2 ਹਜ਼ਾਰ 555 ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਪੰਜਾਬ ਸਰਕਾਰ: ਹਰਜੀਤ ਸਿੰਘ ਸੰਧੂ 2 ਹਜ਼ਾਰ 555 ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਪੰਜਾਬ ਸਰਕਾਰ: ਹਰਜੀਤ ਸਿੰਘ ਸੰਧੂ
Publish Date: Fri, 30 Oct 2026 05:18 PM (IST)
Updated Date: Fri, 30 Oct 2026 05:19 PM (IST)
ਸੀਐੱਮ ਦੀ ਯੋਗਸ਼ਾਲਾ ਦੇ ਨਾਮ ’ਤੇ ਨੌਜਵਾਨਾਂ ਨੂੰ ਰੋਜ਼ਗਾਰ ਦੀ ਗਾਰੰਟੀ ਦੇਣ ’ਚ ਸਰਕਾਰ ਨਾਕਾਮ, ਪ੍ਰਭਾਵਿਤ ਨੌਜਵਾਨਾਂ ਨੂੰ ਇਨਸਾਫ਼ ਦੇਣ ਤੇ ਠੋਸ ਰੋਜ਼ਗਾਰ ਨੀਤੀ ਲਾਗੂ ਕਰਨ ਦੀ ਕੀਤੀ ਮੰਗ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ਦੀ ਪੋਲ ਇਕ ਵਾਰ ਫਿਰ ਖੁੱਲ੍ਹਦੀ ਨਜ਼ਰ ਆ ਰਹੀ ਹੈ। ਸੀਐੱਮ ਦੀ ਯੋਗਸ਼ਾਲਾ ਨਾਲ ਜੁੜੇ 2 ਹਜ਼ਾਰ 555 ਨੌਜਵਾਨਾਂ ਦੇ ਰੋਜ਼ਗਾਰ ਤੇ ਭਵਿੱਖ ਨੂੰ ਲੈ ਕੇ ਪੈਦਾ ਹੋਈ ਅਨਿਸ਼ਚਿਤਤਾ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਰੋਜ਼ਗਾਰ ਦੇ ਸੁਪਨੇ ਦਿਖਾ ਕੇ ਪੰਜਾਬ ਦੇ ਨੌਜਵਾਨਾਂ ਨਾਲ ਇਕ ਹੋਰ ਵੱਡਾ ਧੋਖਾ ਕੀਤਾ ਹੈ। ਜਿਹੜੇ ਨੌਜਵਾਨ ਆਪਣੀ ਪੜ੍ਹਾਈ ਤੇ ਮਿਹਨਤ ਦੇ ਦਮ ’ਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੀ ਉਮੀਦ ਕਰ ਰਹੇ ਸਨ, ਅੱਜ ਉਹ ਆਪਣੇ ਰੋਜ਼ਗਾਰ ਦੀ ਸੁਰੱਖਿਆ ਲਈ ਚਿੰਤਤ ਹਨ। ਇਸ ਸਬੰਧੀ ਭਾਜਪਾ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਮੁੱਖ ਦਫ਼ਤਰ ’ਚ ਸੀਐੱਮ ਦੀ ਯੋਗਸ਼ਾਲਾ ਦੇ ਯੋਗਾ ਡਿਪਲੋਮਾ ਬੈਚ 2025-2026 ਦੇ ਵਿਦਿਆਰਥੀਆਂ ਤੇ ਪ੍ਰਭਾਵਿਤ ਨੌਜਵਾਨਾਂ ਨੇ ਹਰਜੀਤ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਸੰਧੂ ਨੇ ਨੌਜਵਾਨਾਂ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਿਆ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਦੀ ਆਵਾਜ਼ ਨੂੰ ਸਰਕਾਰ ਤੇ ਸਬੰਧਿਤ ਮੰਚਾਂ ਤਕ ਪੂਰੀ ਮਜ਼ਬੂਤੀ ਨਾਲ ਪਹੁੰਚਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ ਤੇ ਐੱਸਸੀ ਮੋਰਚਾ ਦੇ ਪ੍ਰਧਾਨ ਅਵਤਾਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਨੂੰ ਇਸ ਉਮੀਦ ਨਾਲ ਸੱਤਾ ਸੌਂਪੀ ਸੀ ਕਿ ਉਨ੍ਹਾਂ ਨੂੰ ਰੋਜ਼ਗਾਰ ਮਿਲੇਗਾ, ਪੰਜਾਬ ’ਚੋਂ ਬੇਰੁਜ਼ਗਾਰੀ ਖ਼ਤਮ ਹੋਵੇਗੀ ਤੇ ਨੌਜਵਾਨਾਂ ਨੂੰ ਆਪਣੇ ਹੀ ਸੂਬੇ ’ਚ ਰਹਿ ਕੇ ਆਪਣਾ ਭਵਿੱਖ ਬਣਾਉਣ ਦੇ ਮੌਕੇ ਮਿਲਣਗੇ ਪਰ ਅੱਜ ਹਾਲਾਤ ਇਹ ਹਨ ਕਿ ਸਰਕਾਰ ਦੀਆਂ ਯੋਜਨਾਵਾਂ ਨਾਲ ਜੁੜੇ ਨੌਜਵਾਨ ਵੀ ਆਪਣੇ ਰੋਜ਼ਗਾਰ ਦੀ ਗਾਰੰਟੀ ਲਈ ਸੰਘਰਸ਼ ਕਰਨ ਵਾਸਤੇ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਇਸ਼ਤਿਹਾਰਾਂ ਤੇ ਬਿਆਨਾਂ ਰਾਹੀਂ ਰੋਜ਼ਗਾਰ ਦੇ ਅੰਕੜੇ ਪੇਸ਼ ਕਰਨ ਨਾਲ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸੀਐੱਮ ਦੀ ਯੋਗਸ਼ਾਲਾ ਨਾਲ ਜੁੜੇ 2 ਹਜ਼ਾਰ 555 ਨੌਜਵਾਨਾਂ ਦਾ ਮਾਮਲਾ ਬੇਹੱਦ ਗੰਭੀਰ ਹੈ। ਇਨ੍ਹਾਂ ਨੌਜਵਾਨਾਂ ਨੇ ਯੋਗਾ ਡਿਪਲੋਮਾ ਹਾਸਿਲ ਕਰਨ ਲਈ ਸਮਾਂ, ਮਿਹਨਤ ਤੇ ਪੈਸਾ ਲਗਾਇਆ ਹੈ ਅਤੇ ਇਸ ਖੇਤਰ ’ਚ ਆਪਣਾ ਕਰੀਅਰ ਬਣਾਉਣ ਦੀ ਉਮੀਦ ਰੱਖੀ ਹੈ ਪਰ ਜੇਕਰ ਸਰਕਾਰ ਇਨ੍ਹਾਂ ਨੂੰ ਰੋਜ਼ਗਾਰ ਦੀ ਸਥਿਰਤਾ ਤੇ ਭਵਿੱਖ ਦੀ ਸੁਰੱਖਿਆ ਨਹੀਂ ਦੇ ਸਕਦੀ ਤਾਂ ਫਿਰ ਸਰਕਾਰ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਾਅਵਿਆਂ ਦਾ ਕੀ ਅਰਥ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਸਿਰਫ਼ ਨਵੀਆਂ ਯੋਜਨਾਵਾਂ ਸ਼ੁਰੂ ਕਰਨਾ ਜਾਂ ਉਨ੍ਹਾਂ ਦਾ ਪ੍ਰਚਾਰ ਕਰਨਾ ਨਹੀਂ, ਸਗੋਂ ਉਨ੍ਹਾਂ ਯੋਜਨਾਵਾਂ ਨਾਲ ਜੁੜੇ ਨੌਜਵਾਨਾਂ ਦੇ ਰੋਜ਼ਗਾਰ, ਮਾਣ-ਸਨਮਾਨ ਤੇ ਭਵਿੱਖ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਪੰਜਾਬ ਸਰਕਾਰ ਅੱਗੇ ਮੰਗ ਰੱਖੀ ਕਿ ਸੀਐੱਮ ਦੀ ਯੋਗਸ਼ਾਲਾ ਨਾਲ ਜੁੜੇ ਪ੍ਰਭਾਵਿਤ 2 ਹਜ਼ਾਰ 555 ਨੌਜਵਾਨਾਂ ਦੇ ਰੋਜ਼ਗਾਰ ਦੀ ਸਥਿਤੀ ਸਪੱਸ਼ਟ ਕੀਤੀ ਜਾਵੇ, ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਕਿਸੇ ਵੀ ਤਰ੍ਹਾਂ ਦੀ ਬਰਖਾਸਤਗੀ ਜਾਂ ਅਨਿਸ਼ਚਿਤਤਾ ਸਬੰਧੀ ਉਨ੍ਹਾਂ ਨੂੰ ਸਪੱਸ਼ਟ ਨੀਤੀ ਦਿੱਤੀ ਜਾਵੇ ਤੇ ਯੋਗਤਾ ਅਨੁਸਾਰ ਉਨ੍ਹਾਂ ਨੂੰ ਸਥਾਈ ਤੇ ਸੁਰੱਖਿਅਤ ਰੋਜ਼ਗਾਰ ਦੇਣ ਲਈ ਠੋਸ ਕਦਮ ਚੁੱਕੇ ਜਾਣ। ਅੰਤ ਵਿਚ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਤੇ ਉਨ੍ਹਾਂ ਦੇ ਭਵਿੱਖ ਦੀ ਰਾਖੀ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ। ਨੌਜਵਾਨਾਂ ਦੀ ਆਵਾਜ਼ ਨੂੰ ਦਬਣ ਨਹੀਂ ਦਿੱਤਾ ਜਾਵੇਗਾ ਤੇ ਉਨ੍ਹਾਂ ਦੇ ਹੱਕਾਂ ਲਈ ਹਰ ਉਚਿਤ ਮੰਚ ’ਤੇ ਮਜ਼ਬੂਤੀ ਨਾਲ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿਆਸੀ ਵਾਅਦਿਆਂ ਦੀ ਨਹੀਂ, ਸਗੋਂ ਇੱਜ਼ਤਦਾਰ, ਪੱਕੇ ਅਤੇ ਸੁਰੱਖਿਅਤ ਰੋਜ਼ਗਾਰ ਦੀ ਲੋੜ ਹੈ।