ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ
Publish Date: Tue, 27 Oct 2026 04:42 PM (IST)
Updated Date: Wed, 28 Oct 2026 04:02 AM (IST)
ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ ਖੇਡਾਂ ’ਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਕੀਤਾ ਸਨਮਾਨ ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਵਾਲਮੀਕਿ ਕੇਂਦਰੀ ਮੰਦਰ ਪੱਟੀ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ’ਚ ਵੱਡੀ ਗਿਣਤੀ ਵਿਚ ਵਾਲਮੀਕਿ ਸਮਾਜ ਦੇ ਲੋਕਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਧਾਰਮਿਕ ਆਸਥਾ ਦੇ ਨਾਲ-ਨਾਲ ਸਮਾਜਿਕ ਏਕਤਾ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ, ਆਗੂ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ, ਅਤੇ ਅਮਰੀਕ ਸਿੰਘ ਭੁੱਲਰ ਐੱਮਬੀਏ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੂੰ ਮਹਾਨ ਰਿਸ਼ੀ, ਆਦਿ ਕਵੀ ਅਤੇ ਰਮਾਇਣ ਦੇ ਰਚੇਤਾ ਵਜੋਂ ਸਤਿਕਾਰਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਸੱਚਾਈ, ਨੇਕੀ, ਗਿਆਨ, ਦਇਆ ਅਤੇ ਚੰਗੇ ਆਚਰਨ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਜਾਂਦੇ ਧਾਰਮਿਕ ਸਮਾਗਮ ਸਾਨੂੰ ਆਪਣੇ ਮਹਾਨ ਵਿਰਸੇ ਅਤੇ ਇਤਿਹਾਸ ਨਾਲ ਜੋੜਦੇ ਹਨ। ਅਜਿਹੇ ਸਮਾਗਮਾਂ ਰਾਹੀਂ ਸਮਾਜ ’ਚ ਆਪਸੀ ਸਾਂਝ, ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਮਿਲਦਾ ਹੈ। ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਚਾਨਣ ਮੁਨਾਰਾ ਹਨ ਅਤੇ ਹਰ ਮਨੁੱਖ ਨੂੰ ਸੱਚਾਈ ਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਗਵਾਨ ਵਾਲਮੀਕਿ ਜੀ ਨੇ ਆਪਣੀ ਕਲਮ ਦੀ ਤਾਕਤ ਨਾਲ ਸਮਾਜ ਨੂੰ ਸਹੀ ਦਿਸ਼ਾ ਦੇਣ ਅਤੇ ਜਬਰ-ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ, ਉਸੇ ਤਰ੍ਹਾਂ ਅੱਜ ਵੀ ਸਮਾਜ ਨੂੰ ਬੁਰਾਈਆਂ ਵਿਰੁੱਧ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਨੌਜਵਾਨ ਪੀੜ੍ਹੀ ਨੂੰ ਚੰਗੀ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜ ਕੇ ਹੀ ਸਮਾਜ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ। ਸਮਾਗਮ ਦੌਰਾਨ ਵੱਖ-ਵੱਖ ਖੇਡਾਂ ਦੇ ਖੇਤਰ ’ਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਮੰਦਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਕਦਰ ਕਰਨ ਨਾਲ ਹੋਰਨਾਂ ਬੱਚਿਆਂ ਨੂੰ ਵੀ ਅੱਗੇ ਵਧਣ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਭਜਨ ਗਾਇਕ ਰਾਜਾ ਪੱਟੀ ਨੇ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਭਗਤੀ ਰਸ ਨਾਲ ਜੋੜਿਆ। ਸਮਾਗਮ ’ਚ ਪਹੁੰਚੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਲਈ ਲੰਗਰ ਭੰਡਾਰਾ ਅਟੁੱਟ ਵਰਤਾਇਆ ਗਿਆ। ਧਾਰਮਿਕ ਸਮਾਗਮ ਨੇ ਜਿਥੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਦਿੱਤਾ, ਉਥੇ ਹੀ ਆਪਸੀ ਭਾਈਚਾਰੇ, ਸਮਾਜਿਕ ਏਕਤਾ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਵਿਰੁੱਧ ਇਕਜੁੱਟ ਹੋਣ ਦਾ ਸੁਨੇਹਾ ਵੀ ਦਿੱਤਾ।