ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪੱਟੀ ਨੇ ਪੂਰੇ ਕੀਤੇ 50 ਸਾਲ, ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਪੱਟੀ ਨੇ ਪੂਰੇ ਕੀਤੇ 50 ਸਾਲ, ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sat, 31 Oct 2026 06:13 PM (IST)
Updated Date: Sat, 31 Oct 2026 06:16 PM (IST)
ਹਜ਼ਾਰਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲੀ ਉਡਾਣ, ਮੁੱਖ ਮਹਿਮਾਨ ਸੰਤੋਖ ਸਿੰਘ ਸੇਠੀ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਆ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਨੇ ਸਿੱਖਿਆ ਦੇ ਖੇਤਰ ’ਚ ਆਪਣੇ 50 ਸਾਲ ਦਾ ਸ਼ਾਨਦਾਰ ਸਫ਼ਰ ਪੂਰਾ ਕਰ ਲਿਆ ਹੈ। ਇਸ ਮੌਕੇ ਸਕੂਲ ਵੱਲੋਂ ‘ਜ਼ੀਰੋ ਟੂ ਏਆਈ’ ਵਿਸ਼ੇ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ’ਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮੰਗਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਤਰਨਤਾਰਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਤੋਂ ਇਲਾਵਾ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰ ਕੁਲਜੀਤ ਸਿੰਘ ਸਾਹਨੀ, ਰੈਜ਼ੀਡੈਂਟ ਪ੍ਰਧਾਨ, ਰਮਣੀਕ ਸਿੰਘ, ਆਨਰੇਰੀ ਸਕੱਤਰ, ਜਸਪਾਲ ਸਿੰਘ ਢਿੱਲੋਂ ਅਤੇ ਹਰਜੀਤ ਸਿੰਘ, ਵਧੀਕ ਆਨਰੇਰੀ ਸਕੱਤਰ, ਅੰਮ੍ਰਿਤਪਾਲ ਸਿੰਘ ਚਾਵਲਾ, ਸਿੱਖਿਆ ਨਿਰਦੇਸ਼ਕ, ਉਰਮਿੰਦਰ ਕੌਰ, ਉਪ ਸਿੱਖਿਆ ਨਿਰਦੇਸ਼ਕ, ਰਵਿੰਦਰ ਸਿੰਘ ਭੱਲਾ, ਖੇਡ ਕਨਵੀਨਰ, ਦੀਪਿੰਦਰ ਸਿੰਘ, ਉਪ ਖੇਡ ਨਿਰਦੇਸ਼ਕ ਸਮੇਤ ਦੀਵਾਨ ਦੇ ਹੋਰ ਮੈਂਬਰ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ। ਸਕੂਲ ਪਹੁੰਚਣ ’ਤੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਵਿਦਿਆਰਥੀਆਂ ਵੱਲੋਂ ਬੈਂਡ ਦੀਆਂ ਧੁਨਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਅਤੇ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਭੰਗੜੇ, ਗਿੱਧੇ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ‘ਜ਼ੀਰੋ ਟੂ ਏਆਈ’ ਵਿਸ਼ੇ ਨੂੰ ਦਰਸਾਉਂਦੀ ਵਿਸ਼ੇਸ਼ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ, ਜਿਸ ਦੀ ਹਾਜ਼ਰ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ’ਚ ਕਲਾ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਦੀ ਸਿਰਜਣਾਤਮਕ ਸੋਚ ਅਤੇ ਪ੍ਰਤਿਭਾ ਦੀ ਝਲਕ ਦੇਖਣ ਨੂੰ ਮਿਲੀ। ਸਕੂਲ ਦੀ ਪ੍ਰਿੰਸੀਪਲ ਜਸਬੀਰ ਕੌਰ ਸੈਣੀ ਨੇ ਸਕੂਲ ਦੀਆਂ ਪੰਜ ਦਹਾਕਿਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਵਿੱਦਿਅਕ, ਖੇਡਾਂ, ਵਿਗਿਆਨ ਅਤੇ ਸੱਭਿਆਚਾਰਕ ਖੇਤਰਾਂ ’ਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ। ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਕੂਲ ’ਚ ਆਧੁਨਿਕ ਸਿੱਖਿਆ ਪ੍ਰਣਾਲੀ ਦੇ ਨਾਲ-ਨਾਲ ਸਮਾਰਟ ਜਮਾਤਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਮੌਕੇ ਵਿੱਦਿਅਕ ਖੇਤਰ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਸੰਤੋਖ ਸਿੰਘ ਸੇਠੀ ਨੇ ਸਕੂਲ ਨੂੰ 50 ਸਾਲ ਪੂਰੇ ਹੋਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਸੰਸਥਾ ਸਿੱਖਿਆ ਦੇ ਖੇਤਰ ’ਚ ਅਹਿਮ ਯੋਗਦਾਨ ਪਾ ਕੇ ਇਲਾਕੇ ਦੀ ਸੇਵਾ ਕਰ ਰਹੀ ਹੈ। ਇਸ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅੱਜ ਉੱਚੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਦੇਣਾ ਵੀ ਅਧਿਆਪਕਾਂ ਅਤੇ ਮਾਪਿਆਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਲਈ ਚੰਗੀ ਮਿਸਾਲ ਬਣਨ, ਉਨ੍ਹਾਂ ਦੀਆਂ ਰੁਚੀਆਂ ਨੂੰ ਸਮਝਣ ਅਤੇ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ’ਚ ਉਨ੍ਹਾਂ ਦਾ ਸਾਥ ਦੇਣ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੀਵਨ ਵਿਚ ਵੱਡੇ ਸੁਪਨੇ ਦੇਖਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਸਿੱਖੀ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਅਤੇ ਖ਼ੁਦ ਵੀ ਸਿੱਖੀ ਦੇ ਸਿਧਾਂਤਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ, ਤਾਂ ਜੋ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਅਤੇ ਵਿਰਸੇ ਨੂੰ ਅਗਲੀਆਂ ਪੀੜ੍ਹੀਆਂ ਤਕ ਪਹੁੰਚਾਇਆ ਜਾ ਸਕੇ। ਮੰਚ ਸੰਚਾਲਨ ਦੀ ਭੂਮਿਕਾ ਵਿਦਿਆਰਥੀ ਅਜ਼ਾਦਵਿੰਦਰ ਸਿੰਘ ਅਤੇ ਹਰਸ਼ਿਤਾ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਸਕੂਲ ਦੀ ਉਪ ਪ੍ਰਿੰਸੀਪਲ ਨੀਰੂ ਸ਼ਰਮਾ, ਸੁਪਰਵਾਈਜ਼ਰ ਕਰਮਜੀਤ ਕੌਰ, ਪਰਦੀਪ ਕੌਰ, ਰੁਪਿੰਦਰ ਕੌਰ ਨੰਦਾ, ਰਣਜੀਤ ਕੌਰ, ਹਰਪ੍ਰੀਤ ਕੌਰ ਚੀਮਾ, ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਮਿਹਨਤ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਅਤੇ ਸਿੱਖੀ ਵਿਰਸੇ ਨਾਲ ਜੁੜਨ ਦਾ ਸੁਨੇਹਾ ਦਿੱਤਾ।