ਇਨ-ਸੀਟੂ ਤੇ ਐਕਸ-ਸੀਟੂ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਕਰਨ ਕਿਸਾਨ ਅੱਗ ਲਗਾਉਣ ਦੀ ਬਜਾਏ ਇਨ-ਸੀਟੂ ਅਤੇ ਐਕਸ-ਸੀਟੂ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਕਰਨ ਕਿਸਾਨ - ਮੁੱਖ ਖੇਤੀਬਾੜੀ ਅਫ਼ਸਰ
Publish Date: Tue, 27 Oct 2026 05:11 PM (IST)
Updated Date: Wed, 28 Oct 2026 04:02 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਖੇਤੀਬਾੜੀ ਅਫ਼ਸਰ, ਤਰਨਤਾਰਨ ਡਾ. ਤੇਜਬੀਰ ਸਿੰਘ ਭੰਗੂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਗੰਭੀਰ ਰੂਪ ’ਚ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਫ਼ਸਲ ਲਈ ਲਾਹੇਵੰਦ ਮਿੱਤਰ ਕੀੜੇ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਮਿਸ਼ਨ ਆਫ ਏਅਰ ਕੁਆਲਿਟੀ ਮੈਨੇਜ਼ਮੈਂਟ ਅਤੇ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਵੱਲੋਂ ਦਿੱਤੇ ਗਏ ਸਖ਼ਤ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵੱਲੋਂ ਉਲੰਘਣਾ ਕਰਨ ਵਾਲਿਆਂ ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਅੰਦਰ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਅਤੇ ਸੈਟੇਲਾਈਟ ਰਾਹੀਂ ਵੀ ਪਰਾਲੀ ਸਾੜਣ ਵਾਲੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਫੜਿਆ ਗਿਆ, ਤਾਂ ਉਸ ਵਿਰੁੱਧ ਐੱਫਆਈਆਰ ਦਰਜ ਕੀਤੀ ਜਾਵੇਗੀ, ਮੌਕੇ ਤੇ ਹੀ ਚਲਾਨ ਕੱਟੇ ਜਾਣਗੇ ਅਤੇ ਜ਼ਮੀਨ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਵੀ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ, ਤਰਨਤਾਰਨ ਨੇ ਕਿਸਾਨਾਂ ਨੂੰ ਅੱਗ ਲਗਾਉਣ ਦੀ ਬਜਾਏ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਇਨ-ਸੀਟੂ ਤਕਨੀਕਾਂ ਤਹਿਤ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਮਲਚਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਦੇ ਅੰਦਰ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਐਕਸ-ਸੀਟੂ ਤਕਨੀਕਾਂ ਰਾਹੀਂ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਆਉਣ ਵਾਲੀ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ।