ਪੱਟੀ ’ਚ 14 ਆਂਗਣਵਾੜੀ ਹੈਲਪਰਾਂ ਨੂੰ ਜੱਸਾ ਪੱਟੀ ਨੇ ਸੌਂਪੇ ਨਿਯੁਕਤੀ ਪੱਤਰ ਪੱਟੀ ਵਿਚ 14 ਆਂਗਣਵਾੜੀ ਹੈਲਪਰਾਂ ਨੂੰ ਜੱਸਾ ਪੱਟੀ ਨੇ ਸੌਂਪੇ ਨਿਯੁਕਤੀ ਪੱਤਰ
Publish Date: Fri, 16 Oct 2026 07:04 PM (IST)
Updated Date: Sat, 17 Oct 2026 04:03 AM (IST)
ਕੈਪਸ਼ਨ - ਪੱਟੀ ਦੇ ਰੈਸਟ ਹਾਊਸ ਵਿਖੇ ਜੱਸਾ ਪੱਟੀ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ। * ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਦੇਣਾ ਪੰਜਾਬ ਸਰਕਾਰ ਦੀ ਤਰਜੀਹ : ਜੱਸਾ ਪੱਟੀ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੱਸਾ ਪੱਟੀ ਵੱਲੋਂ ਨੌਸ਼ਿਹਰਾ ਬਲਾਕ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਬਿਨ੍ਹਾਂ ਸਿਫ਼ਾਰਸ਼ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਹੈਲਪਰਾਂ ਦੀਆਂ ਨਿਯੁਕਤੀਆਂ ਨਾਲ ਮਹਿਲਾਵਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਣਵਾੜੀ ਕੇਂਦਰਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਮੁੱਢਲੇ ਵਿਕਾਸ ਅਤੇ ਪੋਸ਼ਣ ਦੇ ਨਾਲ-ਨਾਲ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਇਨ੍ਹਾਂ ਕੇਂਦਰਾਂ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਲੋਕਾਂ ਦੀ ਭਲਾਈ ਲਈ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵ-ਨਿਯੁਕਤ ਹੈਲਪਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਆਂਗਣਵਾੜੀ ਸੇਵਾਵਾਂ ਨੂੰ ਬਿਹਤਰ ਬਣਾਉਣ ਵਿਚ ਯੋਗਦਾਨ ਪਾਉਣਗੀਆਂ।