ਤਰਨਤਾਰਨ ਦੇ ਕੰਪਿਊਟਰ ਅਧਿਆਪਕਾਂ ਨੇ ਸੰਗਰੂਰ ਦੀਆਂ ਸੜਕਾਂ ’ਤੇ ਮਨਾਇਆ ਸੰਘਰਸ਼ੀ ਕਰਵਾਚੌਥ ਤਰਨਤਾਰਨ ਦੇ ਕੰਪਿਊਟਰ ਅਧਿਆਪਕਾਂ ਨੇ ਸੰਗਰੂਰ ਦੀਆਂ ਸੜਕਾਂ ’ਤੇ ਮਨਾਇਆ ਸੰਘਰਸ਼ੀ ਕਰਵਾ ਚੌਥ
Publish Date: Thu, 29 Oct 2026 06:45 PM (IST)
Updated Date: Thu, 29 Oct 2026 06:46 PM (IST)
ਸਰਕਾਰ ਖ਼ਿਲਾਫ਼ ਕੱਢਿਆ ਪੋਲ-ਖੋਲ੍ਹ ਰੋਸ ਮਾਰਚ, ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਮੰਗਾਂ ਦਾ ਹੱਲ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਤਰਨਤਾਰਨ ਵੱਲੋਂ ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਚੱਲ ਰਹੇ ਪੱਕੇ ਮੋਰਚੇ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਗਈ। ਮੋਰਚੇ ਦੇ 40ਵੇਂ ਦਿਨ ਕੰਪਿਊਟਰ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਪੋਲ-ਖੋਲ੍ਹ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਗਰੂਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਮਾਰਚ ਕੱਢ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ’ਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਨੇ ਕਿਹਾ ਕਿ 15 ਸਤੰਬਰ 2022 ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਅਤੇ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਦੇ ਲਾਭ ਦੇਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਐਲਾਨ ਤੋਂ ਬਾਅਦ ਚਾਰ ਦੀਵਾਲੀਆਂ ਬੀਤ ਚੁੱਕੀਆਂ ਹਨ, ਪਰ ਅਧਿਆਪਕਾਂ ਨੂੰ ਅਜੇ ਤਕ ਇਨ੍ਹਾਂ ਲਾਭਾਂ ਸਬੰਧੀ ਕੋਈ ਠੋਸ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਵੀਂ ਦੀਵਾਲੀ ਵੀ ਨੇੜੇ ਆ ਰਹੀ ਹੈ, ਪਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਆਗੂ ਪਰਵਿੰਦਰ ਸਿੰਘ ਮੁੰਡਾ ਪਿੰਡ ਨੇ ਕਿਹਾ ਕਿ ਕਈ ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖ਼ਸਤ ਹੋ ਚੁੱਕੇ ਹਨ, ਪਰ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਨਾ ਤਾਂ ਕੋਈ ਵਿੱਤੀ ਸਹਾਇਤਾ ਦਿੱਤੀ ਗਈ ਹੈ ਅਤੇ ਨਾ ਹੀ ਯੋਗ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਸਬੰਧੀ ਕੋਈ ਠੋਸ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਰਿਵਾਰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹਨ। ਸਰਕਾਰ ਦੇ ਵਾਅਦਿਆਂ ਤੋਂ ਨਿਰਾਸ਼ ਹੋ ਕੇ ਅਧਿਆਪਕਾਂ ਨੂੰ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੌਕੇ ਆਗੂ ਹਰਜਿੰਦਰ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਵਾਰ-ਵਾਰ ਭਰੋਸੇ ਦਿੱਤੇ ਗਏ, ਪਰ ਉਨ੍ਹਾਂ ਨੂੰ ਅਮਲੀ ਰੂਪ ’ਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਵਾਂ ਨੂੰ ਆਪਣਾ ਪਵਿੱਤਰ ਤਿਉਹਾਰ ਕਰਵਾਚੌਥ ਵੀ ਸੰਗਰੂਰ ਦੀਆਂ ਸੜਕਾਂ ’ਤੇ ਸੰਘਰਸ਼ ਕਰਦਿਆਂ ਮਨਾਉਣਾ ਪੈ ਰਿਹਾ ਹੈ, ਜੋ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਆਗੂ ਸੰਦੀਪ ਕੌਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਗਰੂਰ ਵਿਖੇ ਹੋਰ ਵੀ ਵੱਡੇ ਸੰਘਰਸ਼ੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਅਧਿਆਪਕ ਆਪਣੀਆਂ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਹਰਪ੍ਰੀਤ ਸਿੰਘ ਧੁੰਦਾ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਸਰੂਪ ਸਿੰਘ, ਗੁਰਚਰਨ ਸਿੰਘ, ਨਵਨੀਤ ਕੌਰ, ਗੁਰਇਕਬਾਲ ਸਿੰਘ, ਪਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਪਰਮਜੀਤ ਸਿੰਘ, ਹਰਚੰਦ ਸਿੰਘ, ਜਸਪ੍ਰੀਤ ਸਿੰਘ, ਭੁਪਿੰਦਰ ਸਿੰਘ, ਅਰਵਿੰਦਰ ਸਿੰਘ ਸਮੇਤ ਹੋਰ ਅਧਿਆਪਕ ਹਾਜ਼ਰ ਸਨ।