ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪੰਜਾਬ ਬੰਦ ਦੇ ਸੱਦੇ ’ਤੇ ਪੱਟੀ ਮੁਕੰਮਲ ਬੰਦ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਪੰਜਾਬ ਬੰਦ ਦੇ ਸੱਦੇ ’ਤੇ ਪੱਟੀ ਮੁਕੰਮਲ ਬੰਦ
Publish Date: Thu, 15 Oct 2026 04:52 PM (IST)
Updated Date: Thu, 15 Oct 2026 04:54 PM (IST)
ਕਿਸਾਨ ਜਥੇਬੰਦੀਆਂ, ਵਾਰਿਸ ਪੰਜਾਬ ਦੇ ਅਤੇ ਸਾਬਕਾ ਸੈਨਿਕਾਂ ਨੇ ਕੀਤਾ ਰੋਸ ਪ੍ਰਦਰਸ਼ਨ, ਕਲਾਕ ਟਾਵਰ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਮਾਨਸਾ ’ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਪੱਟੀ ਸ਼ਹਿਰ ’ਚ ਭਰਵਾਂ ਹੁੰਗਾਰਾ ਮਿਲਿਆ। ਵੀਰਵਾਰ ਨੂੰ ਪੱਟੀ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ’ਚ ਦੁਕਾਨਾਂ ਤੇ ਵਪਾਰਕ ਅਦਾਰੇ ਬੰਦ ਰਹੇ। ਸ਼ਹਿਰ ਦੇ ਬਾਜ਼ਾਰਾਂ ’ਚ ਆਮ ਦਿਨਾਂ ਦੇ ਮੁਕਾਬਲੇ ਸੁੰਨ ਪਸਰੀ ਰਹੀ, ਜਦਕਿ ਬੱਸ ਅੱਡੇ ਤੋਂ ਬੱਸਾਂ ਦੀ ਆਵਾਜਾਈ ਵੀ ਬੰਦ ਰਹਿਣ ਕਾਰਨ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਬੰਦ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਵਾਰਿਸ ਪੰਜਾਬ ਦੇ ਜਥੇਬੰਦੀ ਤੇ ਸਾਬਕਾ ਸੈਨਿਕਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਰੋਸ ਮਾਰਚ ਕੱਢਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਲਾਕ ਟਾਵਰ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕਤਲ ਦੀ ਘਟਨਾ ਪ੍ਰਤੀ ਰੋਸ ਜ਼ਾਹਿਰ ਕੀਤਾ ਗਿਆ। ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਪ੍ਰਗਟ ਸਿੰਘ ਪ੍ਰਿੰਗੜੀ ਦੀ ਅਗਵਾਈ ਹੇਠ ਕਿਸਾਨਾਂ ਨੇ ਕਲਾਕ ਟਾਵਰ ਨੇੜੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਦੁਕਾਨਦਾਰਾਂ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ। ਪੱਟੀ ਦੇ ਲਾਹੌਰ ਚੌਕ ਤੇ ਕਲਾਕ ਟਾਵਰ ਦੇ ਨੇੜੇ ਵੀ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ ਦੇ ਆਗੂ ਦਲਜੀਤ ਸਿੰਘ ਜਵੰਦਾ, ਬਾਬਾ ਪ੍ਰਗਟ ਸਿੰਘ ਪ੍ਰਿੰਗੜੀ ਤੇ ਸਾਬਕਾ ਸੈਨਿਕਾਂ ਦੇ ਆਗੂ ਮਹਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਮਾਮਲੇ ’ਚ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ, ਬਲਾਕ ਪੱਟੀ ਦੇ ਪ੍ਰਧਾਨ ਮਹਿੰਦਰ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਾ ਸੀ ਤੇ ਉਸ ਦਾ ਕਤਲ ਬੇਹੱਦ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਇਕ ਸਾਬਕਾ ਸੈਨਿਕ ਦਾ ਪੁੱਤਰ ਸੀ, ਜਿਸ ਕਰਕੇ ਸਮੂਹ ਸਾਬਕਾ ਸੈਨਿਕ ਦੁੱਖ ਦੀ ਇਸ ਘੜੀ ਵਿਚ ਉਸ ਦੇ ਪਰਿਵਾਰ ਨਾਲ ਖੜ੍ਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ’ਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਪੰਜਾਬ ਬੰਦ ਕਾਰਨ ਪੱਟੀ ਦੇ ਬਾਜ਼ਾਰਾਂ ’ਚ ਕਾਰੋਬਾਰ ਪ੍ਰਭਾਵਿਤ ਰਿਹਾ ਤੇ ਬੱਸ ਅੱਡੇ ’ਤੇ ਵੀ ਆਮ ਦਿਨਾਂ ਵਾਲੀ ਰੌਣਕ ਦਿਖਾਈ ਨਹੀਂ ਦਿੱਤੀ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਇਨਸਾਫ਼ ਮਿਲਣ ਤਕ ਆਪਣੀ ਆਵਾਜ਼ ਬੁਲੰਦ ਰੱਖਣ ਦੀ ਗੱਲ ਆਖੀ।