ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਸਖ਼ਤ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਸਖ਼ਤ
Publish Date: Mon, 02 Nov 2026 05:58 PM (IST)
Updated Date: Mon, 02 Nov 2026 05:59 PM (IST)
ਐੱਸਡੀਐੱਮ ਨੇ ਕੀਤਾ 13 ਪਿੰਡਾਂ ਦਾ ਦੌਰਾ, ਮੁੰਡਾ ਪਿੰਡ ’ਚ ਮੌਕੇ ’ਤੇ ਬੁਝਾਈ ਅੱਗ ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੀ ਟੀਮ ਨਾਲ ਸਬ ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਟੀਮ ਵੱਲੋਂ ਫਤਿਆਬਾਦ, ਖੇਲਾ, ਭੈਲ, ਭੋਈਆਂ, ਜੋਹਲ ਢਾਏ ਵਾਲਾ, ਮੁੰਡਾ ਪਿੰਡ, ਗੁਜਰਪੁਰ, ਡੇਹਰਾ ਸਾਹਿਬ, ਲੁਹਾਰ, ਛਾਪੜੀ, ਚੱਕ ਮਹਿਰ, ਖਾਨ ਰਜ਼ਾਦਾ ਤੇ ਜਾਮਾਰਾਏ ਆਦਿ ਪਿੰਡਾਂ ’ਚ ਜਾ ਕੇ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ। ਦੌਰੇ ਦੌਰਾਨ ਪਿੰਡ ਮੁੰਡਾ ਪਿੰਡ ਵਿਖੇ ਪਰਾਲੀ ਨੂੰ ਲਗਾਈ ਗਈ ਅੱਗ ਦਾ ਪਤਾ ਲੱਗਣ ’ਤੇ ਪ੍ਰਸ਼ਾਸਨਿਕ ਟੀਮ ਵੱਲੋਂ ਮੌਕੇ ’ਤੇ ਹੀ ਅੱਗ ਬੁਝਾਈ ਗਈ ਅਤੇ ਸਬੰਧਿਤ ਕਿਸਾਨ ਨੂੰ ਨਿਯਮਾਂ ਅਨੁਸਾਰ ਜੁਰਮਾਨਾ ਕੀਤਾ ਗਿਆ। ਐੱਸਡੀਐੱਮ ਨੇ ਸਪੱਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਤੇਜਵੀਰ ਸਿੰਘ ਭੰਗੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਯਾਦਵਿੰਦਰ ਸਿੰਘ ਨੇ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਹੈਪੀ ਸੀਡਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਪਰਾਲੀ ਨੂੰ ਖੇਤ ’ਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਇਕ ਵਧੀਆ ਅਤੇ ਪ੍ਰਭਾਵਸ਼ਾਲੀ ਸੰਦ ਹੈ। ਇਸ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਰਹਿੰਦੀ ਅਤੇ ਵਾਤਾਵਰਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਦੀ ਵੀ ਸੰਭਾਲ ਹੁੰਦੀ ਹੈ।ਇਸ ਮੌਕੇ ਡਾ. ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਹਾਜ਼ਰ ਸਨ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਅਪਣਾਈ ਜਾਵੇ ਅਤੇ ਜ਼ਿਲ੍ਹਾ ਤਰਨਤਾਰਨ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਮੁਕਤ ਬਣਾਉਣ ’ਚ ਸਹਿਯੋਗ ਦਿੱਤਾ ਜਾਵੇ।