- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਵਨ ਸਿੰਘ ਧੁੰਨ ਨੂੰ ਮੁੜ ਟਿਕਟ ਮਿਲਣ ’ਤੇ ‘ਆਪ’ ਵਰਕਰਾਂ ’ਚ ਖੁਸ਼ੀ ਦੀ ਲਹਿਰ

- ਸਰਪੰਚਾਂ ਨੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
- 2027 ’ਚ ਵੱਡੀ ਲੀਡ ਨਾਲ ਜਿੱਤ ਦਾ ਕੀਤਾ ਦਾਅਵਾ
ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ
ਵਲਟੋਹਾ : ਆਮ ਆਦਮੀ ਪਾਰਟੀ ਵੱਲੋਂ ਹਲਕਾ ਖੇਮਕਰਨ ਦੇ ਮੌਜੂਦਾ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਮੁੜ ਪਾਰਟੀ ਟਿਕਟ ਦਿੱਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਵਨ ਸਿੰਘ ਧੁੰਨ ’ਤੇ ਮੁੜ ਭਰੋਸਾ ਜਤਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪਾਰਟੀ ਆਗੂਆਂ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਵਿਧਾਇਕ ਦੇ ਪੀਏ ਹੀਰਾ ਸਿੰਘ, ਸਰਪੰਚ ਗੁਰਜਿੰਦਰ ਸਿੰਘ ਤਲਵੰਡੀ ਬੁੱਧ ਸਿੰਘ, ਸਰਪੰਚ ਕੁਲਦੀਪ ਸਿੰਘ ਤਲਵੰਡੀ ਸੋਭਾ ਸਿੰਘ, ਸਰਪੰਚ ਸਰਬਜੀਤ ਸਿੰਘ ਤਲਵੰਡੀ ਸੋਭਾ ਸਿੰਘ ਅਤੇ ਮਾਝਾ ਜ਼ੋਨ ਇੰਚਾਰਜ ਪ੍ਰੀਤ ਸਿੰਘ ਢਿੱਲੋ ਨੇ ਵਿਧਾਇਕ ਸਰਵਨ ਸਿੰਘ ਧੁੰਨ ਨੂੰ ਮੁੜ ਟਿਕਟ ਮਿਲਣ ’ਤੇ ਵਧਾਈ ਦਿੱਤੀ।
ਆਗੂਆਂ ਨੇ ਕਿਹਾ ਕਿ ਵਿਧਾਇਕ ਸਰਵਨ ਸਿੰਘ ਧੁੰਨ ਦੀ ਇਮਾਨਦਾਰ ਕਾਰਜ ਸ਼ੈਲੀ, ਲੋਕਾਂ ਨਾਲ ਸਿੱਧਾ ਸੰਪਰਕ ਅਤੇ ਹਲਕੇ ’ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਮੁੜ ਚੋਣ ਮੈਦਾਨ ’ਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਖੇਮਕਰਨ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਸਰਵਨ ਸਿੰਘ ਧੁੰਨ ਦੇ ਹੱਕ ’ਚ ਫ਼ਤਵਾ ਦੇਣਗੇ। ਸਰਪੰਚਾਂ ਨੇ ਕਿਹਾ ਕਿ ਸਰਵਨ ਸਿੰਘ ਧੁੰਨ ਦੇ ਕਾਰਜਕਾਲ ਦੌਰਾਨ ਹਲਕੇ ’ਚ ਸਿਆਸੀ ਪੱਖਪਾਤ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਵਾਉਣ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਪਿੰਡ ’ਚ ਸਿਆਸੀ ਰੰਜਿਸ਼ ਤਹਿਤ ਲੜਾਈ-ਝਗੜੇ ਜਾਂ ਨਾਜਾਇਜ਼ ਪੁਲਿਸ ਕੇਸ ਦਰਜ ਕਰਵਾਉਣ ਦੀ ਨੌਬਤ ਨਹੀਂ ਆਈ, ਜੋ ਉਨ੍ਹਾਂ ਦੀ ਕਾਰਜਸ਼ੈਲੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਪਿਛਲੇ ਵਿਧਾਇਕਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਪਹਿਲਾਂ ਵਿਕਾਸ ਦੀ ਬਜਾਏ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਂਦੀ ਰਹੀ ਹੈ। ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਦੇ ਸਮਰਥਨ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸਰਵਨ ਸਿੰਘ ਧੁੰਨ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ।