ਮ੍ਰਿਤਕ ਗੁਰਸੇਵਕ ਸਿੰਘ ਦੇ ਪਰਿਵਾਰ ਤੇ ਕਿਸਾਨ ਜਥੇਬੰਦੀਆਂ ਨੇ ਕੀਤੀ ਇਨਸਾਫ਼ ਦੀ ਮੰਗ ਮ੍ਰਿਤਕ ਗੁਰਸੇਵਕ ਸਿੰਘ ਦੇ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਕੀਤੀ ਇਨਸਾਫ਼ ਦੀ ਮੰਗ
Publish Date: Fri, 30 Oct 2026 07:52 PM (IST)
Updated Date: Fri, 30 Oct 2026 07:55 PM (IST)
ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ ਵਲਟੋਹਾ : ਖੇਮਕਰਨ ਵਿਖੇ ਆੜ੍ਹਤੀਏ ਗੁਰਸੇਵਕ ਸਿੰਘ ਆਸਲ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਤੇ ਉਨ੍ਹਾਂ ਦੇ ਨਾਲ ਮੌਜੂਦ ਦੋ ਹੋਰ ਸਾਥੀਆਂ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ, ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਖੇਮਕਰਨ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ। ਇਸ ਦੌਰਾਨ ਮ੍ਰਿਤਕ ਗੁਰਸੇਵਕ ਸਿੰਘ ਦੀ ਲਾਸ਼ ਸੜਕ ਵਿਚਕਾਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤਕ ਇਸ ਕਤਲ ਕਾਂਡ ’ਚ ਸ਼ਾਮਿਲ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤਕ ਗੁਰਸੇਵਕ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਭਰੇ ਬਾਜ਼ਾਰ ’ਚ ਇਸ ਤਰ੍ਹਾਂ ਗੋਲੀਆਂ ਮਾਰ ਕੇ ਕਤਲ ਕਰਨਾ ਬੇਹੱਦ ਮੰਦਭਾਗੀ ਘਟਨਾ ਹੈ ਅਤੇ ਇਸ ’ਚ ਸ਼ਾਮਿਲ ਸਾਰੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮੌਕੇ ਭਾਜਪਾ ਆਗੂ ਦਲਬੀਰ ਸਿੰਘ ਅਲਗੋ ਕੋਠੀ ਅਤੇ ਸੁਖਬੀਰ ਸਿੰਘ ਵਲਟੋਹਾ ਨੇ ਕਿਹਾ ਕਿ ਸੂਬੇ ’ਚ ਦਿਨ-ਦਿਹਾੜੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਰੇ ਬਾਜ਼ਾਰ ’ਚ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਇਸ ਕਤਲ ਨੇ ਲੋਕਾਂ ’ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਭਵਿੱਖ ’ਚ ਕੋਈ ਅਜਿਹੀ ਵਾਰਦਾਤ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਕਿਸੇ ਨੂੰ ਵੀ ਪਰਿਵਾਰਕ ਮੈਂਬਰਾਂ ਨੂੰ ਡਰਾਉਣ-ਧਮਕਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਐਂਟੀ ਡਰੱਗ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸਤਨਾਮ ਸਿੰਘ ਮਨਾਵਾ ਅਤੇ ਗੁਰਮੁੱਖ ਸਿੰਘ ਘੁੱਲਾ ਬਲੇਰ ਨੇ ਦੋਸ਼ ਲਗਾਇਆ ਕਿ ਗੁਰਸੇਵਕ ਸਿੰਘ ਦੇ ਕਤਲ ਸਮੇਂ ਮੁਲਜ਼ਮ ਮੌਕੇ ਤੇ ਮੌਜੂਦ ਰਹਿ ਕੇ ਭਾਸ਼ਣ ਦਿੰਦਾ ਰਿਹਾ, ਜਦਕਿ ਉਥੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਬਜਾਏ ਉਨ੍ਹਾਂ ਨੂੰ ਉੱਥੋਂ ਭੱਜਣ ’ਚ ਮਦਦ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕਤਲ ’ਚ ਸ਼ਾਮਿਲ ਮੁਲਜ਼ਮਾਂ ਦੇ ਨਾਲ-ਨਾਲ ਉਨ੍ਹਾਂ ਨੂੰ ਭੱਜਣ ’ਚ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤਕ ਸਾਰੇ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤੇ ਜਾਂਦੇ, ਉਦੋਂ ਤਕ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਮਨਾਵਾ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਇਨਸਾਫ਼ ਮਿਲਣ ਤਕ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਮੁਲਜ਼ਮ ਇਹ ਨਾ ਸਮਝਣ ਕਿ ਪੀੜਤ ਪਰਿਵਾਰ ਇਕੱਲਾ ਹੈ, ਕਿਉਂਕਿ ਵੱਖ-ਵੱਖ ਜਥੇਬੰਦੀਆਂ ਪਰਿਵਾਰ ਦੇ ਨਾਲ ਡਟ ਕੇ ਖੜ੍ਹੀਆਂ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਗੁਰਸੇਵਕ ਸਿੰਘ ਇਕ ਸਾਊ ਪਰਿਵਾਰ ਨਾਲ ਸਬੰਧਿਤ ਸੀ ਅਤੇ ਤਿੰਨ ਧੀਆਂ ਦਾ ਪਿਤਾ ਸੀ। ਉਸ ਦਾ ਸ਼ਰੇਆਮ ਕਤਲ ਕਰ ਦੇਣਾ ਬੇਹੱਦ ਦੁਖਦਾਈ ਘਟਨਾ ਹੈ। ਉਨ੍ਹਾਂ ਪੁਲਿਸ ਦੀ ਭੂਮਿਕਾ ਤੇ ਵੀ ਸਵਾਲ ਉਠਾਉਂਦਿਆਂ ਮੰਗ ਕੀਤੀ ਕਿ ਪੀੜਤ ਪਰਿਵਾਰ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਕੇ ਉਨ੍ਹਾਂ ਨੂੰ ਲਿਖਤੀ ਰੂਪ ਵਿਚ ਦਿੱਤਾ ਜਾਵੇ। ਇਸ ਤੋਂ ਬਾਅਦ ਹੀ ਮ੍ਰਿਤਕ ਦਾ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਲਕਾ ਵਿਧਾਇਕ ਸਰਵਣ ਸਿੰਘ ਧੁੰਨ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੁਬਈ ਰਹਿੰਦੇ ਪਰਿਵਾਰ ਨਾਲ ਬਹੁਤ ਵੱਡਾ ਧੱਕਾ ਹੋਇਆ ਹੈ ਅਤੇ ਹਲਕੇ ਦਾ ਵਿਧਾਇਕ ਹੋਣ ਦੇ ਨਾਤੇ ਉਹ ਹਮੇਸ਼ਾ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਮੌਕੇ ਤੇ ਮੌਜੂਦ ਡੀਐੱਸਪੀ ਭਿੱਖੀਵਿੰਡ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਪਰਿਵਾਰ ਵੱਲੋਂ ਕਾਰਵਾਈ ਸਬੰਧੀ ਜੋ ਵੀ ਮੰਗਾਂ ਰੱਖੀਆਂ ਜਾ ਰਹੀਆਂ ਹਨ, ਉਨ੍ਹਾਂ ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇ। ਵਿਧਾਇਕ ਨੇ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਕਾਂਡ ’ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪੂਰੀ ਨਿਰਪੱਖਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਇਸ ਮੌਕੇ ਵਾਰਿਸ ਪੰਜਾਬ ਜਥੇਬੰਦੀ ਦੇ ਵੱਖ-ਵੱਖ ਆਗੂਆਂ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ’ਚ ਸਾਥ ਦੇਣ ਦਾ ਭਰੋਸਾ ਦਿੱਤਾ ਇਸ ਮੌਕੇ ਬਾਬਾ ਜਸਵੰਤ ਸਿੰਘ ਸੋਢੀ, ਸੁਖਬੀਰ ਸਿੰਘ ਵਲਟੋਹਾ, ਰਜਿੰਦਰ ਸਿੰਘ ਤਲਵੰਡੀ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਆਸਲ, ਨਰਿੰਦਰ ਸਿੰਘ ਕਲਸੀਆਂ, ਸਤਬੀਰ ਸਿੰਘ ਕੋਟਲੀ, ਉਗਰਾਹਾਂ ਜਥੇਬੰਦੀ ਦੇ ਆਗੂ, ਭਾਰਤੀ ਕਿਸਾਨ ਯੂਨੀਅਨ ਦੇ ਡਾ. ਸੁਖਵੰਤ ਸਿੰਘ, ਭੁਪਿੰਦਰ ਸਿੰਘ ਵਲਟੋਹਾ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂ ਹਾਜ਼ਰ ਸਨ।