ਗੈਰ-ਕਾਨੂੰਨੀ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਸਾਥ ਨਹੀਂ ਦੇਵੇਗੀ ਐਸੋਸੀਏਸ਼ਨ: ਬਿਮਲ ਅਗਰਵਾਲ ਗੈਰ-ਕਾਨੂੰਨੀ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਸਾਥ ਨਹੀਂ ਦੇਵੇਗੀ ਐਸੋਸੀਏਸ਼ਨ: ਬਿਮਲ ਅਗਰਵਾਲ
Publish Date: Wed, 14 Oct 2026 06:56 PM (IST)
Updated Date: Wed, 14 Oct 2026 06:57 PM (IST)
ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਿਮਲ ਅਗਰਵਾਲ ਨੇ ਮਾਨਸਾ ਵਿਚ ਵਾਪਰੀ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਮੰਦਭਾਗੀ ਕਰਾਰ ਦਿੰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਸਬੰਧੀ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਦਵਾਈ ਦੀ ਵਿਕਰੀ ਤੋਂ ਗੁਰੇਜ਼ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲੇ ਕਿਸੇ ਵੀ ਕੈਮਿਸਟ ਦਾ ਐਸੋਸੀਏਸ਼ਨ ਵੱਲੋਂ ਸਾਥ ਨਹੀਂ ਦਿੱਤਾ ਜਾਵੇਗਾ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਿਮਲ ਅਗਰਵਾਲ ਤੇ ਚੇਅਰਮੈਨ ਨਰਿੰਦਰ ਪੁਰੀ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਦਵਾਈਆਂ ਦੀ ਵਿਕਰੀ ਨਾਲ ਜੁੜੇ ਕਾਰੋਬਾਰੀਆਂ ਨੂੰ ਇਸ ਮਾਮਲੇ ਵਿਚ ਵਿਸ਼ੇਸ਼ ਸੰਜੀਦਗੀ ਦਿਖਾਉਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜ਼ਿਲ੍ਹਾ ਤਰਨਤਾਰਨ ਵਿਚ ਕੋਈ ਵੀ ਕੈਮਿਸਟ ਗੈਰ-ਕਾਨੂੰਨੀ ਢੰਗ ਨਾਲ ਦਵਾਈਆਂ ਵੇਚਦਾ ਜਾਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਨਾਜਾਇਜ਼ ਵਿਕਰੀ ਕਰਦਾ ਪਾਇਆ ਗਿਆ ਤਾਂ ਐਸੋਸੀਏਸ਼ਨ ਉਸ ਵਿਰੁੱਧ ਕਾਰਵਾਈ ਕਰਵਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕੈਮਿਸਟਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਵੇਚੀਆਂ ਜਾਣ ਵਾਲੀਆਂ ਦਵਾਈਆਂ ਦੇ ਨਾਲ-ਨਾਲ ਸਿੰਥੈਟਿਕ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਵੀ ਸਖ਼ਤ ਕਦਮ ਚੁੱਕੇ ਜਾਣ। ਇਸ ਤੋਂ ਇਲਾਵਾ, ਨਸ਼ੇ ਲਈ ਵਰਤੋਂ ਵਾਸਤੇ ਆਨਲਾਈਨ ਮੰਗਵਾਈਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਵਿਕਰੀ ’ਤੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਕੈਮਿਸਟ ਐਸੋਸੀਏਸ਼ਨ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਅਤੇ ਆਪਣਾ ਬਣਦਾ ਯੋਗਦਾਨ ਪਾਉਣ ਲਈ ਵਚਨਬੱਧ ਹੈ। --- ਡਰੱਗ ਇੰਸਪੈਕਟਰ ਨੇ ਕੈਮਿਸਟਾਂ ਨੂੰ ਕੀਤੀ ਨਿਯਮਾਂ ਦੇ ਪਾਲਣ ਦੀ ਅਪੀਲ ਡਰੱਗ ਇੰਸਪੈਕਟਰ ਤਰਨਤਾਰਨ ਹਰਪ੍ਰੀਤ ਸਿੰਘ ਨੇ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਰੋਬਾਰ ਨੂੰ ਕਾਨੂੰਨੀ ਦਾਇਰੇ ਵਿਚ ਰੱਖਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇਗੀ ਅਤੇ ਸਾਰੇ ਕੈਮਿਸਟ ਨਿਯਮਾਂ ਦੀ ਪਾਲਣਾ ਕਰਦਿਆਂ ਆਪਣਾ ਰਿਕਾਰਡ ਮੁਕੰਮਲ ਰੱਖਣ।