ਖਡੂਰ ਸਾਹਿਬ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਕਿਸਾਨਾਂ ਤੇ ਆੜ੍ਹਤੀਆਂ ਨੇ ਧਰਨਾ ਲਗਾਇਆ ਖਡੂਰ ਸਾਹਿਬ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਕਿਸਾਨਾਂ ਤੇ ਆੜ੍ਹਤੀਆਂ ਨੇ ਧਰਨਾ ਲਗਾਇਆ
Publish Date: Sun, 25 Oct 2026 08:06 PM (IST)
Updated Date: Sun, 25 Oct 2026 08:07 PM (IST)
ਮੁੱਖ ਚੌਕ ’ਚ ਤਿੰਨ ਘੰਟੇ ਆਵਾਜਾਈ ਰੋਕੀ, ਅਧਿਕਾਰੀਆਂ ਦੇ ਭਰੋਸੇ ਮਗਰੋਂ ਧਰਨਾ ਸਮਾਪਤ ਕੀਤਾ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਖਡੂਰ ਸਾਹਿਬ : ਖਡੂਰ ਸਾਹਿਬ ਦੀ ਦਾਣਾ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ’ਚ ਆੜ੍ਹਤੀ ਐਸੋਸੀਏਸ਼ਨ ਵੱਲੋਂ ਕਿਸਾਨ ਸੰਘਰਸ਼ ਕਮੇਟੀ ਦੀ ਹਮਾਇਤ ਨਾਲ ਕਸਬੇ ਦੇ ਮੁੱਖ ਚੌਕ ’ਚ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਲਗਭਗ ਤਿੰਨ ਘੰਟੇ ਆਵਾਜਾਈ ਰੋਕੀ ਅਤੇ ਸਰਕਾਰੀ ਖ਼ਰੀਦ ਜਲਦ ਸ਼ੁਰੂ ਕਰਵਾਉਣ ਦੀ ਮੰਗ ਕੀਤੀ। ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਖ਼ਰੀਦ ਕਰਵਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਕਸੇਲ ਨੇ ਕਿਹਾ ਕਿ ਜ਼ਿਲ੍ਹੇ ’ਚ ਝੋਨੇ ਦੀਆਂ ਲਗਭਗ 43 ਲੱਖ ਬੋਰੀਆਂ ਦੀ ਖ਼ਰੀਦ ਹੋਣੀ ਅਜੇ ਬਾਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਖ਼ਰੀਦ ਪੂਰੀ ਹੋਣ ਦਾ ਹਵਾਲਾ ਦੇ ਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ’ਚ ਪਈ ਫ਼ਸਲ ਦੀ ਸਰਕਾਰੀ ਖ਼ਰੀਦ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਆੜ੍ਹਤੀ ਐਸੋਸੀਏਸ਼ਨ ਖਡੂਰ ਸਾਹਿਬ ਦੇ ਪ੍ਰਧਾਨ ਪ੍ਰੇਮ ਸਿੰਘ ਮੁਗਲਾਣੀ ਤੇ ਪ੍ਰਿਤਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਦੋਂ ਤਕ ਮੰਡੀਆਂ ’ਚ ਪਏ ਝੋਨੇ ਦੀ ਖ਼ਰੀਦ ਮਾਰਕਫੈੱਡ, ਵੇਅਰਹਾਊਸ ਤੇ ਪਨਸਪ ਦੇ ਸਬੰਧਿਤ ਅਧਿਕਾਰੀਆਂ ਰਾਹੀਂ ਨਹੀਂ ਕਰਵਾਈ ਜਾਂਦੀ, ਉਦੋਂ ਤਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ’ਚ ਖੱਜਲ-ਖੁਆਰ ਨਾ ਹੋਣ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਖ਼ਰੀਦ ਵਿਚ ਦੇਰੀ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਦਿਆਲ ਸਿੰਘ ਮੀਆਂਵਿੰਡ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ’ਚ ਹੋ ਰਹੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਡੀਆਂ ’ਚ ਪਏ ਝੋਨੇ ਦੀ ਖ਼ਰੀਦ ਜਲਦ ਨਾ ਕੀਤੀ ਗਈ ਤਾਂ ਸਰਕਾਰ ਵਿਰੁੱਧ ਧਰਨੇ ਅਤੇ ਮੁਜ਼ਾਹਰੇ ਹੋਰ ਤੇਜ਼ ਕੀਤੇ ਜਾਣਗੇ। ਧਰਨੇ ਦੌਰਾਨ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਉਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ। ਧਰਨੇ ਉਪਰੰਤ ਸਥਾਨਕ ਦਾਣਾ ਮੰਡੀ ’ਚ ਵੱਖ-ਵੱਖ ਪਿੰਡਾਂ ਤੋਂ ਝੋਨਾ ਲੈ ਕੇ ਆਏ ਕਈ ਕਿਸਾਨਾਂ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਕੀਤੇ ਜਾਣ ਦੀ ਵੀ ਜਾਣਕਾਰੀ ਮਿਲੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਕਸੇਲ, ਆੜ੍ਹਤੀ ਐਸੋਸੀਏਸ਼ਨ ਖਡੂਰ ਸਾਹਿਬ ਦੇ ਪ੍ਰਧਾਨ ਪ੍ਰੇਮ ਸਿੰਘ ਮੁਗਲਾਣੀ, ਪ੍ਰਿਤਪਾਲ ਸਿੰਘ ਖਹਿਰਾ, ਸਤਨਾਮ ਸਿੰਘ ਆਲਮਪੁਰ, ਕੰਵਲਜੀਤ ਸਿੰਘ ਰਾਜੂ, ਮਨਜਿੰਦਰ ਸਿੰਘ ਪਲਾਸੌਰ, ਨਰਿੰਦਰ ਕੁਮਾਰ ਨਿੰਦੀ, ਹੀਰਾ ਸਿੰਘ ਮੁਗਲਾਣੀ, ਬਲਜਿੰਦਰ ਸਿੰਘ ਮੁਗਲਾਣੀ, ਸ਼ਰਮਾ ਨਾਗੋਕੇ, ਦਿਲਾਵਰ ਸਿੰਘ ਮੁਗਲਾਣੀ ਅਤੇ ਪੰਜਾਬ ਸਿੰਘ ਖਡੂਰ ਸਾਹਿਬ ਸਮੇਤ ਆੜ੍ਹਤੀਏ, ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ’ਚ ਹਾਜ਼ਰ ਸਨ।