ਝੋਟੇ ਦੇ ਕਤਲ ਮਾਮਲੇ ’ਚ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਭਾਰੀ ਨਾਕਾਬੰਦੀ ਝੋਟਾ ਦੇ ਕਤਲ ਮਾਮਲੇ ’ਚ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਨੇ ਕੀਤੀ ਭਾਰੀ ਨਾਕਾਬੰਦੀ
Publish Date: Wed, 14 Oct 2026 06:08 PM (IST)
Updated Date: Wed, 14 Oct 2026 06:12 PM (IST)
ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ ਹਰੀਕੇ ਪੱਤਣ : ਮਾਨਸਾ ਵਿਖੇ ਮੈਡੀਕਲ ਸਟੋਰ ਮਾਲਕ ਹੱਥੋ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਸੰਭਾਵੀ ਪ੍ਰਦਰਸ਼ਨ ਨੂੰ ਅਸਫਲ ਬਣਾਉਣ ਲਈ ਪੁਲਿਸ ਵੱਲੋਂ ਇਲਾਕੇ ਵਿਚ ਭਾਰੀ ਨਾਕਾਬੰਦੀ ਕੀਤੀ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੇ ਇਕੱਠ ਜਾਂ ਪ੍ਰਦਰਸ਼ਨ ਨੂੰ ਰੋਕਣ ਲਈ ਮਾਝੇ ਅਤੇ ਮਾਲਵੇ ਨੂੰ ਜੋੜਨ ਵਾਲੇ ਅਹਿਮ ਰਸਤਿਆਂ ’ਤੇ ਵਿਸ਼ੇਸ਼ ਚੌਕਸੀ ਵਰਤੀ ਗਈ। ਮਾਝੇ ਤੋਂ ਮਾਨਸਾ ਜਾਣ ਵਾਲੇ ਵਾਹਨਾਂ ਦੀ ਜਾਂਚ ਅਤੇ ਚਾਲਕਾਂ ਪਾਸੋ ਪੁੱਛਗਿੱਛ ਕੀਤੀ ਗਈ। ਦੇਰ ਰਾਤ ਤਕ ਵੱਖ-ਵੱਖ ਥਾਵਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਦੌਰਾਨ ਰਾਹਗੀਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ। ਜਾਣਕਾਰੀ ਅਨੁਸਾਰ ਏਆਰਪੀ ਟੀਮਾਂ ਸਮੇਤ ਪੰਜਾਬ ਪੁਲਿਸ ਦੇ ਜਵਾਨਾਂ ਨੇ ਕਈ ਥਾਵਾਂ ’ਤੇ ਵਿਸ਼ੇਸ਼ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਮਾਝੇ-ਮਾਲਵੇ ਨੂੰ ਜੋੜਦੇ ਦੋਵਾਂ ਪੁਲਾਂ ’ਤੇ ਵੀ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ, ਜਿਸ ਕਾਰਨ ਇਨ੍ਹਾਂ ਰਸਤਿਆਂ ਤੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਚੈਕਿੰਗ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਵਾਲੇ ਧਾਰਮਿਕ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਫੜੋ-ਫੜੀ ਦਾ ਸਿਲਸਿਲਾ ਵੀ ਜਾਰੀ ਰਹਿਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪਹਿਲੇ ਪਹਿਰ ਤੋਂ ਜ਼ਿਲ੍ਹਾ ਪੁਲਿਸ ਦੀਆਂ ਵੱਖ ਵੱਖ ਟੀਮਾਂ ਦੇ ਆਗੂਆਂ ਘਰ ਦਸਤਕ ਦਿੱਤੀ। ਪੁਲਿਸ ਵੱਲੋਂ ਕਈ ਆਗੂਆਂ ਨੂੰ ਘਰਾਂ ਤੋਂ ਹੀ ਹਿਰਾਸਤ ਵਿਚ ਲੈਣ ਜਾਂ ਉਨ੍ਹਾਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਦੀ ਗੱਲ ਵੀ ਸਾਹਮਣੇ ਆਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦਾ ਹਵਾਲਾ ਦਿੰਦਿਆਂ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਹਾਲਾਂਕਿ, ਪ੍ਰਦਰਸ਼ਨ ਨੂੰ ਰੋਕਣ ਲਈ ਕੀਤੀ ਜਾ ਰਹੀ ਭਾਰੀ ਨਾਕਾਬੰਦੀ ਅਤੇ ਆਗੂਆਂ ਦੀ ਕਥਿਤ ਫੜੋ-ਫੜੀ ਕਾਰਨ ਇਲਾਕੇ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਡੀਐੱਸਪੀ ਪੱਟੀ ਰਵੀਸ਼ੇਰ ਸਿੰਘ, ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ, ਸਬ ਇੰਸਪੈਕਟਰ ਲਖਬੀਰ ਸਿੰਘ, ਸਬ ਇੰਸਪੈਕਟਰ ਰਣਜੀਤ ਸਿੰਘ, ਸਹਾਇਕ ਥਾਣੇਦਾਰ ਪ੍ਰਗਟ ਸਿੰਘ, ਅਮਰੀਕ ਸਿੰਘ, ਅਸ਼ਵਨੀ ਕੁਮਾਰ, ਰਾਮ ਸਵਰੂਪ ਆਦਿ ਹਾਜ਼ਰ ਸਨ।