ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ, ਕਿਸਾਨ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ: ਐੱਸਡੀਐੱਮ ਪੱਟੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ, ਕਿਸਾਨ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ: ਐੱਸਡੀਐੱਮ ਪੱਟੀ
Publish Date: Thu, 29 Oct 2026 05:03 PM (IST)
Updated Date: Thu, 29 Oct 2026 05:04 PM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਪਰਾਲੀ ਪ੍ਰਬੰਧਨ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਐੱਸਡੀਐੱਮ ਪੱਟੀ ਅਮਨਦੀਪ ਵੱਲੋਂ ਪਿੰਡ ਸਭਰਾਂ, ਡੂਮਣੀਵਾਲਾ, ਸੀਤੋ ਮਹਿ ਝੁੱਗੀਆਂ, ਕੋਟ ਨੌ ਆਬਾਦ, ਕੋਟ ਬੁੱਢਾ ਅਤੇ ਬਰਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਕਰਨ ਅਤੇ ਇਸ ਨੂੰ ਅੱਗ ਲਗਾਉਣ ਦੀ ਬਜਾਏ ਗੱਠਾਂ ਬਣਵਾ ਕੇ ਖੇਤਾਂ ਵਿੱਚੋਂ ਬਾਹਰ ਕੱਢਣ ਜਾਂ ਖੇਤ ਵਿਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ਦੇ ਨਾਲ-ਨਾਲ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਦਿਆਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਦੀ ਸੰਭਾਲ ’ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਜਾਣੂੰ ਕਰਵਾਇਆ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ’ਚ ਸਰਕਾਰ ਵੱਲੋਂ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਲਈ ਕਿਸਾਨ ਅਜਿਹੀ ਕਾਰਵਾਈ ਤੋਂ ਗੁਰੇਜ਼ ਕਰਨ ਅਤੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ, ਬੀਡੀਪੀਓ ਪੱਟੀ ਰਵਿੰਦਰ ਸਿੰਘ, ਐੱਸਡੀਐੱਮ ਦਫ਼ਤਰ ਤੋਂ ਅਵਤਾਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।