ਵਿਦਿਆਰਥੀਆਂ ਨੇ ਸਾਇੰਸ ਸਿਟੀ ’ਚ ਵਿਗਿਆਨਕ ਜਾਣਕਾਰੀ ਹਾਸਲ ਕੀਤੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ’ਚ ਵਿਗਿਆਨਕ ਜਾਣਕਾਰੀ ਹਾਸਿਲ ਕੀਤੀ
Publish Date: Tue, 27 Oct 2026 04:49 PM (IST)
Updated Date: Wed, 28 Oct 2026 04:02 AM (IST)
ਵਿੱਦਿਅਕ ਯਾਤਰਾ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਵਿਹਾਰਕ ਤਜ਼ਰਬੇ ਵੀ ਮਿਲੇ : ਪ੍ਰਿੰਸੀਪਲ ਪਰਵੀਨ ਸ਼ਰਮਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਕੈਂਬਰਿਜ ਇੰਟਰਨੈਸ਼ਨਲ ਸਕੂਲ, ਪੱਟੀ ਵੱਲੋਂ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ, ਉਨ੍ਹਾਂ ਵਿਚ ਵਿਗਿਆਨ ਪ੍ਰਤੀ ਰੁਚੀ ਪੈਦਾ ਕਰਨ ਅਤੇ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਸਾਇੰਸ ਸਿਟੀ ਵਿਖੇ ਵਿੱਦਿਅਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਨਾਲ ਸਬੰਧਿਤ ਵੱਖ-ਵੱਖ ਪ੍ਰਦਰਸ਼ਨੀਆਂ, ਮਾਡਲਾਂ ਅਤੇ ਆਧੁਨਿਕ ਤਕਨੀਕਾਂ ਨੂੰ ਨੇੜਿਓ ਦੇਖਿਆ ਅਤੇ ਨਵੀਆਂ ਜਾਣਕਾਰੀਆਂ ਹਾਸਲ ਕੀਤੀਆਂ। ਵਿੱਦਿਅਕ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵਿਗਿਆਨਕ ਤੱਥਾਂ ਨੂੰ ਸਮਝਣ ਦੇ ਨਾਲ-ਨਾਲ ਵੱਖ-ਵੱਖ ਪ੍ਰਦਰਸ਼ਨੀਆਂ ਰਾਹੀਂ ਵਿਗਿਆਨ ਦੇ ਵਿਹਾਰਕ ਪੱਖਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਆਪਣੀ ਜਗਿਆਸਾ ਅਨੁਸਾਰ ਨਵੀਆਂ ਗੱਲਾਂ ਸਿੱਖੀਆਂ ਅਤੇ ਵਿਗਿਆਨਕ ਸੋਚ ਨੂੰ ਹੋਰ ਵਿਕਸਿਤ ਕਰਨ ਦਾ ਮੌਕਾ ਪ੍ਰਾਪਤ ਕੀਤਾ। ਇਸ ਯਾਤਰਾ ਨੇ ਪੜ੍ਹਾਈ ਨੂੰ ਦਿਲਚਸਪ ਅਤੇ ਗਿਆਨ ਭਰਪੂਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਕਿਤਾਬਾਂ ’ਚ ਪੜ੍ਹੇ ਵਿਸ਼ਿਆਂ ਨੂੰ ਅਮਲੀ ਰੂਪ ’ਚ ਸਮਝਣ ਵਿਚ ਵੀ ਸਹਾਇਤਾ ਕੀਤੀ। ਵਿਦਿਆਰਥੀਆਂ ਨੇ ਇਸ ਯਾਤਰਾ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪਰਵੀਨ ਸ਼ਰਮਾ ਨੇ ਕਿਹਾ ਕਿ ਵਿੱਦਿਅਕ ਯਾਤਰਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੀਆਂ ਯਾਤਰਾਵਾਂ ਰਾਹੀਂ ਵਿਦਿਆਰਥੀਆਂ ਨੂੰ ਕਲਾਸਰੂਮ ਵਿਚ ਪ੍ਰਾਪਤ ਕੀਤੇ ਕਿਤਾਬੀ ਗਿਆਨ ਨੂੰ ਅਸਲ ਜੀਵਨ ਨਾਲ ਜੋੜ ਕੇ ਸਮਝਣ ਦਾ ਮੌਕਾ ਮਿਲਦਾ ਹੈ। ਇਸ ਨਾਲ ਉਨ੍ਹਾਂ ਦੀ ਸੋਚਣ, ਸਮਝਣ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਸਮਰੱਥਾ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨ ਅੱਜ ਦੇ ਆਧੁਨਿਕ ਯੁੱਗ ਦਾ ਅਹਿਮ ਹਿੱਸਾ ਹੈ। ਇਸ ਲਈ ਵਿਦਿਆਰਥੀਆਂ ਨੂੰ ਵਿਗਿਆਨਕ ਤੱਥਾਂ, ਨਵੀਆਂ ਕਾਢਾਂ ਅਤੇ ਤਕਨੀਕੀ ਵਿਕਾਸ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਅਜਿਹੇ ਉਪਰਾਲੇ ਵਿਦਿਆਰਥੀਆਂ ਵਿਚ ਸਵਾਲ ਪੁੱਛਣ, ਤਰਕ ਨਾਲ ਸੋਚਣ ਅਤੇ ਨਵੇਂ ਵਿਚਾਰਾਂ ਨੂੰ ਅਪਣਾਉਣ ਦੀ ਭਾਵਨਾ ਪੈਦਾ ਕਰਦੇ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਲਕੀਅਤ ਸਿੰਘ, ਡਾਇਰੈਕਟਰ ਮਨਮੀਤ ਸਿੰਘ ਅਤੇ ਡਾਇਰੈਕਟਰ ਬਬਨਦੀਪ ਸਿੰਘ ਨੇ ਕਿਹਾ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਗਿਆਨ, ਹੁਨਰ ਅਤੇ ਰਚਨਾਤਮਕ ਸੋਚ ਨੂੰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਸਿੱਖਿਆ ਤਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਜੀਵਨ ’ਚ ਸਫ਼ਲਤਾ ਹਾਸਿਲ ਕਰਨ ਲਈ ਲੋੜੀਂਦੇ ਵਿਹਾਰਕ ਗਿਆਨ ਅਤੇ ਤਜ਼ਰਬਿਆਂ ਨਾਲ ਵੀ ਜੋੜਨਾ ਹੈ। ਉਨ੍ਹਾਂ ਅਨੁਸਾਰ ਅਜਿਹੀਆਂ ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਵਿਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ’ਚ ਸਹਾਇਕ ਸਿੱਧ ਹੁੰਦੀਆਂ ਹਨ। ਸਕੂਲ ਵੱਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਿੱਖਿਆਦਾਇਕ ਉਪਰਾਲੇ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ।