‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਫ਼ਤਿਆਬਾਦ ਦਾ ਕੀਤਾ ਦੌਰਾ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਫ਼ਤਿਆਬਾਦ ਦਾ ਕੀਤਾ ਦੌਰਾ
Publish Date: Sun, 01 Nov 2026 05:23 PM (IST)
Updated Date: Sun, 01 Nov 2026 05:26 PM (IST)
ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸਐੱਸਪੀ ਤਰਨਤਾਰਨ ਸੁਰੇਂਦਰ ਲਾਂਬਾ ਆਈਪੀਐੱਸ ਨੇ ਐੱਸਡੀਐੱਮ ਸੰਜੀਵ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀਆਂ ਸਮੇਤ ਕਸਬਾ ਫ਼ਤਿਆਬਾਦ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਮੁਹਿੰਮ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਦੀ ਸ਼ਮੂਲੀਅਤ ਅਤੇ ਸਮੂਹਿਕ ਯਤਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਪੰਚਾਇਤਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਸ ਮੌਕੇ ਐੱਸਪੀ ਹੈੱਡਕੁਆਰਟਰ ਸੁਖਨਿੰਦਰ ਸਿੰਘ ਕੈਰੋਂ, ਡੀਐੱਸਪੀ ਸ਼ਿਵਦਰਸ਼ਨ ਸਿੰਘ, ਐੱਸਐੱਚਓ ਗੋਇੰਦਵਾਲ ਸਾਹਿਬ ਨਵਦੀਪ ਸਿੰਘ ਭੱਟੀ, ਚੌਕੀ ਫ਼ਤਿਆਬਾਦ ਇੰਚਾਰਜ ਬਲਦੇਵ ਸਿੰਘ, ਖੇਤੀਬਾੜੀ ਵਿਭਾਗ ਦੇ ਯਾਦਵਿੰਦਰ ਸਿੰਘ ਅਤੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਜਸਕਰਨ ਸਿੰਘ ਸਮੇਤ ਹੋਰ ਅਧਿਕਾਰੀਆਂ ਤੇ ਆਗੂਆਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ, ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤੀ ਵੱਲ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲਤਾ ਦੀਆਂ ਲੀਹਾਂ ’ਤੇ ਤੋਰਿਆ ਜਾ ਸਕਦਾ ਹੈ। ਤਰਨਤਾਰਨ ਪੁਲਿਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨ ਲਗਾਤਾਰ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਜਸਕਰਨ ਸਿੰਘ, ਸਤਨਾਮ ਸਿੰਘ ਧੰਜੂ, ਗੁਰਸ਼ਰਨ ਸਿੰਘ ਪਵਾਰ, ਤਜਿੰਦਰ ਸਿੰਘ ਤੇਜੀ, ਜਗਦੀਪ ਸਿੰਘ ਪਵਾਰ, ਪ੍ਰਭਸ਼ੇਰ ਸਿੰਘ, ਕਸ਼ਮੀਰ ਸਿੰਘ ਸਦਿਓੜਾ, ਦਲਜੀਤ ਸਿੰਘ ਵਾਲੀਆ, ਸਰਬਜੀਤ ਸਿੰਘ ਧੂੰਦਾ, ਰਣਜੀਤ ਸਿੰਘ ਧੂੰਦਾ, ਜਸਵਿੰਦਰ ਸਿੰਘ ਫੌਜੀ, ਗੁਰਦਿਆਲ ਸਿੰਘ, ਬਲਕਾਰ ਸਿੰਘ ਭਰੋਵਾਲ, ਬਲਵਿੰਦਰ ਸਿੰਘ ਠੇਕੇਦਾਰ, ਕੰਵਰਬੀਰ ਸਿੰਘ ਕੇਬੀ, ਜਸਕਰਨ ਸਿੰਘ, ਸੋਨੂੰ ਸ਼ਰਮਾ, ਰਣਜੀਤ ਸਿੰਘ ਮਨੀ, ਹਰਜੀਤ ਸਿੰਘ ਪੈਲੇਸ ਵਾਲੇ, ਮਨਜੀਤ ਸਿੰਘ ਸੋਨੂੰ, ਰਾਜਕੁਮਾਰ ਚਾਵਲਾ ਅਤੇ ਰਜੀਵ ਕੁਮਾਰ ਸਮੇਤ ਵੱਡੀ ਗਿਣਤੀ ’ਚ ਨਗਰ ਵਾਸੀ ਹਾਜ਼ਰ ਸਨ।