‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਵਿਧਾਇਕ ਧੁੰਨ ਨੇ ਕੀਤੀ ਮੀਟਿੰਗ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਵਿਧਾਇਕ ਧੁੰਨ ਨੇ ਪਿੰਡ ਪੱਧਰੀ ਦੀਆਂ ਸਖੀਆਂ ਨਾਲ ਕੀਤੀ ਮੀਟਿੰਗ
Publish Date: Sat, 31 Oct 2026 05:52 PM (IST)
Updated Date: Sat, 31 Oct 2026 05:53 PM (IST)
ਸਖੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਕਰਵਾਇਆ ਹੱਲ, ਸਨਮਾਨ ਵਜੋਂ ਦਿੱਤੇ ਤੋਹਫ਼ੇ ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ ਵਲਟੋਹਾ : ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤਕ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਪਿੰਡਾਂ ’ਚ ਸਰਕਾਰੀ ਯੋਜਨਾਵਾਂ ਦੇ ਫਾਰਮ ਭਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਵਿਧਾਇਕ ਨੇ ਸਖੀਆਂ ਦੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਕਈ ਮਾਮਲਿਆਂ ਦਾ ਹੱਲ ਕਰਵਾਇਆ। ਮੀਟਿੰਗ ਦੌਰਾਨ ਵਿਧਾਇਕ ਸਰਵਨ ਸਿੰਘ ਧੁੰਨ ਨੇ ਉਨ੍ਹਾਂ ਸਖੀਆਂ ਦੇ ਮਾਣ-ਸਨਮਾਨ ਲਈ ਸਰਕਾਰ ਵੱਲੋਂ ਨਿਰਧਾਰਤ ਰਾਸ਼ੀ ਨਾ ਮਿਲਣ ਦੇ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਹੱਲ ਕਰਵਾਇਆ। ਇਸ ਮੌਕੇ ਸਾਰੀਆਂ ਸਖੀਆਂ ਨੂੰ ਉਨ੍ਹਾਂ ਦੀ ਸੇਵਾ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਵਿਧਾਇਕ ਧੁੰਨ ਨੇ ਸਖੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਪਿੰਡਾਂ ਦੇ ਸਰਪੰਚਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਪਿੰਡਾਂ ਦੀਆਂ ਮਾਵਾਂ-ਭੈਣਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਾਤਰੀ ਨੂੰ ਜਾਣਕਾਰੀ ਦੀ ਘਾਟ ਕਾਰਨ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਹਾ ਕਿ ਜੇਕਰ ਕਿਸੇ ਪਿੰਡ ’ਚ ਕਿਸੇ ਮਾਂ ਜਾਂ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਿਲਣ ਵਾਲੀ ਰਾਸ਼ੀ ਪ੍ਰਾਪਤ ਨਹੀਂ ਹੋਈ ਤਾਂ ਸਖੀਆਂ ਉਨ੍ਹਾਂ ਨਾਲ ਸੰਪਰਕ ਕਰਕੇ ਮੁੜ ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਕਰਵਾਉਣ, ਤਾਂ ਜੋ ਹਰ ਯੋਗ ਪਰਿਵਾਰ ਨੂੰ ਯੋਜਨਾ ਦਾ ਲਾਭ ਮਿਲ ਸਕੇ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਨੂੰ ਘਰ-ਘਰ ਜਾ ਕੇ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਆਖਰੀ ਵਿਅਕਤੀ ਤਕ ਪਹੁੰਚਾਉਣ ਲਈ ਵਚਨਬੱਧ ਹੈ।