ਪੰਜਾਬ ’ਚ ਅਮਨ-ਕਾਨੂੰਨ ਸਥਿਤੀ ਵਿਗੜੀ : ਔਲਖ
ਪੰਜਾਬ ’ਚ ਅਮਨ-ਕਾਨੂੰਨ ਵਿਗੜਨ ਲਈ ਸਰਕਾਰ ਜ਼ਿੰਮੇਵਾਰ : ਔਲਖ
Publish Date: Wed, 14 Oct 2026 05:28 PM (IST)
Updated Date: Wed, 14 Oct 2026 05:30 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਦਿਨ-ਦਿਹਾੜੇ ਹੋਏ ਕਤਲ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਦਿਨ-ਦਿਹਾੜੇ ਕਤਲ ਵਰਗੀਆਂ ਵਾਰਦਾਤਾਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਔਲਖ ਨੇ ਕਿਹਾ ਕਿ ਜੇਕਰ ਸੂਬੇ ਵਿਚ ਲੋਕ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ, ਤਾਂ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਬਾਰੇ ਜਵਾਬ ਦੇਣਾ ਚਾਹੀਦਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦਾ ਕਤਲ ਹੋਣਾ ਹੋਰ ਵੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਅਪਰਾਧੀਆਂ ਵਿਚ ਕਾਨੂੰਨ ਦਾ ਡਰ ਪੈਦਾ ਕਰਨ ਵਿਚ ਗੰਭੀਰ ਨਹੀਂ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਜਿਸ ਤੋਂ ਸਰਕਾਰ ਭੱਜ ਨਹੀਂ ਸਕਦੀ।