ਸੀਐੱਮ ਦੇ ਅਸਤੀਫ਼ੇ ਤੇ ਡੀਜੀਪੀ ਦੀ ਬਰਖਾਸਤਗੀ ਦੀ ਕੀਤੀ ਮੰਗ ਮੁੱਖ ਮੰਤਰੀ ਦੇ ਅਸਤੀਫ਼ੇ ’ਤੇ ਡੀਜੀਪੀ ਦੀ ਬਰਖਾਸਤਗੀ ਦੀ ਮੰਗ, ਕੇਂਦਰ ਸਰਕਾਰ ਤੋਂ ਠੋਸ ਕਾਰਵਾਈ ਦੀ ਅਪੀਲ
Publish Date: Sun, 18 Oct 2026 07:05 PM (IST)
Updated Date: Sun, 18 Oct 2026 07:06 PM (IST)
ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਸੀਨੀਅਰ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਪੰਜਾਬ ’ਚ ਡਾਵਾਂਡੋਲ ਹੋ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਤੇ ਡੀਜੀਪੀ ਨੂੰ ਬਰਖਾਸਤ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਪੰਜਾਬ ਦੀ ਸੁਰੱਖਿਆ ਦੇ ਮਾਮਲੇ ਵਿਚ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ। ਜਥੇਦਾਰ ਜਹਾਂਗੀਰ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਸਰਹੱਦਾਂ ਦੀ ਰਾਖੀ ’ਚ ਹਮੇਸ਼ਾ ਅਹਿਮ ਯੋਗਦਾਨ ਪਾਇਆ ਹੈ, ਪਰ ਮੌਜੂਦਾ ਸਮੇਂ ਗੈਂਗਸਟਰਾਂ ਦੀਆਂ ਗਤੀਵਿਧੀਆਂ, ਨਸ਼ਿਆਂ ਦੇ ਪਸਾਰ ਅਤੇ ਅਪਰਾਧਿਕ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਰੌਤੀਆਂ ਮੰਗਣ, ਕਾਰੋਬਾਰੀਆਂ ਨੂੰ ਧਮਕੀਆਂ ਦੇਣ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਕਾਰਨ ਆਮ ਲੋਕਾਂ ’ਚ ਡਰ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਪੁਲਿਸ ਮੁਲਾਜ਼ਮਾਂ ਅਤੇ ਨਸ਼ਾ ਤਸਕਰਾਂ ਵਿਚਕਾਰ ਕਥਿਤ ਮਿਲੀ ਭੁਗਤ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਮਾਮਲਿਆਂ ਦੀ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਕਾਨੂੰਨ ਵਿਵਸਥਾ ’ਚ ਭਰੋਸਾ ਕਾਇਮ ਰਹਿ ਸਕੇ। ਜਥੇਦਾਰ ਜਹਾਂਗੀਰ ਨੇ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਿਰਫ਼ ਚਿੰਤਾ ਪ੍ਰਗਟ ਕਰਨਾ ਕਾਫ਼ੀ ਨਹੀਂ ਹੈ। ਕੇਂਦਰ ਸਰਕਾਰ ਨੂੰ ਸੂਬੇ ਦੀ ਸੁਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਮਨ-ਸ਼ਾਂਤੀ ਬਹਾਲ ਕਰਨਾ ਅਤੇ ਮਾੜੇ ਅਨਸਰਾਂ ’ਤੇ ਨਕੇਲ ਕੱਸਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।