7 ਦਸੰਬਰ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਗਾਉਣ ਦਾ ਐਲਾਨ 7 ਦਸੰਬਰ ਤੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਗਾਉਣ ਦਾ ਐਲਾਨ
Publish Date: Mon, 19 Oct 2026 06:16 PM (IST)
Updated Date: Mon, 19 Oct 2026 06:18 PM (IST)
ਮੰਗਾਂ ਪੂਰੀਆਂ ਨਾ ਹੋਣ ’ਤੇ ਹਜ਼ਾਰਾਂ ਟਰੈਕਟਰ-ਟਰਾਲੀਆਂ ਨਾਲ ਚੰਡੀਗੜ੍ਹ ਪਹੁੰਚਣਗੇ ਕਿਸਾਨ : ਮਨਜਿੰਦਰ ਸਿੰਘ ਗੋਹਲਵੜ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਜੋਨ ਬਾਬਾ ਦੀਪ ਸਿੰਘ ਜੀ ਦੀ ਮੀਟਿੰਗ ਸੋਮਵਾਰ ਨੂੰ ਗੁਰਦੁਆਰਾ ਬਾਬਾ ਦਰਵੇਸ਼ ਜੀ, ਪਿੰਡ ਜੌਹਲ ਰਾਜੂ ਸਿੰਘ ਵਿਖ ਹੋਈ। ਮੀਟਿੰਗ ਦੀ ਅਗਵਾਈ ਜੋਨ ਪ੍ਰਧਾਨ ਮਨਜਿੰਦਰ ਸਿੰਘ ਗੋਹਲਵੜ ਨੇ ਕੀਤੀ। ਇਸ ਦੌਰਾਨ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ 7 ਦਸੰਬਰ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕਰਦਿਆਂ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਤੋਂ ਮੁੱਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ 7 ਦਸੰਬਰ ਤਕ ਮੰਗਾਂ ਦਾ ਨਿਪਟਾਰਾ ਕਰੇ, ਨਹੀਂ ਤਾਂ ਕਿਸਾਨਾਂ ਵੱਲੋਂ ਚੰਡੀਗੜ੍ਹ ’ਚ ਪੱਕਾ ਮੋਰਚਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਹਜ਼ਾਰਾਂ ਟਰੈਕਟਰਾਂ ਤੇ ਟਰਾਲੀਆਂ ਦੇ ਕਾਫ਼ਲਿਆਂ ਨਾਲ ਚੰਡੀਗੜ੍ਹ ਪਹੁੰਚ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਕਰਜ਼ਾ ਮੁਆਫ਼ੀ, ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਸਮੇਤ ਸੱਤ ਨੁਕਾਤੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਇਨ੍ਹਾਂ ਦਾ ਸਮਾਂ ਰਹਿੰਦਿਆਂ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸਾਨਾਂ ਨੂੰ ਮੁੜ ਸੰਘਰਸ਼ ਦੇ ਰਾਹ ’ਤੇ ਨਾ ਤੁਰਨਾ ਪਵੇ। ਇਸ ਦੌਰਾਨ ਕਿਸਾਨ ਆਗੂਆਂ ਨੇ ਮਾਨਸਾ ਜ਼ਿਲ੍ਹੇ ਦੇ ਪਰਵਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਇਸ ਦੁੱਖ ਦੀ ਘੜੀ ’ਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਪਰਿਵਾਰ ਨੂੰ ਆਪਣਾ ਪੂਰਨ ਸਮਰਥਨ ਦਿੰਦੀ ਰਹੇਗੀ। ਮੀਟਿੰਗ ਵਿਚ ਜ਼ਿਲ੍ਹਾ ਸਲਾਹਕਾਰ ਹਰਪਾਲ ਸਿੰਘ ਪੰਡੋਰੀ ਸਿੱਧਵਾਂ, ਜੋਨ ਸਕੱਤਰ ਹਰਦੀਪ ਸਿੰਘ ਜੌਹਲ, ਜੋਨ ਮੀਤ ਪ੍ਰਧਾਨ ਅੰਗਰੇਜ਼ ਸਿੰਘ ਦਬੁਰਜ਼ੀ, ਜੋਨ ਖ਼ਜ਼ਾਨਚੀ ਜਸਮੇਰ ਸਿੰਘ ਜੌਹਲ, ਹਰਜਿੰਦਰ ਸਿੰਘ ਪੰਡੋਰੀ ਸਿੱਧਵਾਂ, ਕਿਸਾਨ ਆਗੂ ਬਲਜੀਤ ਸਿੰਘ ਰਟੌਲ, ਜੋਨ ਆਗੂ ਨਵਜੀਤ ਸਿੰਘ ਗੋਹਲਵੜ ਅਤੇ ਜੋਨ ਵਲੰਟੀਅਰ ਸੁਪਰਵਾਈਜ਼ਰ ਦਰਬਾਰਾ ਸਿੰਘ ਗੋਹਲਵੜ ਸਮੇਤ ਜੋਨ ਦੇ ਵੱਖ-ਵੱਖ ਪਿੰਡਾਂ ਦੇ ਪ੍ਰਧਾਨਾਂ ਅਤੇ ਇਕਾਈਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।