24 ਘੰਟੇ ਲਈ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਅੱਜ 24 ਘੰਟੇ ਲਈ ਮੰਤਰੀਆਂ ਤੇ ਵਿਧਾਇਕਾਂ ਦਾ ਘਿਰਾਓ ਅੱਜ
Publish Date: Fri, 30 Oct 2026 04:51 PM (IST)
Updated Date: Fri, 30 Oct 2026 04:52 PM (IST)
ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਕੇਐੱਮਐੱਮ ਨੇ ਕੀਤਾ ਡਟਵੀਂ ਹਮਾਇਤ ਦਾ ਐਲਾਨ , ਝੋਟਾ ਕਤਲਕਾਂਡ ਦੇ ਇਨਸਾਫ ਲਈ ਸੰਘਰਸ਼ ’ਚ ਮੋਹਰੀ ਭੂਮਿਕਾ ਨਿਭਾਏਗੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ : ਸਭਰਾ, ਰਾਣਾ ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ ਹਰੀਕੇ ਪੱਤਣ : ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ 31 ਅਕਤੂਬਰ ਯਾਨੀ ਅੱਜ ਤੋਂ 1 ਨਵੰਬਰ ਤਕ ਹੋਣ ਵਾਲੇ ਪੰਜਾਬ ਪੱਧਰੀ 24 ਘੰਟਿਆਂ ਦੇ ਘਿਰਾਓ ਪ੍ਰੋਗਰਾਮ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਹੈ। ਜਥੇਬੰਦੀ ਵੱਲੋਂ ਝੋਟਾ ਕਤਲਕਾਂਡ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਸੁਖਵਿੰਦਰ ਸਿੰਘ ਸਭਰਾ ਅਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਮਾਨਸਾ ਐਕਸ਼ਨ ਕਮੇਟੀ ਵੱਲੋਂ ਦਿੱਤੇ ਸੱਦੇ ਤਹਿਤ 31 ਅਕਤੂਬਰ ਤੋਂ 1 ਨਵੰਬਰ ਤਕ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ 24 ਘੰਟਿਆਂ ਦੇ ਘਿਰਾਓ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਜਥੇਬੰਦੀ ਦੇ ਆਗੂ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਦੱਸਿਆ ਕਿ ਘਿਰਾਓ ਪ੍ਰੋਗਰਾਮ ’ਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਮੋਗਾ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਸਮੇਤ 11 ਜ਼ਿਲ੍ਹਿਆਂ ਦੇ ਆਗੂ ਅਤੇ ਕਿਸਾਨ ਮਜ਼ਦੂਰ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਇਨ੍ਹਾਂ ਜ਼ਿਲ੍ਹਿਆਂ ’ਚ ਲਾਮਬੰਦੀ ਕਰਕੇ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ, ਜੋ ਲਾਮਿਸਾਲ ਹੋਵੇਗੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਕਤਲਕਾਂਡ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਮਾਨਸਾ ਵਿਚ ਚੱਲ ਰਹੇ ਸੰਘਰਸ਼ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੀ ਇਸ ਮਾਮਲੇ ’ਚ ਇਨਸਾਫ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਮੋਹਰੀ ਭੂਮਿਕਾ ਨਿਭਾਏਗੀ। ਸੂਬਾ ਪ੍ਰਧਾਨ ਸਭਰਾ ਨੇ ਕਿਹਾ ਕਿ ਲੋਕਾਂ ਦੀਆਂ ਮੰਗਾਂ ਅਤੇ ਇਨਸਾਫ ਨਾਲ ਜੁੜੇ ਮਾਮਲਿਆਂ ਨੂੰ ਸਰਕਾਰ ਤਕ ਪਹੁੰਚਾਉਣ ਲਈ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 24 ਘੰਟਿਆਂ ਦਾ ਪੰਜਾਬ ਪੱਧਰੀ ਘਿਰਾਓ ਇਸੇ ਸੰਘਰਸ਼ ਦੀ ਅਗਲੀ ਕੜੀ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ ਦੀ ਮੰਗ ਕਰ ਰਹੇ ਲੋਕਾਂ ਨੂੰ ਪ੍ਰੋਗਰਾਮ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਰਾਣਾ ਨੇ ਕਿਹਾ ਕਿ ਝੋਟਾ ਕਤਲਕਾਂਡ ’ਚ ਇਨਸਾਫ ਮਿਲਣ ਤਕ ਜਥੇਬੰਦੀ ਵੱਲੋਂ ਮਾਨਸਾ ਐਕਸ਼ਨ ਕਮੇਟੀ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ’ਚ ਵੀ ਜਥੇਬੰਦੀ ਦੀ ਸਰਗਰਮ ਭੂਮਿਕਾ ਜਾਰੀ ਰਹੇਗੀ।