ਸਰਕਾਰ ਦੇ ਵਾਅਦਿਆਂ ਤੇ ਕਾਰਗੁਜ਼ਾਰੀ ’ਚ ਵੱਡਾ ਫ਼ਰਕ : ਬਿੱਲੂ ਸ਼ਹੀਦ ਪੰਜਾਬ ਸਰਕਾਰ ਦੇ ਵਾਅਦਿਆਂ ਤੇ ਕਾਰਗੁਜ਼ਾਰੀ ’ਚ ਵੱਡਾ ਫ਼ਰਕ, ਲੋਕਾਂ ਨੂੰ ਜਵਾਬ ਦੇਵੇ ਸਰਕਾਰ : ਸੁਖਬੀਰ ਸਿੰਘ ਬਿੱਲੂ ਸ਼ਹੀਦ
Publish Date: Tue, 27 Oct 2026 04:51 PM (IST)
Updated Date: Wed, 28 Oct 2026 04:02 AM (IST)
ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸਮੱਸਿਆਵਾਂ ਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ’ਤੇ ਚੁੱਕੇ ਸਵਾਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਸੀਨੀਅਰ ਕਾਂਗਰਸੀ ਆਗੂ ਸੁਖਬੀਰ ਸਿੰਘ ਬਿੱਲੂ ਸ਼ਹੀਦ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਵੀ ਕਈ ਅਹਿਮ ਮਸਲਿਆਂ ਦੇ ਹੱਲ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਦਾ ਪੂਰਾ ਹਿਸਾਬ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਬੇਰੁਜ਼ਗਾਰੀ ਕਾਰਨ ਨੌਜਵਾਨਾਂ ਨੂੰ ਆਪਣੇ ਭਵਿੱਖ ਬਾਰੇ ਚਿੰਤਾ ਕਰਨੀ ਪੈ ਰਹੀ ਹੈ। ਉਨ੍ਹਾਂ ਅਨੁਸਾਰ, ਸਰਕਾਰ ਨੂੰ ਸਿਰਫ਼ ਐਲਾਨ ਕਰਨ ਦੀ ਥਾਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਆਪਣੇ ਸੂਬੇ ’ਚ ਹੀ ਰੋਜ਼ੀ-ਰੋਟੀ ਕਮਾਉਣ ਦੇ ਮੌਕੇ ਦੇਣ ਵੱਲ ਧਿਆਨ ਦੇਣਾ ਚਾਹੀਦਾ ਹੈ। ਬਾਕਸ ਕਿਸਾਨਾਂ, ਵਪਾਰੀਆਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ ਸੁਖਬੀਰ ਸਿੰਘ ਬਿੱਲੂ ਸ਼ਹੀਦ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ’ਚ ਕਿਸਾਨਾਂ ਦਾ ਅਹਿਮ ਯੋਗਦਾਨ ਹੈ। ਪਰ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਖ਼ਰੀਦ, ਚੁਕਾਈ, ਭੁਗਤਾਨ ਅਤੇ ਖੇਤੀ ਲਾਗਤਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਦੇ ਮੁੜ ਵਸੇਬੇ ਅਤੇ ਰੁਜ਼ਗਾਰ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ, ਔਰਤਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਜਾਨ-ਮਾਲ ਦੀ ਰਾਖੀ ਨੂੰ ਸਰਕਾਰ ਵੱਲੋਂ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਮਹਿੰਗਾਈ, ਮੁੱਢਲੀਆਂ ਸਹੂਲਤਾਂ, ਸਿਹਤ ਸੇਵਾਵਾਂ ਅਤੇ ਵਿਕਾਸ ਕਾਰਜਾਂ ਨਾਲ ਜੁੜੀਆਂ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਆਪਣੇ ਕੰਮ ਕਰਵਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ ਅਤੇ ਸ਼ਹਿਰਾਂ ਤੇ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮਸਲਿਆਂ ਨੂੰ ਉਠਾਉਂਦੀ ਰਹੇਗੀ ਅਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰੇਗੀ। ਉਨ੍ਹਾਂ ਅਨੁਸਾਰ, ਪੰਜਾਬ ਦੇ ਲੋਕਾਂ ਨੂੰ ਸਿਆਸੀ ਦਾਅਵਿਆਂ ਦੀ ਥਾਂ ਅਜਿਹੇ ਕੰਮ ਚਾਹੀਦੇ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਤਕ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਬਲਜੀਤ ਸਿੰਘ ਕੁੱਕੂ ਸ਼ਹੀਦ ਵੀ ਹਾਜ਼ਰ ਸਨ।