- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਰਿਆਲਾ ਵਿਚ ਭਾਰੀ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ

ਕਿਸਾਨਾਂ ਨੇ 200 ਏਕੜ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਣ ਦਾ ਜਿਤਾਇਆ ਖਦਸ਼ਾ
ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਕੀਤੀ ਮੰਗ
ਰਾਜਵਿੰਦਰ ਸਿੰਘ ਰਾਜੂ, •ਪੰਜਾਬੀ ਜਾਗਰਣ
ਵਲਟੋਹਾ : ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲਾ ’ਚ ਦੇਰ ਰਾਤ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਖੇਤਾਂ ’ਚ ਖੜ੍ਹੀ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪੀੜਤ ਕਿਸਾਨਾਂ ਅਨੁਸਾਰ, ਗੜ੍ਹੇਮਾਰੀ ਕਾਰਨ ਉਨ੍ਹਾਂ ਦੀ ਤਕਰੀਬਨ 200 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਖ਼ਰਾਬ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਪ੍ਰਤਾਪ ਸਿੰਘ, ਨਿਸ਼ਾਨ ਸਿੰਘ, ਰਾਮ ਸਿੰਘ, ਸਰਪੰਚ ਸੁਖਦੇਵ ਸਿੰਘ, ਗੁਰਮੀਤ ਸਿੰਘ, ਤਰਲੋਚਨ ਸਿੰਘ, ਪਾਲ ਸਿੰਘ, ਗੁਰਸਾਹਿਬ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ ਤੇ ਨੰਬਰਦਾਰ ਦਵਿੰਦਰ ਸਿੰਘ ਸਣੇ ਹੋਰ ਕਿਸਾਨਾਂ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਹੋਈ ਭਾਰੀ ਗੜ੍ਹੇਮਾਰੀ ਨੇ ਉਨ੍ਹਾਂ ਦੀਆਂ ਫ਼ਸਲਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।
ਕਿਸਾਨਾਂ ਨੇ ਦਾਅਵਾ ਕੀਤਾ ਕਿ ਕਈ ਖੇਤਾਂ ਵਿਚ ਫ਼ਸਲ ਦਾ 90 ਫ਼ੀਸਦੀ ਤਕ ਨੁਕਸਾਨ ਹੋ ਚੁੱਕਾ ਹੈ। ਇਸ ਨੁਕਸਾਨ ਕਾਰਨ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਵੱਡੀ ਮਾਰ ਪੈਣ ਦਾ ਖ਼ਦਸ਼ਾ ਹੈ। ਪੀੜਤ ਕਿਸਾਨਾਂ ਅਨੁਸਾਰ ਅਜੇ ਤਕ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਨਹੀਂ ਪਹੁੰਚਿਆ।
ਕਿਸਾਨਾਂ ਨੇ ਪੰਜਾਬ ਸਰਕਾਰ ਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਾਂ ਦਾ ਤੁਰੰਤ ਸਰਵੇਖਣ ਕਰਵਾਇਆ ਜਾਵੇ ਅਤੇ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕਰਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਅਨੁਸਾਰ, ਦੇਰ ਰਾਤ ਹੋਈ ਗੜੇਮਾਰੀ ਦਾ ਵਧੇਰੇ ਪ੍ਰਭਾਵ ਪਿੰਡ ਘਰਿਆਲਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਦੇਖਣ ਨੂੰ ਮਿਲਿਆ ਹੈ।
ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਤੇ ਕਿਸਾਨ ਆਗੂ ਵੀ ਮੌਜੂਦ ਸਨ। ਪੀੜਤ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਿਨ੍ਹਾਂ ਦੇਰੀ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ, ਤਾਂ ਜੋ ਉਹ ਆਉਣ ਵਾਲੇ ਸਮੇਂ ’ਚ ਆਪਣੀ ਖੇਤੀਬਾੜੀ ਦੇ ਖ਼ਰਚੇ ਪੂਰੇ ਕਰ ਸਕਣ।