ਸੰਯੁਕਤ ਕਿਸਾਨ ਮੋਰਚੇ ਨੇ ਫੂਕਿਆ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਨੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ
Publish Date: Wed, 14 Oct 2026 05:37 PM (IST)
Updated Date: Wed, 14 Oct 2026 05:39 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਝਬਾਲ : ਸੰਯੁਕਤ ਕਿਸਾਨ ਮੋਰਚੇ ਵੱਲੋਂ ਬੁੱਧਵਾਰ ਨੂੰ ਕਾਮਰੇਡ ਦਵਿੰਦਰ ਸੋਹਲ ਦੀ ਅਗਵਾਈ ਹੇਠ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਝਬਾਲ ਚੌਕ ’ਚ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਲਗਾਤਾਰ ਹੋ ਰਹੀ ਤਸਕਰੀ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਜਾਰੀ ਹੈ ਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨ ਦੀ ਲੋੜ ਹੈ। ਆਗੂਆਂ ਨੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਹੱਦੀ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧ ਮੌਜੂਦ ਹੋਣ ਦੇ ਬਾਵਜੂਦ ਨਸ਼ਿਆਂ ਦੀ ਆਮਦ ਰੁਕ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਰਹੱਦ ਤੋਂ ਲਗਭਗ 50 ਕਿਲੋਮੀਟਰ ਤਕ ਦੇ ਇਲਾਕੇ ਵਿਚ ਬੀਐੱਸਐੱਫ ਦੀ ਸੁਰੱਖਿਆ ਵਿਵਸਥਾ ਹੋਣ ਦੇ ਬਾਵਜੂਦ ਨਸ਼ਿਆਂ ਦੀ ਤਸਕਰੀ ਜਾਰੀ ਰਹਿਣਾ ਸਰਕਾਰਾਂ ਅਤੇ ਸਬੰਧਿਤ ਸੁਰੱਖਿਆ ਏਜੰਸੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਪ੍ਰਭਾਵਸ਼ਾਲੀ ਕਦਮ ਚੁੱਕਣ। ਇਸ ਮੌਕੇ ਮਲਕੀਤ ਸਿੰਘ ਬਘਿਆੜੀ, ਕੈਪਟਨ ਸਿੰਘ ਬਘਿਆੜੀ, ਕਾਮਰੇਡ ਦਵਿੰਦਰ ਸਿੰਘ ਸੋਹਲ, ਹਰਦੀਪ ਸਿੰਘ ਰਸੂਲਪੁਰ, ਕਾਮਰੇਡ ਜਗਤਾਰ ਸਿੰਘ ਜੱਗਾ ਅਤੇ ਜਥੇਦਾਰ ਬਲਕਾਰ ਸਿੰਘ ਬਘਿਆੜੀ, ਗੁਰਵਿੰਦਰ ਸਿੰਘ ਫੌਜੀ, ਰਛਪਾਲ ਸਿੰਘ ਬਾਊ, ਸਾਬਕਾ ਸਰਪੰਚ ਪਰਮਜੀਤ ਸਿੰਘ, ਪੂਰਨ ਸਿੰਘ ਝਬਾਲ, ਅਮਰੀਕ ਸਿੰਘ, ਬਲਬੀਰ ਸਿੰਘ ਸਿੰਘ ਬਘਿਆੜੀ, ਰਛਪਾਲ ਸਿੰਘ ਬਘਿਆੜੀ, ਹਰਜਿੰਦਰ ਸਿੰਘ ਮੰਨਣ, ਬੀਐੱਸ ਟੇਲਰ, ਪ੍ਰਧਾਨ ਅਸ਼ੋਕ, ਕੁਲਵਿੰਦਰ ਸਿੰਘ ਸੋਹਲ, ਦਿਲਬਾਗ ਸਿੰਘ ਐਮਾ, ਕਾਬਲ ਸਿੰਘ ਚਾਹਲ, ਬਲਜੀਤ ਸਿੰਘ ਸਰਾਂ ਆਦਿ ਹਾਜ਼ਰ ਸਨ।