ਹਰ ਐਤਵਾਰ ਪੱਟੀ ’ਚ ਹੋਣਗੇ ਕੁਸ਼ਤੀ ਤੇ ਕਬੱਡੀ ਦੇ ਮੁਕਾਬਲੇ : ਜੱਸਾ ਪੱਟੀ ਜੱਸਾ ਪੱਟੀ ਦਾ ਵੱਡਾ ਐਲਾਨ, ਹਰ ਐਤਵਾਰ ਹਲਕਾ ਪੱਟੀ ’ਚ ਹੋਣਗੇ ਕੁਸ਼ਤੀ ਤੇ ਕਬੱਡੀ ਦੇ ਮੁਕਾਬਲੇ
Publish Date: Tue, 27 Oct 2026 04:57 PM (IST)
Updated Date: Wed, 28 Oct 2026 04:02 AM (IST)
ਕਿਹਾ- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਮੁੱਖ ਉਦੇਸ਼ ਪਿੰਡ ਨੌਸ਼ਹਿਰਾ ਪੰਨੂਆਂ ਤੋਂ ਮੁਹਿੰਮ ਦੀ ਸ਼ੁਰੂਆਤ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲਾ ਬੱਲੂ ਮਹਿਤਾ, •ਪੰਜਾਬੀ ਜਾਗਰਣ, ਪੱਟੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ, ਨੌਜਵਾਨਾਂ ’ਚ ਖੇਡ ਭਾਵਨਾ ਪੈਦਾ ਕਰਨ ਅਤੇ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਸੰਭਾਲਣ ਦੇ ਉਦੇਸ਼ ਨਾਲ ਹਲਕਾ ਪੱਟੀ ਦੇ ਇੰਚਾਰਜ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਨੇ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਪੱਟੀ ’ਚ ਹਰ ਐਤਵਾਰ ਕੁਸ਼ਤੀ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਢੁੱਕਵਾਂ ਮੰਚ ਮਿਲ ਸਕੇ। ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਨੌਸ਼ਹਿਰਾ ਪੰਨੂਆਂ ਤੋਂ ਕੀਤੀ ਗਈ ਹੈ। ਜੱਸਾ ਪੱਟੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਕੁਸ਼ਤੀ ਅਤੇ ਕਬੱਡੀ ਵਰਗੀਆਂ ਰਵਾਇਤੀ ਖੇਡਾਂ ’ਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀ ਪੈਦਾ ਕੀਤੇ ਹਨ। ਇਨ੍ਹਾਂ ਖੇਡਾਂ ਦਾ ਪੰਜਾਬ ਦੇ ਸੱਭਿਆਚਾਰ ਅਤੇ ਪੇਂਡੂ ਜੀਵਨ ਨਾਲ ਗੂੜ੍ਹਾ ਸਬੰਧ ਹੈ। ਅਜੋਕੇ ਸਮੇਂ ’ਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ ਅਤੇ ਮਿਲਵਰਤਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਜਦੋਂ ਨੌਜਵਾਨ ਖੇਡ ਮੈਦਾਨਾਂ ’ਚ ਸਮਾਂ ਬਿਤਾਉਂਦੇ ਹਨ ਅਤੇ ਆਪਣੀ ਸਿਹਤ ਵੱਲ ਧਿਆਨ ਦਿੰਦੇ ਹਨ, ਤਾਂ ਉਹ ਜੀਵਨ ’ਚ ਅੱਗੇ ਵਧਣ ਲਈ ਵਧੇਰੇ ਉਤਸ਼ਾਹਿਤ ਹੁੰਦੇ ਹਨ। ਇਸੇ ਸੋਚ ਤਹਿਤ ਹਲਕਾ ਪੱਟੀ ’ਚ ਹਰ ਐਤਵਾਰ ਕੁਸ਼ਤੀ ਅਤੇ ਕਬੱਡੀ ਦੇ ਮੁਕਾਬਲੇ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ, ਤਾਂ ਜੋ ਪਿੰਡਾਂ ਦੇ ਖਿਡਾਰੀਆਂ ਨੂੰ ਆਪਣੀ ਕਲਾ ਦਿਖਾਉਣ ਅਤੇ ਅੱਗੇ ਵਧਣ ਦੇ ਮੌਕੇ ਮਿਲ ਸਕਣ। ਜੱਸਾ ਪੱਟੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ, ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੀ ਰੁਚੀ ਵਧਾਉਣਾ ਹੈ। ਉਨ੍ਹਾਂ ਅਨੁਸਾਰ ਖੇਡਾਂ ਨਾਲ ਜੁੜਿਆ ਨੌਜਵਾਨ ਆਪਣੇ ਭਵਿੱਖ ਪ੍ਰਤੀ ਵਧੇਰੇ ਜਾਗਰੂਕ ਹੁੰਦਾ ਹੈ ਅਤੇ ਸਮਾਜ ਦੀ ਤਰੱਕੀ ’ਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁਸ਼ਤੀ ਅਤੇ ਕਬੱਡੀ ਸਿਰਫ਼ ਖੇਡਾਂ ਹੀ ਨਹੀਂ, ਸਗੋਂ ਪੰਜਾਬ ਦੀ ਪਛਾਣ ਅਤੇ ਵਿਰਾਸਤ ਦਾ ਅਹਿਮ ਹਿੱਸਾ ਹਨ। ਇਨ੍ਹਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਪਿੰਡਾਂ ਦੇ ਖੇਡ ਮੈਦਾਨਾਂ ’ਚ ਮੁੜ ਰੌਣਕਾਂ ਵਧਣਗੀਆਂ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੁੜਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਉਭਰ ਰਹੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਵੱਡੇ ਪੱਧਰ ’ਤੇ ਖੇਡਣ ਲਈ ਪ੍ਰੇਰਨਾ ਮਿਲੇਗੀ। ਜੱਸਾ ਪੱਟੀ ਨੇ ਨੌਜਵਾਨਾਂ, ਖੇਡ ਕਲੱਬਾਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਇਸ ਮੁਹਿੰਮ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ’ਚ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਮਾਪਿਆਂ, ਅਧਿਆਪਕਾਂ, ਖੇਡ ਪ੍ਰੇਮੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦਾ ਸੁਨੇਹਾ ਹੈ ਕਿ ਆਓ, ਨਸ਼ਿਆਂ ਨੂੰ ਤਿਆਗ ਕੇ ਖੇਡਾਂ ਨਾਲ ਜੁੜੀਏ, ਪੰਜਾਬ ਦੀ ਖੇਡ ਵਿਰਾਸਤ ਨੂੰ ਸੰਭਾਲੀਏ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਈਏ। ‘ਖੇਡੇਗਾ ਪੰਜਾਬ, ਜਿੱਤੇਗਾ ਪੰਜਾਬ’ ਦੇ ਨਾਅਰੇ ਨਾਲ ਸ਼ੁਰੂ ਕੀਤੀ ਇਹ ਮੁਹਿੰਮ ਹਲਕਾ ਪੱਟੀ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵੱਲ ਇਕ ਅਹਿਮ ਉਪਰਾਲਾ ਹੈ।