ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 925 ਤੋਂ ਵਧ ਕੇ 927 ਹੋਵੇਗੀ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 925 ਤੋਂ ਵਧ ਕੇ 927 ਹੋਵੇਗੀ
Publish Date: Thu, 22 Oct 2026 08:01 PM (IST)
Updated Date: Thu, 22 Oct 2026 08:03 PM (IST)
- ਵੋਟਰਾਂ ਦੀ ਸਹੂਲਤ ਲਈ ਹਲਕਾ ਪੱਟੀ ’ਚ 2 ਨਵੇਂ ਪੋਲਿੰਗ ਬੂਥਾਂ ਦੀ ਤਜਵੀਜ਼ - ਸਹਾਇਕ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤ ਚੋਣ ਕਮਿਸ਼ਨ ਵੱਲੋਂ ਐੱਸਆਈਆਰ ਮੁਹਿੰਮ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਤਰਨਤਾਰਨ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 925 ਤੋਂ ਵਧਾ ਕੇ 927 ਕਰਨ ਦੀ ਤਜਵੀਜ਼ ਹੈ। ਇਹ ਪ੍ਰਗਟਾਵਾ ਸਹਾਇਕ ਕਮਿਸ਼ਨਰ ਜਨਰਲ ਤਰਨਤਾਰਨ ਸੰਜੀਵ ਸ਼ਰਮਾ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਪ੍ਰਸਤਾਵਿਤ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ ਦੌਰਾਨ ਕੀਤਾ ਅਤੇ ਪ੍ਰਸਤਾਵ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਉਨ੍ਹਾਂ ਤੋਂ ਸੁਝਾਅ ਮੰਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨ ਨਿਯਮਾਂ ਦੀ ਪਾਲਣਾ ਕਰਦਿਆਂ 1,200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਬੂਥਾਂ ਨੂੰ ਜਾਂ ਤਾਂ ਨਵੇਂ ਪੋਲਿੰਗ ਬੂਥ ਸਥਾਪਿਤ ਕਰਕੇ ਜਾਂ ਜਿਥੇ ਸੰਭਵ ਹੋਵੇ, ਉਸੇ ਪੋਲਿੰਗ ਸਟੇਸ਼ਨ ਦੀ ਇਮਾਰਤ ਦੇ ਅੰਦਰ ਹੀ ਵੋਟਰਾਂ ਦੀ ਮੁੜ-ਵੰਡ ਕਰਕੇ ਰੈਸ਼ਨੇਲਾਈਜ਼ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਪੋਲਿੰਗ ਸਟੇਸ਼ਨਾਂ ਦਾ ਬਿਹਤਰ ਪ੍ਰਬੰਧਨ ਯਕੀਨੀ ਬਣਾਉਣਾ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ, 2 ਨਵੇਂ ਪੋਲਿੰਗ ਬੂਥਾਂ ਦੀ ਸਥਾਪਨਾ ਨਾਲ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 925 ਤੋਂ ਵਧ ਕੇ 927 ਹੋਣ ਦੀ ਤਜਵੀਜ਼ ਹੈ। ਇਹ ਤਜਵੀਜ਼ ਅੰਤਿਮ ਪ੍ਰਵਾਨਗੀ ਲਈ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਪੱਟੀ ’ਚ 2 ਨਵੇਂ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਦੀ ਤਜਵੀਜ਼ ਹੈ। ਵਿਧਾਨ ਸਭਾ ਹਲਕਾ ਤਰਨਤਾਰਨ ਅਤੇ ਖਡੂਰ ਸਾਹਿਬ ਵਿਖੇ ਕੁਝ ਬੂਥ ਸ਼ਿਫਟ ਕੀਤੇ ਜਾਣ ਦੀ ਤਜਵੀਜ਼ ਹੈ, ਪ੍ਰੰਤੂ ਇਨ੍ਹਾਂ ਵਿਚ ਵਾਧਾ ਕਰਨ ਦੀ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਖੇਮਕਰਨ ’ਚ ਪੋਲਿੰਗ ਸਟੇਸ਼ਨਾਂ ਦੀ ਮੌਜੂਦਾ ਸਥਿਤੀ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਦੌਰਾਨ ਸਮੂਹ ਨੁਮਾਇੰਦਿਆਂ ਨੇ ਤਜਵੀਜ਼ ਨਾਲ ਸਹਿਮਤੀ ਪ੍ਰਗਟ ਕੀਤੀ। ਸਹਾਇਕ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਤੇ ਲੱਗ ਰਹੇ ਵਿਸ਼ੇਸ਼ ਕੈਂਪਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ’ਚ ਸ਼੍ਰੋਮਣੀ ਅਕਾਲੀ ਦਲ ਤੋਂ ਸੰਜੀਵ ਕੁੰਦਰਾ, ਅਕਾਸ਼ਦੀਪ ਸਿੰਘ ਤੇ ਗੁਰਭੇਜ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਰਕਤ ਸਿੰਘ ਵੋਹਰਾ ਤੇ ਕੰਵਲਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਹਾਜ਼ਰ ਸਨ।