ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਲੋਕਾਂ ’ਚ ਭਾਰੀ ਰੋਸ : ਸੰਧੂ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਲੋਕਾਂ ’ਚ ਭਾਰੀ ਰੋਸ : ਗੁਰਮਹਾਂਵੀਰ ਸਿੰਘ ਸੰਧੂ
Publish Date: Tue, 27 Oct 2026 04:52 PM (IST)
Updated Date: Wed, 28 Oct 2026 04:02 AM (IST)
ਸੇਵਾਦਾਰ ਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ ਨੇ ਪੰਜਾਬ ਸਰਕਾਰ ’ਤੇ ਲੋਕ ਵਿਰੋਧੀ ਨੀਤੀਆਂ ਅਪਣਾਉਣ ਦੇ ਲਾਏ ਦੋਸ਼ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ ਦੇ ਸੇਵਾਦਾਰ ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਜੇ ਤਕ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਪੰਜਾਬ ਦੇ ਲੋਕਾਂ ’ਚ ਨਿਰਾਸ਼ਾ ਅਤੇ ਰੋਸ ਵਧਦਾ ਜਾ ਰਿਹਾ ਹੈ। ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਦਕਿ ਲੁੱਟਾਂ-ਖੋਹਾਂ, ਨਸ਼ੇ ਅਤੇ ਗੈਰਕਾਨੂੰਨੀ ਗਤੀਵਿਧੀਆਂ ’ਤੇ ਕਾਬੂ ਪਾਉਣ ਵਿਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਵਰਗ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੱਢਣ ’ਚ ਅਸਫਲ ਰਹੀ ਹੈ। ਕਿਸਾਨਾਂ ਨੂੰ ਫ਼ਸਲਾਂ ਦੀ ਸਹੀ ਕੀਮਤ ਨਹੀਂ ਮਿਲ ਰਹੀ, ਮਜ਼ਦੂਰਾਂ ਲਈ ਰੁਜ਼ਗਾਰ ਦੇ ਮੌਕੇ ਘਟ ਰਹੇ ਹਨ ਅਤੇ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ ਜਾਣ ਲਈ ਮਜ਼ਬੂਰ ਹਨ। ਸੰਧੂ ਸਰਹਾਲੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਦੀ ਹਾਲਤ ’ਚ ਸੁਧਾਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਕਈ ਥਾਵਾਂ ’ਤੇ ਬੁਨਿਆਦੀ ਸਹੂਲਤਾਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਵਰਗੇ ਮਹੱਤਵਪੂਰਨ ਖੇਤਰਾਂ ਨੂੰ ਰਾਜਨੀਤਿਕ ਪ੍ਰਚਾਰ ਦਾ ਸਾਧਨ ਬਣਾਉਣ ਦੀ ਬਜਾਏ ਸਰਕਾਰ ਨੂੰ ਇਨ੍ਹਾਂ ’ਚ ਪੱਕੇ ਸੁਧਾਰ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਸਰਕਾਰ ਨੂੰ ਵਿੱਤੀ ਪ੍ਰਬੰਧਨ ਬਾਰੇ ਲੋਕਾਂ ਸਾਹਮਣੇ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦਿਆਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਬਪੱਖੀ ਨੀਤੀ ਬਣਾਏ। ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਵਾਰਿਸ ਪੰਜਾਬ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਲੋਕ ਮਸਲਿਆਂ ਵੱਲ ਤੁਰੰਤ ਧਿਆਨ ਨਾ ਦਿੱਤਾ, ਤਾਂ ਜਥੇਬੰਦੀ ਵੱਲੋਂ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।