨ ਸਿੰਘ ਦੇਉ ਅਤੇ ਸੁਰਜੀਤ ਸਿੰਘ ਝਾਮਕਾ ਨੂੰ ਸਾਂਝੇ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਰਣਜੀਤ ਕੌਰ, ਨਿੰਦਰ ਕੌਰ, ਜਸਵਿੰਦਰ ਕੌਰ, ਪਰਮਜੀਤ ਸਿੰਘ, ਗੁਰਨਾਮ ਸਿੰਘ ਕੋਟਲੀ, ਹਰਪ੍ਰੀਤ ਕੌਰ ਪੱਖੋਕੇ, ਹਰਪ੍ਰੀਤ ਸਿੰਘ ਸੇਖਚੱਕ, ਕੁਲਵੰਤ ਕੌਰ ਬਾਠ, ਪਰਮਜੀਤ ਕੌਰ, ਗੁਰਜੀਤ ਕੌਰ, ਬਲਜੀਤ ਕੌਰ, ਰਜਵੰਤ ਕੌਰ, ਸਰਬਜੀਤ ਸਿੰਘ ਰਟੌਲ ਅਤੇ ਬਿੰਦੋ ਕੌਰ ਚੂਸਲੇਵੜ ਸਮੇਤ ਹੋਰ ਮੈਂਬਰਾਂ ਨੂੰ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ। ਦੋਵਾਂ ਜਥੇਬੰਦੀਆਂ ਦੀਆਂ ਕਮੇਟੀਆਂ ਨੂੰ ਡੈਲੀਗੇਟਾਂ ਵੱਲੋਂ ਨਾਅਰਿਆਂ ਦੀ ਗੂੰਜ ਵਿਚ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਅੰਤ ਵਿਚ ਹੀਰਾ ਸਿੰਘ ਕੰਡਿਆਂ ਵਾਲੇ ਨੇ ਅਜਲਾਸ ਵਿਚ ਸ਼ਾਮਿਲ ਹੋਏ ਸਮੂਹ ਡੈਲੀਗੇਟਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ।