ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਲਈ ਮਾਨ ਸਰਕਾਰ ਜ਼ਿੰਮੇਵਾਰ : ਟੀਟੂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ : ਭੁਪਿੰਦਰ ਸਿੰਘ ਟੀਟੂ
Publish Date: Wed, 14 Oct 2026 05:24 PM (IST)
Updated Date: Wed, 14 Oct 2026 05:27 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਭਾਜਪਾ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਟੀਟੂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕੀਤੀ ਹੈ ਤੇ ਭਗਵੰਤ ਮਾਨ ਸਰਕਾਰ ’ਤੇ ਸਵਾਲ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਅਤੇ ਤਰਨਤਾਰਨ ਜ਼ਿਲ੍ਹੇ ਵਿਚ ਏਐੱਸਆਈ ਇਕਬਾਲ ਸਿੰਘ ਦੇ ਕਤਲ ਦੀ ਘਟਨਾ ਨੇ ਸੂਬੇ ਦੀ ਸੁਰੱਖਿਆ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਇਨ੍ਹਾਂ ਘਟਨਾਵਾਂ ਨੂੰ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ। ਭੁਪਿੰਦਰ ਸਿੰਘ ਟੀਟੂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਰਗੀਆਂ ਘਟਨਾਵਾਂ ਨੇ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਤੇ ਸਰਕਾਰ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਭਾਜਪਾ ਆਗੂ ਭੁਪਿੰਦਰ ਸਿੰਘ ਟੀਟੂ ਨੇ ਆਸ ਜਤਾਈ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਕਾਨੂੰਨ ਵਿਵਸਥਾ ਵਿਚ ਸੁਧਾਰ ਹੋਵੇਗਾ ਅਤੇ ਸੂਬੇ ਵਿਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਕਿਸੇ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।