- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਟੀ ਦੇ ਵਾਸ ਬਾਜ਼ਾਰ ’ਚ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼ ਨਾਕਾਮ

ਪਿਸਤੌਲ ਦਿਖਾ ਕੇ ਦਰਵਾਜ਼ਾ ਖੁਲ੍ਹਵਾਉਣ ਦੀ ਕੋਸ਼ਿਸ਼, ਰੌਲਾ ਪੈਣ ’ਤੇ ਮੁਲਜ਼ਮ ਫ਼ਰਾਰ
ਬੱਲੂ ਮਹਿਤਾ•, ਪੰਜਾਬੀ ਜਾਗਰਣ
ਪੱਟੀ : ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਦੇ ਬਾਵਜੂਦ ਪੱਟੀ ਦੇ ਵਾਸ ਬਾਜ਼ਾਰ ’ਚ ਸ਼ੁੱਕਰਵਾਰ ਦੁਪਹਿਰ ਇਕ ਨੌਜਵਾਨ ਵੱਲੋਂ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਦੁਕਾਨਦਾਰ ਵੱਲੋਂ ਦਰਵਾਜ਼ਾ ਨਾ ਖੋਲ੍ਹਣ ਅਤੇ ਰੌਲਾ ਪਾਉਣ ਕਾਰਨ ਨੌਜਵਾਨ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਦੁਕਾਨਦਾਰ ਤਜਿੰਦਰ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਹ ਪੱਟੀ ਦੇ ਵਾਸ ਬਾਜ਼ਾਰ ਵਿਚ ਸੁਨਿਆਰੇ ਦੀ ਦੁਕਾਨ ਕਰਦਾ ਹੈ। ਸ਼ੁੱਕਰਵਾਰ ਦੁਪਹਿਰ ਕਰੀਬ 3:25 ਵਜੇ ਇਕ ਨੌਜਵਾਨ ਉਸ ਦੀ ਦੁਕਾਨ ਦੇ ਬਾਹਰ ਆਇਆ। ਉਸ ਸਮੇਂ ਦੁਕਾਨ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਨੌਜਵਾਨ ਨੇ ਪਿਸਤੌਲ ਕੱਢ ਕੇ ਉਸ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਪਰ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ।
ਤਜਿੰਦਰ ਸਿੰਘ ਅਨੁਸਾਰ, ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਆਸ-ਪਾਸ ਦੇ ਦੁਕਾਨਦਾਰ ਇਕੱਠੇ ਹੋ ਗਏ। ਲੋਕਾਂ ਨੂੰ ਇਕੱਠੇ ਹੁੰਦੇ ਦੇਖ ਕੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ। ਦੁਕਾਨਦਾਰ ਨੇ ਖ਼ਦਸ਼ਾ ਪ੍ਰਗਟਾਇਆ ਕਿ ਜੇਕਰ ਦਰਵਾਜ਼ਾ ਖੁੱਲ੍ਹਾ ਹੁੰਦਾ ਤਾਂ ਨੌਜਵਾਨ ਉਸ ਦਾ ਨੁਕਸਾਨ ਕਰ ਸਕਦਾ ਸੀ।
-----------
ਬਾਕਸ-
ਸੀਸੀਟੀਵੀ ਫੁਟੇਜ਼ ਖੰਗਾਲ ਰਹੀ ਹੈ ਪੁਲਿਸ
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਪੱਟੀ ਦੇ ਮੁਖੀ ਵਿਪਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਦੁਕਾਨਦਾਰ ਦੇ ਬਿਆਨ ਦਰਜ ਕਰ ਲਏ ਗਏ ਹਨ। ਬਾਜ਼ਾਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਨੌਜਵਾਨ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
--------------
ਬਾਕਸ-
ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ
ਘਟਨਾ ਤੋਂ ਬਾਅਦ ਬਾਜ਼ਾਰ ਦੇ ਦੁਕਾਨਦਾਰਾਂ ’ਚ ਚਿੰਤਾ ਪਾਈ ਜਾ ਰਹੀ ਹੈ। ਇਸ ਮੌਕੇ ਰਮਨ ਸ਼ਰਮਾ ਅਤੇ ਹਰਜਿੰਦਰ ਸਿੰਘ ਪੱਪੂ ਸਰਪੰਚ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੌਜਵਾਨ ਦੀ ਪਛਾਣ ਕਰਕੇ ਉਸ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਬਾਜ਼ਾਰਾਂ ਅੰਦਰ ਪੁਲਿਸ ਗਸ਼ਤ ਵਧਾਈ ਜਾਵੇ, ਤਾਂ ਜੋ ਦੁਕਾਨਦਾਰਾਂ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।