ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਦੇ ਪੁਤਲੇ ਤੇ ਝਾੜੂ ਫੂਕ ਕੇ ਕੀਤੇ ਰੋਸ ਮੁਜ਼ਾਹਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਦੇ ਪੁਤਲੇ ਤੇ ਝਾੜੂ ਫੂਕ ਕੇ ਰੋਸ ਮੁਜ਼ਾਹਰੇ ਕੀਤੇ
Publish Date: Sun, 25 Oct 2026 04:30 PM (IST)
Updated Date: Sun, 25 Oct 2026 04:31 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਜੋਨ ਟਾਂਡਾ ਵੱਲੋਂ ਨਸ਼ਾ ਵਿਰੋਧੀ ਸੰਸਥਾ ਦੇ ਮੁਖੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਵਿਚ ਪੰਜਾਬ ਸਰਕਾਰ ਦੇ ਪੁਤਲੇ ਅਤੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ। ਇਹ ਮੁਜ਼ਾਹਰੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਦੇ ਸੱਦੇ ’ਤੇ 25 ਅਕਤੂਬਰ ਨੂੰ ਕੀਤੇ ਗਏ। ਜੋਨ ਟਾਂਡਾ ’ਚ ਜਵਾਹਰ ਸਿੰਘ ਟਾਂਡਾ, ਲਖਵਿੰਦਰ ਸਿੰਘ ਸੰਗਤਪੁਰ, ਕੁਲਵੰਤ ਸਿੰਘ ਭੈਲ ਅਤੇ ਕੁਲਦੀਪ ਸਿੰਘ ਵੇਂਈਪੂੰਈ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਇਕਾਈ ਪ੍ਰਧਾਨ ਦਵਿੰਦਰ ਸਿੰਘ ਗਿੱਲ ਅਤੇ ਇਕਾਈ ਧੂੰਦਾ ਦੇ ਪ੍ਰਧਾਨ ਭਗਵਾਨ ਸਿੰਘ ਧੂੰਦਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਅਤੇ ਆਮ ਆਦਮੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਫੂਕਿਆ ਗਿਆ। ਇਸ ਮੌਕੇ ਦਵਿੰਦਰ ਸਿੰਘ ਗਿੱਲ ਅਤੇ ਭਗਵਾਨ ਸਿੰਘ ਧੂੰਦਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਦੀ ਸੁਰੱਖਿਆ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ਵੱਲੋਂ ਦਿੱਤੇ ਜਾਣ ਵਾਲੇ ਹਰ ਸੱਦੇ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਮਰਥਨ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤਕ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ। ਇਸ ਰੋਸ ਮੁਜ਼ਾਹਰੇ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਈ ਆਗੂ ਅਤੇ ਵਰਕਰ ਹਾਜ਼ਰ ਸਨ।