ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਦੇ ਮੁੱਖ ਸੇਵਾਦਾਰ ਦੇ ਘਰ ’ਤੇ ਚਲਾਈਆਂ ਗੋਲੀਆਂ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਦੇ ਮੁੱਖ ਸੇਵਾਦਾਰ ਦੇ ਘਰ ’ਤੇ ਚੱਲੀਆਂ ਗੋਲੀਆਂ
Publish Date: Fri, 16 Oct 2026 07:39 PM (IST)
Updated Date: Sat, 17 Oct 2026 04:04 AM (IST)
ਕੈਪਸ਼ਨ - ਪਿੰਡ ਖੱਖ ਦੇ ਸਾਬਕਾ ਸਰਪੰਚ ਦੇ ਘਰ ਉਪਰ ਹੋਈ ਫਾਇਰੰਗ ਨਾਲ ਟੁੱਟ ਕੇ ਖਿੱਲਰਿਆ ਬਾਲਕੋਨੀ ਦਾ ਸ਼ੀਸ਼ਾ। ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ ਸਾਹਿਬ-ਧੂੰਦਾ ਰੋਡ ’ਤੇ ਸਥਿਤ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਦੇ ਮੁੱਖ ਸੇਵਾਦਾਰ ਤੇ ਪਿੰਡ ਖੱਖ ਦੇ ਸਾਬਕਾ ਸਰਪੰਚ ਗੁਰਮੇਜ ਸਿੰਘ ਉਰਫ਼ ਡੀਸੀ ਦੇ ਘਰ ’ਤੇ ਬੀਤੀ ਰਾਤ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਮੇਜ ਸਿੰਘ ਸਰਪੰਚ ਅਨੁਸਾਰ, ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੇ ਘਰ ਵੱਲ ਤਿੰਨ ਗੋਲੀਆਂ ਚਲਾਈਆਂ, ਜਿਸ ਕਾਰਨ ਬਾਲਕੋਨੀ ਦਾ ਸ਼ੀਸ਼ਾ ਟੁੱਟ ਗਿਆ। ਗਨੀਮਤ ਰਹੀ ਕਿ ਗੋਲੀ ਕਿਸੇ ਨੂੰ ਨਹੀਂ ਲੱਗੀ, ਪਰ ਪਰਿਵਾਰ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਗੁਰਮੇਜ਼ ਸਿੰਘ ਹੋਰਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਇਕ ਵਿਦੇਸ਼ੀ ਨੰਬਰ ਤੋਂ ਫ਼ੋਨ ਕਾਲ ਆਈ ਸੀ, ਜਿਸ ਦੌਰਾਨ ਕਥਿਤ ਤੌਰ ’ਤੇ ਇਕ ਕਰੋੜ ਰੁਪਏ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਉਸ ਸਮੇਂ ਉਨ੍ਹਾਂ ਨੇ ਇਸ ਕਾਲ ਨੂੰ ਗੰਭੀਰਤਾ ਨਾਲ ਨਹੀਂ ਲਿਆ, ਪਰ ਲੰਘੀ ਰਾਤ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੀ ਫਾਇਰਿੰਗ ਨਾਲ ਚਿੰਤਾ ਦਾ ਮਾਹੌਲ ਬਣ ਗਿਆ। ਗੁਰਮੇਜ ਸਿੰਘ ਅਨੁਸਾਰ, ਰਾਤ ਕਰੀਬ ਸਾਢੇ 10 ਵਜੇ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਉਨ੍ਹਾਂ ਦੀ ਅੱਖ ਖੁੱਲ੍ਹੀ। ਇਸ ਤੋਂ ਬਾਅਦ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖਣ ’ਤੇ ਗੋਲੀਬਾਰੀ ਬਾਰੇ ਜਾਣਕਾਰੀ ਮਿਲੀ। ਘਟਨਾ ਤੋਂ ਬਾਅਦ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਆਪਣੇ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਡੀਐੱਸਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅਨੁਸਾਰ, ਸੀਸੀਟੀਵੀ ਫੁਟੇਜ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਕੰਮ ਕਰ ਰਹੀਆਂ ਹਨ।