‘ਆਪ’ ਆਗੂ ਔਲਖ ਨੂੰ ਆਪਣੀਆਂ ਮੁਸ਼ਕਿਲਾਂ ਦੱਸਣ ਪਹੁੰਚੀਆਂ ਆਸ਼ਾ ਵਰਕਰਾਂ ਨੂੰ ਮਿਲਿਆ ਭਰੋਸਾ ‘ਆਪ’ ਆਗੂ ਔਲਖ ਨੂੰ ਆਪਣੀਆਂ ਮੁਸ਼ਕਿਲਾਂ ਦੱਸਣ ਪਹੁੰਚੀਆਂ ਆਸ਼ਾ ਵਰਕਰਾਂ ਨੂੰ ਮਿਲਿਆ ਭਰੋਸਾ
Publish Date: Sat, 31 Oct 2026 05:23 PM (IST)
Updated Date: Sat, 31 Oct 2026 05:25 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹ ਤੋਂ ਇਲਾਵਾ ਬੋਨਸ ਵੀ ਦਿੱਤਾ ਜਾਂਦਾ ਹੈ, ਤਾਂ ਜੋ ਉਹ ਆਪਣੇ ਪਰਿਵਾਰਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰ ਸਕਣ ਤੇ ਤਿਉਹਾਰ ਲਈ ਮਠਿਆਈਆਂ, ਦੀਵੇ, ਪਟਾਕੇ ਤੇ ਹੋਰ ਲੋੜੀਂਦਾ ਸਾਮਾਨ ਖ਼ਰੀਦ ਸਕਣ। ਪਰ ਆਸ਼ਾ ਵਰਕਰਾਂ ਅਜਿਹੇ ਵਰਗ ਨਾਲ ਸਬੰਧਿਤ ਹਨ, ਜਿਨ੍ਹਾਂ ਨੂੰ ਬਹੁਤ ਘੱਟ ਮਾਣ-ਭੱਤਾ ਮਿਲਦਾ ਹੈ ਤੇ ਹੋਰ ਸਰਕਾਰੀ ਮੁਲਾਜ਼ਮਾਂ ਵਾਂਗ ਤਿਉਹਾਰੀ ਲਾਭ ਵੀ ਪ੍ਰਾਪਤ ਨਹੀਂ ਹੁੰਦੇ। ਇਸੇ ਸਬੰਧ ’ਚ ਤਰਨਤਾਰਨ ਦੀਆਂ ਆਸ਼ਾ ਵਰਕਰਾਂ ਆਪਣੀਆਂ ਮੁਸ਼ਕਿਲਾਂ ਤੇ ਮੰਗਾਂ ਤੋਂ ਜਾਣੂੰ ਕਰਵਾਉਣ ਲਈ ਆਪਣੀ ਟੀਮ ਆਗੂ ਪੂਨਮ ਸੁਪਰਵਾਈਜ਼ਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੂੰ ਮਿਲਣ ਲਈ ਉਨ੍ਹਾਂ ਦੇ ਟੱਕਰ ਸਾਹਿਬ ਨੇੜੇ ਸਥਿਤ ਦਫ਼ਤਰ ਪਹੁੰਚੀਆਂ। ਇਸ ਮੌਕੇ ਔਲਖ ਨੇ ਆਸ਼ਾ ਵਰਕਰਾਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਸਬੰਧੀ ਸਿਹਤ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਉਨ੍ਹਾਂ ਆਸ਼ਾ ਵਰਕਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਆਸ਼ਾ ਵਰਕਰਾਂ ਨੂੰ ਸਰਕਾਰੀ ਮੁਲਾਜ਼ਮਾਂ ਦੀ ਸ਼੍ਰੇਣੀ ’ਚ ਸ਼ਾਮਿਲ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ‘ਆਪ’ ਆਗੂ ਗੁਰਸੇਵਕ ਸਿੰਘ ਔਲਖ ਵੱਲੋਂ ਆਸ਼ਾ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਆਸ਼ਾ ਵਰਕਰਾਂ ਦੀ ਨਿਯੁਕਤੀ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਮਾਂ-ਬੱਚੇ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਵਰਕਰਾਂ ਗਰਭ ਅਵਸਥਾ ਦੇ ਸ਼ੁਰੂਆਤੀ ਪੜਾਅ ਤੋਂ ਲੈ ਕੇ ਬੱਚੇ ਦੇ ਜਨਮ ਤਕ ਔਰਤਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੇਂਡੂ ਸਿਹਤ ਕੇਂਦਰਾਂ ਅਤੇ ਸਿਵਲ ਹਸਪਤਾਲਾਂ ਵਿਚ ਸਿਹਤ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਇਸ ਤੋਂ ਇਲਾਵਾ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ’ਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਆਸ਼ਾ ਵਰਕਰਾਂ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਦੀਆਂ ਅਹਿਮ ਜ਼ਿੰਮੇਵਾਰੀਆਂ ਨਿਭਾਉਣ ਦੇ ਬਾਵਜੂਦ ਉਨ੍ਹਾਂ ਨੂੰ ਮਿਲਣ ਵਾਲਾ ਮਾਣ-ਭੱਤਾ ਬੇਹੱਦ ਘੱਟ ਹੈ। ਉਨ੍ਹਾਂ ਦੀ ਆਰਥਿਕ ਹਾਲਤ ਇਹ ਹੈ ਕਿ ਉਨ੍ਹਾਂ ਨੂੰ ਇਕ ਮਿਸਤਰੀ ਨਾਲ ਕੰਮ ਕਰਨ ਵਾਲੇ ਮਜ਼ਦੂਰ ਦੇ ਬਰਾਬਰ ਦਿਹਾੜੀ ਵੀ ਨਸੀਬ ਨਹੀਂ ਹੁੰਦੀ। ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੇ ਮਿਹਨਤ ਨੂੰ ਧਿਆਨ ਵਿਚ ਰੱਖਦਿਆਂ ਮਾਣ-ਭੱਤੇ ’ਚ ਵਾਧਾ ਕਰਨ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।