- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਹਰ ਨੌਜਵਾਨ ਨਸ਼ਿਆਂ ਵਿਰੁੱਧ ਡੱਟ ਕੇ ਸੰਘਰਸ਼ ਕਰੇ : ਸੁਰਜੀਤ ਸਿੰਘ ਭੁੱਚਰ

ਕੈਪਸ਼ਨ : ਸੁਰਜੀਤ ਸਿੰਘ ਭੁੱਚਰ।
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜਿਕ ਵਰਕਰ ਪਰਵਿੰਦਰ ਸਿੰਘ ਝੋਟਾ ਨੂੰ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਕਿਉਂਕਿ ਪਰਵਿੰਦਰ ਸਿੰਘ ਮੈਡੀਕਲ ਸਟੋਰ ਮਾਲਕ ਵੱਲੋਂ ਨਸ਼ੀਲੀਆਂ ਦਵਾਈਆਂ ਵੇਚਣ ਦਾ ਵਿਰੋਧ ਕਰ ਰਿਹਾ ਸੀ। ਮਾਨਸਾ ਵਿਖੇ ਵਾਪਰੀ ਇਸ ਦੁਖਦਾਈ ਘਟਨਾ ਦੇ ਵਿਰੋਧ ’ਚ 15 ਅਕਤੂਬਰ ਨੂੰ ਵੱਖ-ਵੱਖ ਸਮਾਜਿਕ, ਧਾਰਮਿਕ, ਰਾਜਨੀਤਿਕ ਸੰਸਥਾਵਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਪੂਰੇ ਪੰਜਾਬ ’ਚ ਭਰਪੂਰ ਸਮਰਥਨ ਮਿਲਿਆ।
ਇਸ ਕਤਲ ਕਾਂਡ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਦੱਸਿਆ ਕਿ ਇਸ ਘਟਨਾਕ੍ਰਮ ਕਾਰਨ ਪੂਰੇ ਪੰਜਾਬ ਅੰਦਰ ਰੋਸ ਪਾਇਆ ਜਾ ਰਿਹਾ ਹੈ। ਭਾਵੇਂ ਕਿ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਸਮੇਤ ਕੁਝ ਹੋਰ ਦੋਸ਼ੀ ਵੀ ਗ੍ਰਿਫਤਾਰ ਕਰ ਲਏ ਗਏ ਹਨ, ਪਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਭੁੱਚਰ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਹੁਣ ਪੰਜਾਬ ਦਾ ਹਰ ਨੌਜਵਾਨ ਪਰਵਿੰਦਰ ਸਿੰਘ ਝੋਟਾ ਵਾਂਗ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਲਈ ਡੱਟ ਕੇ ਖੜਨ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।