‘ਆਪ’ ਸਰਕਾਰ ਨੇ ਹਰ ਵਰਗ ਲਈ ਸਹੂਲਤਾਂ ਦਾ ਕੀਤਾ ਪ੍ਰਬੰਧ: ਵਿਧਾਇਕ ਸੰਧੂ ‘ਆਪ’ ਸਰਕਾਰ ਨੇ ਹਰ ਵਰਗ ਲਈ ਸਹੂਲਤਾਂ ਦਾ ਕੀਤਾ ਪ੍ਰਬੰਧ: ਵਿਧਾਇਕ ਸੰਧੂ
Publish Date: Mon, 26 Oct 2026 05:37 PM (IST)
Updated Date: Mon, 26 Oct 2026 05:40 PM (IST)
ਤਰਨਤਾਰਨ ਹਲਕੇ ਦੇ ਬੁਨਿਆਦੀ ਵਿਕਾਸ ਕਾਰਜਾਂ ਨੂੰ ਵੀ ਦਿੱਤਾ ਜਾ ਰਿਹਾ ਹੈ ਹੁਲਾਰਾ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ, ਮਿਆਰੀ ਸਿੱਖਿਆ, ਬਿਜਲੀ ਸਹੂਲਤਾਂ ਤੇ ਸਮਾਜਿਕ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਇਹ ਪ੍ਰਗਟਾਵਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਨੂੰ ਧਿਆਨ ’ਚ ਰੱਖ ਕੇ ਵੱਖ-ਵੱਖ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਮੌਕੇ ਬਲਾਕ ਸੰਮਤੀ ਤਰਨਤਾਰਨ ਦੇ ਚੇਅਰਮੈਨ ਜੋਧਬੀਰ ਸਿੰਘ, ਸੀਨੀਅਰ ਆਗੂ ਹੈਰੀ ਬੁਰਜ਼ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੇ ਮੁੱਖ ਆਧਾਰ ਹਨ। ਇਸੇ ਸੋਚ ਤਹਿਤ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈਆਂ ਤੇ ਜਾਂਚਾਂ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣਾ ਸਰਕਾਰ ਦੀਆਂ ਤਰਜੀਹਾਂ ’ਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਅਧਿਆਪਨ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਦੇ ਮੌਕੇ ਵਧਣ ਨਾਲ ਬੱਚਿਆਂ ਨੂੰ ਅੱਗੇ ਵਧਣ ਅਤੇ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ’ਚ ਮਦਦ ਮਿਲਦੀ ਹੈ ਵਿਧਾਇਕ ਨੇ ਕਿਹਾ ਕਿ ਬਿਜਲੀ ਦੇ ਖੇਤਰ ’ਚ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਖੇਤੀਬਾੜੀ ਅਤੇ ਸਿੰਜਾਈ ਨਾਲ ਸਬੰਧਿਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਵਿਵਸਥਾ ਵੀ ਲੋਕਾਂ ਨੂੰ ਸਹਾਰਾ ਦੇਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਤਰਨਤਾਰਨ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਤਰਜੀਹ ਹੈ। ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਸਫ਼ਾਈ ਪ੍ਰਬੰਧ ਅਤੇ ਹੋਰ ਜਨਤਕ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇਣ ਦੀ ਲੋੜ ਹੈ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਜੀਵਨ ’ਚ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਤਰਨਤਾਰਨ ਇਕ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲਾ ਇਲਾਕਾ ਹੈ। ਇਸ ਲਈ ਇੱਥੋਂ ਦੇ ਵਿਕਾਸ ਦੇ ਨਾਲ-ਨਾਲ ਸਫ਼ਾਈ, ਆਵਾਜਾਈ ਅਤੇ ਜਨਤਕ ਸਹੂਲਤਾਂ ਵੱਲ ਧਿਆਨ ਦੇਣਾ ਵੀ ਜ਼ਰੂਰੀ ਹੈ। ਹਲਕੇ ਦੇ ਲੋਕਾਂ ਵੱਲੋਂ ਉਠਾਈਆਂ ਜਾਂਦੀਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ’ਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ। ਵਿਧਾਇਕ ਸੰਧੂ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਉਦੋਂ ਪੂਰਾ ਹੁੰਦਾ ਹੈ, ਜਦੋਂ ਇਨ੍ਹਾਂ ਦਾ ਲਾਭ ਲੋੜਵੰਦ ਲੋਕਾਂ ਤਕ ਪਹੁੰਚਦਾ ਹੈ। ਇਸ ਲਈ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਣਕਾਰੀ ਦੇਣਾ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਹਲਕੇ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕੰਮ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਅਨੁਸਾਰ ਸਿਹਤ, ਸਿੱਖਿਆ, ਰੁਜ਼ਗਾਰ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਹੀ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ।