- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਕੰਮਲ ਹੋਣਗੇ ਰੁਕੇ ਵਿਕਾਸ ਕਾਰਜ : ਜੱਸਾ ਪੱਟੀ

ਗਾਂਧੀ ਸੱਥ ਚੌਕ ਤੋਂ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਤਕ ਬਣੀ ਨਵੀਂ ਸੜਕ ਲੋਕ ਅਰਪਣ ਕੀਤੀ
ਬੱਲੂ ਮਹਿਤਾ, •ਪੰਜਾਬੀ ਜਾਗਰਣ
ਪੱਟੀ : ਇਤਿਹਾਸਕ ਨਗਰ ਨੌਲੱਖੀ ਪੱਟੀ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਵਿਧਾਨ ਸਭਾ ਹਲਕਾ ਪੱਟੀ ਅੰਦਰ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਸ਼ਨੀਵਾਰ ਨੂੰ ਗਾਂਧੀ ਸੱਥ ਚੌਕ ਪੱਟੀ ਵਿਖੇ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਤਕ ਬਣਾਈ ਗਈ ਨਵੀਂ ਸੜਕ ਲੋਕ ਅਰਪਣ ਕਰਨ ਮੌਕੇ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਬੱਸ ਅੱਡੇ ਤੋਂ ਲਾਹੌਰ ਰੋਡ ਰੇਲਵੇ ਫਾਟਕ ਤਕ ਬਣ ਰਹੀ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਖ਼ਾਸ ਕਰਕੇ ਗਾਂਧੀ ਸੱਥ ਚੌਕ ਤੋਂ ਗੁਰਦੁਆਰਾ ਬਾਬਾ ਬਿਧੀ ਚੰਦ ਭੱਠ ਸਾਹਿਬ ਤਕ ਸੜਕ ਟੁੱਟੀ ਹੋਣ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਦਿੱਕਤਾਂ ਆਉਂਦੀਆਂ ਸਨ। ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਰਾਹਤ ਮਿਲੇਗੀ ਅਤੇ ਆਵਾਜਾਈ ਵੀ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪੱਟੀ ਸ਼ਹਿਰ ਇਤਿਹਾਸਕ ਮਹੱਤਵ ਰੱਖਦਾ ਹੈ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਸਮੇਂ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਹਰ ਵਾਰਡ ਤੇ ਇਲਾਕੇ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ।
-----------
ਬਾਕਸ-
ਬੱਸ ਅੱਡੇ ਤੋਂ ਲਾਹੌਰ ਰੋਡ ਤਕ ਬਣ ਰਹੀ ਸੜਕ ਦਾ ਲਿਆ ਜਾਇਜ਼ਾ
ਜੱਸਾ ਪੱਟੀ ਨੇ ਕਿਹਾ ਕਿ ਬੱਸ ਅੱਡੇ ਤੋਂ ਲਾਹੌਰ ਰੋਡ ਰੇਲਵੇ ਫਾਟਕ ਤਕ ਬਣਾਈ ਜਾ ਰਹੀ ਸੜਕ ਦਾ ਕੰਮ ਵੀ ਜਲਦੀ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ’ਚ ਸਹੂਲਤ ਮਿਲੇਗੀ ਅਤੇ ਸ਼ਹਿਰ ਦੇ ਆਵਾਜਾਈ ਪ੍ਰਬੰਧ ਵਿਚ ਵੀ ਸੁਧਾਰ ਆਵੇਗਾ।
ਉਨ੍ਹਾਂ ਦੱਸਿਆ ਕਿ ਸੜਕ ਨਿਰਮਾਣ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਬੰਧਿਤ ਠੇਕੇਦਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਨਿਰਧਾਰਤ ਮਾਪਦੰਡਾਂ ਅਨੁਸਾਰ ਵਧੀਆ ਸਮੱਗਰੀ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਸਿਰਫ਼ ਮੁਕੰਮਲ ਕਰਵਾਉਣਾ ਹੀ ਮਕਸਦ ਨਹੀਂ, ਸਗੋਂ ਇਹ ਵੀ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਲੋਕਾਂ ਨੂੰ ਇਨ੍ਹਾਂ ਦਾ ਲੰਮੇ ਸਮੇਂ ਤਕ ਲਾਭ ਮਿਲੇ। ਇਸ ਲਈ ਨਿਰਮਾਣ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਜੱਸਾ ਪੱਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਅਨੁਸਾਰ ਪੱਟੀ ਹਲਕੇ ’ਚ ਸੜਕਾਂ ਸਮੇਤ ਹੋਰ ਲੋੜੀਂਦੇ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ ਅਤੇ ਜਿਹੜੇ ਵਿਕਾਸ ਕਾਰਜ ਕਿਸੇ ਕਾਰਨ ਰੁਕੇ ਹੋਏ ਹਨ, ਉਨ੍ਹਾਂ ਨੂੰ ਮੁੜ ਚਾਲੂ ਕਰਵਾ ਕੇ ਸਮੇਂ ਸਿਰ ਪੂਰਾ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੱਟੀ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਕੰਵਲਪ੍ਰੀਤ ਸਿੰਘ ਗਿੱਲ, ਕੌਂਸਲਰ ਰਾਜਨਪ੍ਰੀਤ ਸਿੰਘ ਸੱਗੂ, ਬਲਾਕ ਪ੍ਰਧਾਨ ਵਿਨੋਦ ਕੁਮਾਰ ਖੰਨਾ, ਕੌਂਸਲਰ ਸੁਖਨਿੰਦਰ ਸਿੰਘ, ਇੰਦਰਜੀਤ ਸਿੰਘ ਲਾਡਾ, ਰਵੀ ਧਾਮੀ, ਪ੍ਰਿੰਸ ਪ੍ਰਭਾਕਰ, ਸੋਹਨ ਲਾਲ, ਰਾਜੀਵ ਗੱਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।