- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ

ਕੈਪਸ਼ਨ : ਮਹਿਲਾ ਕਿਸਾਨ ਦਿਵਸ ਮਨਾਉਣ ਮੌਕੇ ਅਗਾਂਹ ਵਧੂ ਮਹਿਲਾਵਾਂ ਅਤੇ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀ।
* ਅਗਾਂਹਵਧੂ ਔਰਤਾਂ ਤੇ ਵਿਦਿਆਰਥਣਾਂ ਦਾ ਕੀਤਾ ਸਨਮਾਨ
* ਮੁੱਖ ਖੇਤੀਬਾੜੀ ਅਫ਼ਸਰ ਡਾ. ਭੰਗੂ ਦੀ ਅਗਵਾਈ ਹੇਠ ਮਹਿਲਾ ਕਿਸਾਨ ਦਿਵਸ ਮਨਾਇਆ
ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਆਈਟੀਆਈ ਕੱਦ ਗਿੱਲ ਵਿਖੇ ਮਹਿਲਾ ਕਿਸਾਨ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਮਹਿਲਾ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ, ਘਰੇਲੂ ਬਗੀਚੀ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੇ ਉਪਰਾਲਿਆਂ ਨੂੰ ਉਤਸ਼ਾਹਿਤ ਕੀਤਾ ਗਿਆ। ਪ੍ਰੋਗਰਾਮ ਵਿਚ ਖੇਤੀਬਾੜੀ ਵਿਭਾਗ ਤੋਂ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਵਿਕਰਮ ਸੂਦ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਸਰਬਜੀਤ ਸਿੰਘ, ਡਾ. ਜਗਦੀਪ ਕੌਰ ਤੇ ਬਲਾਕ ਟੈਕਨੋਲੋਜੀ ਮੈਨੇਜਰ ਡਾ. ਯਾਦਵਿੰਦਰ ਸਿੰਘ ਨੇ ਸ਼ਿਰਕਤ ਕੀਤੀ।
ਡਾ. ਜਗਦੀਪ ਕੌਰ ਨੇ ਆਤਮਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਹਿਲਾਵਾਂ ਨੂੰ ਆਤਮਾ ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੀਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਮਹਿਲਾਵਾਂ ਨੂੰ ਖੇਤੀਬਾੜੀ ਨਾਲ ਸਬੰਧਿਤ ਸਿਖਲਾਈ ਪ੍ਰੋਗਰਾਮਾਂ ਅਤੇ ਖੇਤੀਬਾੜੀ ਦੇ ਸਹਾਇਕ ਕਿੱਤਿਆਂ ਰਾਹੀਂ ਆਪਣੀ ਆਮਦਨ ਵਧਾਉਣ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਅਗਾਂਹਵਧੂ ਮਹਿਲਾਵਾਂ ਅਤੇ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਵੈ ਸਹਾਇਤਾ ਗਰੁੱਪਾਂ ਦੀਆਂ ਮਹਿਲਾਵਾਂ ਨੂੰ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਅਤੇ ਘਰ ਵਿਚ ਤਾਜ਼ੀਆਂ ਸਬਜ਼ੀਆਂ ਉਗਾਉਣ ਲਈ ਸਬਜ਼ੀਆਂ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਖੇਤੀਬਾੜੀ ਵਿਭਾਗ ਅਤੇ ਆਤਮਾ ਪ੍ਰੋਜੈਕਟ ਵੱਲੋਂ ਮਹਿਲਾਵਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਮੌਕੇ ਅਪਣਾਉਣ, ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਅਤੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਆਰਥਿਕ ਤੌਰ ’ਤੇ ਮਜ਼ਬੂਤ ਬਣਨ ਲਈ ਪ੍ਰੇਰਿਤ ਕੀਤਾ ਗਿਆ।
ਡਾ. ਯਾਦਵਿੰਦਰ ਸਿੰਘ ਨੇ ਦੱਸੀ ਘਰੇਲੂ ਬਗੀਚੀ ਦੀ ਮਹੱਤਤਾ
ਡਾ. ਯਾਦਵਿੰਦਰ ਸਿੰਘ ਨੇ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਔਰਤਾਂ ਨੂੰ ਆਪਣੇ ਘਰਾਂ ਵਿਚ ਖਾਲੀ ਪਈ ਥਾਂ ਦੀ ਵਰਤੋਂ ਕਰਕੇ ਮੌਸਮ ਅਨੁਸਾਰ ਸਬਜ਼ੀਆਂ ਉਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਘਰੇਲੂ ਬਗੀਚੀ ਰਾਹੀਂ ਪਰਿਵਾਰ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਮਿਲ ਸਕਦੀਆਂ ਹਨ ਅਤੇ ਬਾਜ਼ਾਰ ਤੋਂ ਸਬਜ਼ੀਆਂ ਖਰੀਦਣ ’ਤੇ ਹੋਣ ਵਾਲੇ ਖਰਚੇ ਨੂੰ ਵੀ ਘਟਾਇਆ ਜਾ ਸਕਦਾ ਹੈ। ਉਨ੍ਹਾਂ ਨੇ ਮਹਿਲਾਵਾਂ ਨੂੰ ਰਸੋਈ ਦੇ ਜੈਵਿਕ ਕੂੜੇ ਤੋਂ ਖਾਦ ਤਿਆਰ ਕਰਨ ਅਤੇ ਘਰੇਲੂ ਬਗੀਚੀ ਵਿਚ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕੀਤਾ। ਆਈਟੀਆਈ ਕੱਦ ਗਿੱਲ ਦੀ ਪ੍ਰਿੰਸੀਪਲ ਬਲਜੀਤ ਕੌਰ ਨੇ ਸਵੈ ਸਹਾਇਤਾ ਗਰੁੱਪਾਂ ਦੀਆਂ ਮਹਿਲਾਵਾਂ ਅਤੇ ਵਿਦਿਆਰਥਣਾਂ ਨੂੰ ਮਹਿਲਾ ਕਿਸਾਨ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਖੇਤੀਬਾੜੀ ਅਤੇ ਸਮਾਜ ਦੇ ਵਿਕਾਸ ਵਿਚ ਔਰਤਾਂ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਿਆ। ਇਸ ਮੌਕੇ ਨੀਰੂ ਬਾਲਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਆਜੀਵਿਕਾ ਮਿਸ਼ਨ ਤੇ ਸਵੈ ਸਹਾਇਤਾ ਗਰੁੱਪਾਂ ਦੇ ਕੰਮ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ
ਸਵੈ ਸਹਾਇਤਾ ਗਰੁੱਪਾਂ ਦੀਆਂ ਮੁਖੀਆਂ ਅਮਨਦੀਪ ਕੌਰ, ਕੱਦ ਗਿੱਲ ਤੇ ਸੀਮਾ ਕੈਰੋਵਾਲ ਨੇ ਮਹਿਲਾਵਾਂ ਨੂੰ ਆਜੀਵਿਕਾ ਮਿਸ਼ਨ ਅਤੇ ਸਵੈ ਸਹਾਇਤਾ ਗਰੁੱਪਾਂ ਦੇ ਕੰਮ ਕਰਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਵੈ ਸਹਾਇਤਾ ਗਰੁੱਪਾਂ ਰਾਹੀਂ ਮਹਿਲਾਵਾਂ ਇਕੱਠੇ ਹੋ ਕੇ ਛੋਟੇ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ ਅਤੇ ਆਪਣੀ ਆਮਦਨ ਵਿਚ ਵਾਧਾ ਕਰਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਸਕਦੀਆਂ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਜੋ ਕਿ ਅਗਾਂਹ ਵਧੂ ਮਹਿਲਾ ਅਮਨਦੀਪ ਕੌਰ ਦੇ ਪਤੀ ਹਨ, ਉਨ੍ਹਾਂ ਸੈਲਫ ਹੈਲਪ ਗਰੁੱਪਾਂ ਦੀ ਮਹੱਤਤਾ, ਉਤਪਾਦਾਂ ਦੀ ਪੈਕਿੰਗ ਤੇ ਉਨ੍ਹਾਂ ਦੀ ਮਾਰਕੀਟਿੰਗ ਕਰਨ ਦੇ ਗੁਰ ਸੈਲਫ਼ ਹੈਲਪ ਗਰੁੱਪ ਦੀਆਂ ਮਹਿਲਾਵਾਂ ਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ।