ਪਿੰਡ ਸਭਰਾ ਪਹੁੰਚੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦਾ ਕਿਸਾਨਾਂ ਕੀਤਾ ਘਿਰਾਓ ਪਿੰਡ ਸਭਰਾ ਪਹੁੰਚੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦਾ ਕਿਸਾਨਾਂ ਕੀਤਾ ਘਿਰਾਓ
Publish Date: Sun, 01 Nov 2026 05:44 PM (IST)
Updated Date: Sun, 01 Nov 2026 05:47 PM (IST)
ਕਿਸਾਨਾਂ ਨੇ ਪੁਲਿਸ ਚੌਕੀ ਦੇ ਬਾਹਰ ਦਿੱਤਾ ਧਰਨਾ, ਪਰਾਲੀ ਪ੍ਰਬੰਧਨ ਲਈ ਮੁਆਵਜ਼ੇ ਦੀ ਕੀਤੀ ਮੰਗ ਸਤਿਨਾਮ ਸਿੰਘ ਚੀਮਾ, •ਪੰਜਾਬੀ ਜਾਗਰਣ ਘਰਿਆਲਾ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ’ਚ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਉਸ ਸਮੇਂ ਤਣਾਅ ਪੂਰਨ ਸਥਿਤੀ ਬਣ ਗਈ, ਜਦੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਪਿੰਡ ਪਹੁੰਚੇ। ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ’ਚ ਡ੍ਰੋਨ ਚਲਾਉਣ ਦੀ ਕਾਰਵਾਈ ਕੀਤੀ ਜਾਣੀ ਸੀ। ਇਸ ਦੀ ਜਾਣਕਾਰੀ ਮਿਲਣ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਇਕੱਠੇ ਹੋ ਗਏ। ਉਨ੍ਹਾਂ ਨੇ ਅਧਿਕਾਰੀਆਂ ਦਾ ਘਿਰਾਓ ਕਰਦਿਆਂ ਪੁਲਿਸ ਚੌਕੀ ਸਭਰਾ ਦੇ ਬਾਹਰ ਧਰਨਾ ਦਿੱਤਾ ਤੇ ਆਪਣੀਆਂ ਮੰਗਾਂ ਉਠਾਈਆਂ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨਾਲ ਸਬੰਧਿਤ ਕਿਸਾਨ ਆਗੂ ਸਾਹਿਬ ਸਿੰਘ ਸਭਰਾ, ਜੁਗਰਾਜ ਸਿੰਘ ਰਾਜਸਥਾਨੀ, ਸੋਹਣ ਸਿੰਘ ਸਭਰਾ, ਕਰਮਜੀਤ ਸਿੰਘ ਤੇ ਸਤਨਾਮ ਸਿੰਘ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਣਾ ਚਾਹੁੰਦੇ ਹਨ ਪਰ ਇਸ ਦੇ ਯੋਗ ਪ੍ਰਬੰਧਨ ਲਈ ਲੋੜੀਂਦੇ ਸਾਧਨਾਂ ਤੇ ਆਰਥਿਕ ਸਹਾਇਤਾ ਦੀ ਘਾਟ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਸਬੰਧਿਤ ਵਿਭਾਗਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਪਰਾਲੀ ਦੇ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਤਾਂ ਇਸ ਦੇ ਨਿਪਟਾਰੇ ਲਈ ਉਨ੍ਹਾਂ ਨੂੰ ਕਿਹੜੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਵਾਢੀ ਤੋਂ ਬਾਅਦ ਖੇਤਾਂ ’ਚ ਪਰਾਲੀ ਦਾ ਨਿਪਟਾਰਾ ਕਰਕੇ ਅਗਲੀ ਫ਼ਸਲ ਦੀ ਬਿਜਾਈ ਸਮੇਂ ਸਿਰ ਕਰ ਸਕਣ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਸਿਰਫ਼ ਕਾਰਵਾਈ ਕਰਨ ਨਾਲ ਨਹੀਂ ਹੋ ਸਕਦਾ, ਸਗੋਂ ਇਸ ਲਈ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ, ਆਰਥਿਕ ਸਹਾਇਤਾ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣੀਆਂ ਵੀ ਜ਼ਰੂਰੀ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ’ਤੇ ਦਬਾਅ ਪਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਠੋਸ ਨੀਤੀ ਬਣਾਈ ਜਾਵੇ। ਧਰਨੇ ਦੌਰਾਨ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ। ਇਸ ਸਬੰਧੀ ਜਦੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਉੱਚ ਅਧਿਕਾਰੀਆਂ ਦੇ ਨਿਯਮਾਂ ਅਧੀਨ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣਕ ਨੁਕਸਾਨ ਤੋਂ ਜਾਣੂੰ ਕਰਵਾਉਣਾ ਅਤੇ ਇਸ ਨੂੰ ਰੋਕਣ ਲਈ ਜਾਗਰੂਕ ਕਰਨਾ ਇਸ ਕਾਰਵਾਈ ਦਾ ਉਦੇਸ਼ ਹੈ। ਇਸ ਸਬੰਧੀ ਪੁਲਿਸ ਚੌਕੀ ਸਭਰਾ ’ਚ ਤਾਇਨਾਤ ਏਐੱਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਸਬੰਧਿਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਵੀ ਮੌਕੇ ’ਤੇ ਪਹੁੰਚਣ ਦੀ ਉਮੀਦ ਹੈ।