ਪ੍ਰਿੰਸੀਪਲਾਂ ਸਮੇਤ ਹੋਰਨਾਂ ਕਾਡਰਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ: ਡੀਟੀਐੱਫ ਪ੍ਰਿੰਸੀਪਲਾਂ ਸਮੇਤ ਹੋਰਨਾਂ ਕਾਡਰਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ: ਡੀਟੀਐੱਫ
Publish Date: Tue, 27 Oct 2026 06:20 PM (IST)
Updated Date: Wed, 28 Oct 2026 04:04 AM (IST)
ਰਾਜਨ ਚੋਪੜਾ, •ਪੰਜਾਬੀ ਜਾਗਰਣ, ਭਿੱਖੀਵਿੰਡ ਡੈਮੋਕ੍ਰੈਟਿਕ ਟੀਚਰਜ਼ ਫਰੰਟ ਤਰਨਤਾਰਨ ਨੇ ਸੂਬੇ ਦੇ ਸਕੂਲਾਂ ਵਿਚ ਪ੍ਰਿੰਸੀਪਲਾਂ ਸਮੇਤ ਹੋਰਨਾਂ ਕਾਡਰਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹੋਣ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਥਿਤੀ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦੀ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਠੱਠਗੜ੍ਹ, ਸੀਨੀਅਰ ਮੀਤ ਪ੍ਰਧਾਨ ਕੰਵਰਦੀਪ ਸਿੰਘ ਢਿੱਲੋਂ, ਜਨਰਲ ਸਕੱਤਰ ਅਮਰਦੀਪ ਅਤੇ ਕਿਰਤੀ ਕਿਸਾਨ ਯੂਨੀਅਨ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੇ ਸੈਕੰਡਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਕੁੱਲ 1 ਹਜ਼ਾਰ 927 ਅਸਾਮੀਆਂ ਵਿੱਚੋਂ 1 ਹਜ਼ਾਰ 153 ਖਾਲੀ ਪਈਆਂ ਹਨ, ਜੋ ਲਗਭਗ 60 ਫ਼ੀਸਦੀ ਬਣਦੀਆਂ ਹਨ। ਆਗੂਆਂ ਨੇ ਕਿਹਾ ਕਿ ਮਾਨਸਾ ਅਤੇ ਨਵਾਂ ਸ਼ਹਿਰ ਜ਼ਿਲ੍ਹਿਆਂ ’ਚ 80 ਫ਼ੀਸਦੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਹਨ, ਜਦਕਿ ਮੋਗਾ, ਬਰਨਾਲਾ ਅਤੇ ਤਰਨਤਾਰਨ ਵਿਚ 75 ਫ਼ੀਸਦੀ ਤੋਂ ਵੱਧ ਸਕੂਲ ਪ੍ਰਿੰਸੀਪਲਾਂ ਤੋਂ ਬਿਨ੍ਹਾਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਕਈ ਵਾਰ ਡੀਐੱਸਈ ਦਫ਼ਤਰ ਪਹੁੰਚ ਕੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰਨ ਦੀ ਮੰਗ ਕੀਤੀ ਗਈ ਹੈ, ਪਰ ਵਿਭਾਗ ਵੱਲੋਂ ਇਸ ਸਬੰਧੀ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਵਿੱਤ ਸਕੱਤਰ ਭੁਪਿੰਦਰ ਸਿੰਘ ਨਾਗੀ, ਮੀਤ ਪ੍ਰਧਾਨ ਸਰਬਜੀਤ ਸਿੰਘ, ਪ੍ਰੈੱਸ ਸਕੱਤਰ ਗੁਰਬੀਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਸਮੇਤ ਸਾਰੇ ਕਾਡਰਾਂ ਦੀਆਂ ਤਰੱਕੀਆਂ ਅਤੇ ਨਵੀਂ ਭਰਤੀ ਦੀ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਸਕੂਲਾਂ ’ਚ ਮੁਲਾਜ਼ਮਾਂ ਦੀ ਘਾਟ ਦੂਰ ਕਰਕੇ ਪ੍ਰਬੰਧਕੀ ਕੰਮਕਾਜ ਅਤੇ ਸਿੱਖਿਆ ਪ੍ਰਬੰਧ ਨੂੰ ਸੁਚਾਰੂ ਬਣਾਇਆ ਜਾ ਸਕੇ।