ਸੁੱਕਾ ਝੋਨਾ ਹੀ ਮੰਡੀਆਂ ’ਚ ਲੈ ਕੇ ਆਉਣ ਕਿਸਾਨ : ਡੀਸੀ ਸੁੱਕਾ ਝੋਨਾ ਹੀ ਮੰਡੀਆਂ ’ਚ ਲੈ ਕੇ ਆਉਣ ਕਿਸਾਨ - ਡਿਪਟੀ ਕਮਿਸ਼ਨਰਨ
Publish Date: Tue, 20 Oct 2026 06:46 PM (IST)
Updated Date: Tue, 20 Oct 2026 06:48 PM (IST)
ਜ਼ਿਲ੍ਹੇ ’ਚ ਹੁਣ ਤਕ 7,34,032 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 1419.89 ਕਰੋੜ ਰੁਪਏ ਦੀ ਅਦਾਇਗੀ ਬਣਾਈ ਯਕੀਨੀ ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤਕ 7,44,465 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7,34,032 ਮੀਟ੍ਰਿਕ ਟਨ ਖ਼ਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ ਹੁਣ ਤਕ 3,28,859 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,85,726, ਪਨਸਪ ਵੱਲੋਂ 1,20,713, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 93,155 ਅਤੇ ਵਪਾਰੀਆਂ ਵੱਲੋਂ 5,580 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 1419.89 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ’ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤਕ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫ਼ਸਲ ਹੀ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਸਹੂਲਤ ਮਿਲੇਗੀ। ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਿਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਝੋਨੇ ਦੀ ਕਟਾਈ ਸਬੰਧੀ ਨਿਰਧਾਰਤ ਸਮੇਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਂ-ਸਾਰਣੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਹੀ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।