- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਡੀਐੱਮ ਸੰਜੀਵ ਕੁਮਾਰ ਸ਼ਰਮਾ ਨੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦੀ ਕੀਤੀ ਸ਼ੁਰੂਆਤ

ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਹੈਪੀ ਸੀਡਰ ਅਪਣਾਉਣ ਕਿਸਾਨ : ਡਾ. ਯਾਦਵਿੰਦਰ ਸਿੰਘ
ਕੁਲਦੀਪ ਸਿੰਘ ਮਾਨ, •ਪੰਜਾਬੀ ਜਾਗਰਣ
ਖਡੂਰ ਸਾਹਿਬ : ਜ਼ਿਲ੍ਹਾ ਤਰਨਤਾਰਨ ’ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਆਈਏਐੱਸ, ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਪੀਸੀਐੱਸ ਤੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਤੇਜਵੀਰ ਸਿੰਘ ਭੰਗੂ ਦੀ ਅਗਵਾਈ ਹੇਠ ਕਿਸਾਨ ਅਮਰੀਕ ਸਿੰਘ ਪੁੱਤਰ ਲਾਭ ਸਿੰਘ, ਵਾਸੀ ਪਿੰਡ ਨਾਗੋਕੇ ਦੇ ਖੇਤਾਂ ਵਿਚ ਸੁਪਰ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਯਾਦਵਿੰਦਰ ਸਿੰਘ ਨੇ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਪਰਾਲੀ ਦੇ ਪ੍ਰਬੰਧਨ ਅਤੇ ਕਣਕ ਦੀ ਸਮੇਂ ਸਿਰ ਬਿਜਾਈ ਕਰਨ ਲਈ ਇਕ ਪ੍ਰਭਾਵਸ਼ਾਲੀ ਸੰਦ ਹੈ। ਇਸ ਤਕਨੀਕ ਰਾਹੀਂ ਪਰਾਲੀ ਨੂੰ ਖੇਤ ਵਿਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਮਿੱਟੀ ਦੀ ਸਿਹਤ ’ਚ ਸੁਧਾਰ, ਜ਼ਮੀਨ ਦੀ ਉਪਜਾਊ ਸ਼ਕਤੀ ਦੀ ਸੰਭਾਲ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿਚ ਮਦਦ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਹੀ ਮਿੱਟੀ ਦੇ ਲਾਭਦਾਇਕ ਜੀਵਾਣੂ ਅਤੇ ਜ਼ਰੂਰੀ ਪੌਸ਼ਟਿਕ ਤੱਤ ਵੀ ਨਸ਼ਟ ਹੁੰਦੇ ਹਨ। ਇਸ ਲਈ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤਾਂ ’ਚ ਹੀ ਸੰਭਾਲਣਾ ਚਾਹੀਦਾ ਹੈ।
ਇਸ ਮੌਕੇ ਡਾ. ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਣਕ ਦੇ ਬੀਜ ਲੈਣ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ । ਪਿੰਡ ਨਾਗੋਕੇ ਦੇ ਕਿਸਾਨ ਪ੍ਰੀਤਮ ਸਿੰਘ ਸੁਖਜੀਤ ਸਿੰਘ ਅਮਰਜੀਤ ਸਿੰਘ ਕ੍ਰਿਸ਼ਨ ਕੁਮਾਰ ਆਦਿ ਵੀ ਹਾਜਰ ਸਨ।