ਪਰਵਿੰਦਰ ਝੋਟਾ ਕਤਲਕਾਂਡ ਦੇ ਇਨਸਾਫ਼ ’ਚ ਦੇਰੀ ਵਿਰੁੱਧ ਹਰੀਕੇ ’ਚ ਰੋਸ ਝੋਟਾ ਕਤਲਕਾਂਡ ਦੇ ਇਨਸਾਫ਼ ’ਚ ਦੇਰੀ ਵਿਰੁੱਧ ਹਰੀਕੇ ’ਚ ਰੋਸ
Publish Date: Sun, 25 Oct 2026 04:43 PM (IST)
Updated Date: Sun, 25 Oct 2026 04:46 PM (IST)
- ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਹਰੀਕੇ ਚੌਕ ’ਚ ਫੂਕਿਆ ਝਾੜੂ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਗਵਾਈ ’ਚ ਸਰਕਾਰ ਖ਼ਿਲਾਫ਼ ਜਤਾਇਆ ਰੋਸ ਕਿਰਪਾਲ ਸਿੰਘ ਰੰਧਾਵਾ, •ਪੰਜਾਬੀ ਜਾਗਰਣ ਹਰੀਕੇ ਪੱਤਣ : ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਮਾਮਲੇ ਵਿਚ ਇਨਸਾਫ਼ ’ਚ ਹੋ ਰਹੀ ਦੇਰੀ ਨੂੰ ਲੈ ਕੇ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਸੂਬੇ ਭਰ ’ਚ ਕੀਤੇ ਜਾ ਰਹੇ ਸੰਕੇਤਕ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਹਰੀਕੇ ਪੱਤਣ ਵਿਖੇ ਵੀ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਹਾਜ਼ਰ ਹੋਏ। ਜ਼ੋਨ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਦੇ ਪ੍ਰਧਾਨ ਜੁਗਰਾਜ ਸਿੰਘ ਸਭਰਾ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਹਰੀਕੇ ਚੌਕ ’ਚ ਝਾੜੂ ਫੂਕ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪਰਿਵਾਰ ਅਤੇ ਲੋਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਪਰ ਲੰਮਾ ਸਮਾਂ ਬੀਤਣ ਦੇ ਬਾਵਜੂਦ ਮਾਮਲੇ ਨੂੰ ਲੈ ਕੇ ਲੋਕਾਂ ’ਚ ਬੇਚੈਨੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਤਲ ਮਾਮਲੇ ’ਚ ਪੀੜਤ ਪਰਿਵਾਰ ਨੂੰ ਸਮੇਂ ਸਿਰ ਇਨਸਾਫ਼ ਮਿਲਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਪਰਵਿੰਦਰ ਝੋਟਾ ਮਾਮਲੇ ਪ੍ਰਤੀ ਸਰਕਾਰ ਦੀ ਬੇਰੁਖ਼ੀ ਆਉਣ ਵਾਲੇ ਸਮੇਂ ’ਚ ਸਰਕਾਰ ਨੂੰ ਮਹਿੰਗੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਸੰਕੇਤਕ ਵਿਰੋਧ ਨੂੰ ਸਰਕਾਰ ਲੋਕਾਂ ਦੀ ਚੇਤਾਵਨੀ ਵਜੋਂ ਲਵੇ ਅਤੇ ਮਾਮਲੇ ’ਚ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਕਿਸਾਨ ਆਗੂਆਂ ਸਵਰਨ ਸਿੰਘ ਖਹਿਰਾ, ਪ੍ਰਧਾਨ ਅਵਤਾਰ ਸਿੰਘ ਕਾਲਾ ਅਤੇ ਗੁਰਸੇਵਕ ਸਿੰਘ ਉੱਪਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਜਥੇਬੰਦੀਆਂ ਨੂੰ ਮਜ਼ਬੂਰ ਹੋਣਾ ਪਵੇਗਾ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਨੂੰ ਬੁਲੰਦ ਕੀਤਾ। ਇਸ ਮੌਕੇ ਗੁਰਦੀਪ ਸਿੰਘ, ਜਥੇਦਾਰ ਪਰਵਿੰਦਰ ਸਿੰਘ ਬੁਰਜ਼, ਦੇਵਾ ਸਿੰਘ, ਡਾ. ਮੇਜਰ ਸਿੰਘ, ਪ੍ਰਤਾਪ ਸਿੰਘ, ਪ੍ਰਧਾਨ ਨਿਰਮਲ ਸਿੰਘ ਬੱਬਣ, ਸੋਨੀ ਹਰੀਕੇ, ਬਲਵੰਤ ਸਿੰਘ ਕਿਰਤੋਵਾਲ, ਬਾਬਾ ਬਲਵਿੰਦਰ ਸਿੰਘ, ਸਤਨਾਮ ਸਿੰਘ ਗਿੱਲ, ਸੁਖਵਿੰਦਰ ਸਿੰਘ ਅਤੇ ਹਰਿੰਦਰ ਸਿੰਘ ਆਦਿ ਹਾਜ਼ਰ ਸਨ।