ਪੱਟੀ ’ਚ ਪੰਜਾਬ ਰੋਡਵੇਜ਼ ਦੀ ਪਨਬੱਸ ਦੇ ਡਰਾਈਵਰ ਤੇ ਕੰਡਕਟਰ ’ਤੇ ਜਾਨਲੇਵਾ ਹਮਲਾ ਪੱਟੀ ’ਚ ਪੰਜਾਬ ਰੋਡਵੇਜ਼ ਦੀ ਪਨਬੱਸ ਦੇ ਡਰਾਈਵਰ ਤੇ ਕੰਡਕਟਰ ’ਤੇ ਜਾਨਲੇਵਾ ਹਮਲਾ
Publish Date: Fri, 30 Oct 2026 08:24 PM (IST)
Updated Date: Fri, 30 Oct 2026 08:25 PM (IST)
ਦੋ ਗੱਡੀਆਂ ’ਚ ਸਵਾਰ ਹੋ ਕੇ ਆਏ ਨੌਂ ਵਿਅਕਤੀਆਂ ਨੇ ਬੱਸ ਦੇ ਸ਼ੀਸ਼ੇ ਵੀ ਤੋੜੇ, ਰੋਡਵੇਜ਼ ਮੁਲਾਜ਼ਮਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ, ਪਿਸਤੌਲ ਤਾਣ ਕੇ ਰਾਡਾਂ ਤੇ ਕਹੀਆਂ ਨਾਲ ਕੀਤੀ ਕੁੱਟਮਾਰ ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਪੱਟੀ ਸ਼ਹਿਰ ’ਚ ਪੰਜਾਬ ਰੋਡਵੇਜ਼ ਦੀ ਪਨਬੱਸ ਦੇ ਡਰਾਈਵਰ ਅਤੇ ਕੰਡਕਟਰ ਉਪਰ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਗੱਡੀਆਂ ’ਚ ਸਵਾਰ ਹੋ ਕੇ ਆਏ ਕਰੀਬ ਨੌਂ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਪਿਸਤੌਲ ਤਾਣ ਕੇ ਰਾਡਾਂ ਅਤੇ ਕਹੀਆਂ ਨਾਲ ਬੱਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਗਈ। ਇਸ ਹਮਲੇ ’ਚ ਡਰਾਈਵਰ ਅਤੇ ਕੰਡਕਟਰ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਹਮਲਾਵਰਾਂ ਨੇ ਬੱਸ ਦੇ ਸ਼ੀਸ਼ੇ ਵੀ ਭੰਨ ਦਿੱਤੇ। ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪੱਟੀ ਵਿਖੇ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿਚ ਜ਼ੇਰੇ ਇਲਾਜ ਡਰਾਈਵਰ ਗੁਰਬਿੰਦਰ ਸਿੰਘ ਅਤੇ ਕੰਡਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਪਨਬੱਸ ਡਿੱਪੂ ਦੀ ਬੱਸ ਨੰਬਰ ਪੀਬੀ 46 ਐੱਮ 8988 ਹਰੀਕੇ ਤੋਂ ਪੱਟੀ ਆਈ ਸੀ। ਸਵਾਰੀਆਂ ਨੂੰ ਉਤਾਰਨ ਤੋਂ ਬਾਅਦ ਜਦੋਂ ਬੱਸ ਵਾਪਸ ਰਵਾਨਾ ਹੋਈ ਤਾਂ ਬੱਸ ਅੱਡੇ ਦੇ ਬਾਹਰ ਇਕ ਕਾਰ ਰਸਤੇ ’ਚ ਖੜ੍ਹੀ ਹੋਣ ਕਾਰਨ ਆਵਾਜਾਈ ਵਿਚ ਵਿਘਨ ਪੈ ਰਿਹਾ ਸੀ। ਉਨ੍ਹਾਂ ਅਨੁਸਾਰ ਸੜਕ ’ਤੇ ਜਾਮ ਲੱਗਣ ਕਾਰਨ ਡਰਾਈਵਰ ਨੇ ਕਾਰ ਚਾਲਕ ਨੂੰ ਗੱਡੀ ਇਕ ਪਾਸੇ ਕਰਨ ਲਈ ਕਿਹਾ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਜਦੋਂ ਬੱਸ ਦਾਣਾ ਮੰਡੀ ਰੇਲਵੇ ਫਾਟਕ ਨੇੜੇ ਪਹੁੰਚੀ ਤਾਂ ਫਾਟਕ ਬੰਦ ਹੋਣ ਕਾਰਨ ਉਨ੍ਹਾਂ ਨੂੰ ਉਥੇ ਰੁਕਣਾ ਪਿਆ। ਇਸੇ ਦੌਰਾਨ ਦੋ ਗੱਡੀਆਂ ’ਚ ਸਵਾਰ ਹੋ ਕੇ ਆਏ ਕਰੀਬ ਨੌਂ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਥਿਤ ਤੌਰ ’ਤੇ ਪਿਸਤੌਲ ਤਾਣ ਕੇ ਰਾਡਾਂ ਅਤੇ ਕਹੀਆਂ ਨਾਲ ਕੁੱਟਮਾਰ ਕੀਤੀ ਅਤੇ ਬੱਸ ਦੇ ਸ਼ੀਸ਼ੇ ਤੋੜ ਦਿੱਤੇ। ਇਸ ਹਮਲੇ ’ਚ ਦੋਵੇਂ ਮੁਲਾਜ਼ਮ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਏਐੱਸਆਈ ਗੁਰਪ੍ਰੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਪੰਜਾਬ ਰੋਡਵੇਜ਼ ਪਨਬੱਸ ਪੱਟੀ ਡਿੱਪੂ ਦੇ ਪ੍ਰਧਾਨ ਵਜ਼ੀਰ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲੇ ’ਚ ਸ਼ਾਮਿਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਲੋਕਾਂ ਨੂੰ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਂਦੇ ਹਨ, ਪਰ ਇਸ ਤਰ੍ਹਾਂ ਦੇ ਹਮਲੇ ਉਨ੍ਹਾਂ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਕੇ ਜ਼ਖ਼ਮੀ ਮੁਲਾਜ਼ਮਾਂ ਨੂੰ ਇਨਸਾਫ਼ ਨਾ ਦਿਵਾਇਆ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।