ਵਿਸ਼ੇਸ਼ ਨਾਕਾਬੰਦੀ ਦੌਰਾਨ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਚਲਾਨ ਕੱਟੇ ਮਾਝਾ ਮਾਲਵਾ ਸੜਕ ਪੁਲ ਕੋਟ ਬੁੱਢਾ ’ਤੇ ਪੁਲਿਸ ਦੀ ਵਿਸ਼ੇਸ਼ ਨਾਕਾਬੰਦੀ, ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਚਲਾਨ ਕੱਟੇ
Publish Date: Tue, 27 Oct 2026 06:17 PM (IST)
Updated Date: Wed, 28 Oct 2026 04:04 AM (IST)
ਪੁਲਿਸ ਅਧਿਕਾਰੀਆਂ ਦੇ ਹੁਕਮਾਂ ’ਤੇ ਚਲਾਇਆ ਜਾਂਚ ਅਭਿਆਨ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਸਤਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ, ਘਰਿਆਲਾ ਥਾਣਾ ਸਦਰ ਪੱਟੀ ਦੀ ਪੁਲਿਸ ਵੱਲੋਂ ਪੁਲਿਸ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਪਿੰਡ ਕੋਟ ਬੁੱਢਾ ਦੇ ਪ੍ਰਵੇਸ਼ ਦੁਆਰ ’ਤੇ ਸਥਿਤ ਮਾਝਾ ਮਾਲਵਾ ਸੜਕ ਪੁਲ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮ ਵੱਲੋਂ ਸੜਕ ਤੋਂ ਲੰਘਣ ਵਾਲੇ ਦੋ ਪਹੀਆ ਵਾਹਨਾਂ ਸਮੇਤ ਹੋਰ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ-ਪੜਤਾਲ ਕੀਤੀ ਗਈ। ਜਾਂਚ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਦੇ ਕਾਗਜ਼ਾਤ ਅਧੂਰੇ ਪਾਏ ਗਏ, ਉਨ੍ਹਾਂ ਦੇ ਚਲਾਨ ਕੱਟੇ ਗਏ। ਇਸ ਵਿਸ਼ੇਸ਼ ਜਾਂਚ ਅਭਿਆਨ ਦੌਰਾਨ ਏਐੱਸਆਈ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੁਸਤੈਦੀ ਨਾਲ ਵਾਹਨਾਂ ਦੀ ਜਾਂਚ ਕੀਤੀ। ਪੁਲਿਸ ਮੁਲਾਜ਼ਮਾਂ ਵੱਲੋਂ ਵਾਹਨ ਚਾਲਕਾਂ ਦੇ ਡਰਾਈਵਿੰਗ ਲਾਇਸੈਂਸ, ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਗਈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ। ਪੁਲਿਸ ਦੀ ਇਸ ਕਾਰਵਾਈ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਾ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣਾ ਅਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣਾ ਹੈ। ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਸਾਰੇ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼ ਹਮੇਸ਼ਾ ਮੁਕੰਮਲ ਰੱਖਣ। ਇਸ ਮੌਕੇ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਆਦੇਸ਼ਾਂ ’ਤੇ ਸਮੇਂ-ਸਮੇਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਂਦੀ ਹੈ। ਉਨ੍ਹਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ। ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਭਵਿੱਖ ’ਚ ਵੀ ਅਜਿਹੇ ਜਾਂਚ ਅਭਿਆਨ ਜਾਰੀ ਰੱਖੇ ਜਾਣਗੇ। ਇਸ ਮੌਕੇ ਬਲਜੀਤ ਕੌਰ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ ਅਤੇ ਮਲਕੀਤ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।