‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਕਰ ਰਹੀ ਹੈ ਪੂਰੇ : ਜੱਸਾ ਪੱਟੀ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਕਰ ਰਹੀ ਹੈ ਪੂਰੇ : ਜੱਸਾ ਪੱਟੀ
Publish Date: Wed, 04 Nov 2026 04:51 PM (IST)
Updated Date: Wed, 04 Nov 2026 04:53 PM (IST)
ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਨੂੰ ਮਿਲ ਰਹੀ ਹੈ ਮੁਫ਼ਤ ਬਿਜਲੀ ਦੀ ਸਹੂਲਤ, ਵਾਰਡ ਨੰਬਰ 9 ’ਚ ਲੋਕਾਂ ਨਾਲ ਕੀਤੀ ਗੱਲਬਾਤ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਦਾ ਲਾਭ ਸੂਬੇ ਦੇ ਲੋਕਾਂ ਨੂੰ ਮਿਲ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਨੇ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਹਰਜਿੰਦਰ ਸਿੰਘ ਪੱਪੂ ਸਰਾਫ਼ ਅਤੇ ਕੌਂਸਲਰ ਰਜਵੰਤ ਕੌਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਸੀ। ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਨੂੰ ਬਿਜਲੀ ਦੇ ਜ਼ੀਰੋ ਬਿੱਲ ਆ ਰਹੇ ਹਨ। ਇਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੱਟੀ ਹਲਕੇ ’ਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਸ਼ਹਿਰ ਦੀਆਂ ਪੁਰਾਣੀਆਂ ਸੜਕਾਂ ਦੀ ਥਾਂ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੱਟੀ ਸ਼ਹਿਰ ਦੇ ਵਸਨੀਕਾਂ ਦੀਆਂ ਮੰਗਾਂ ਅਤੇ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਬਿਜਲੀ ਸਮੇਤ ਵੱਖ-ਵੱਖ ਖੇਤਰਾਂ ’ਚ ਅਹਿਮ ਕਦਮ ਚੁੱਕੇ ਗਏ ਹਨ।ਸਰਕਾਰੀ ਸਕੂਲਾਂ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਝੋਨੇ ਦੇ ਖਰੀਦ ਸੀਜ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ, ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਹਰਜਿੰਦਰ ਸਿੰਘ ਪੱਪੂ ਸਰਾਫ਼ ਨੇ ਕਿਹਾ ਕਿ ਵਾਰਡ ਵਾਸੀਆਂ ਵੱਲੋਂ ਹਲਕਾ ਇੰਚਾਰਜ ਨਾਲ ਮੁਲਾਕਾਤ ਦੌਰਾਨ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਲੋਕਾਂ ਦੀਆਂ ਮੰਗਾਂ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਤਕ ਪਹੁੰਚਾਈਆਂ ਜਾ ਰਹੀਆਂ ਹਨ। ਇਸ ਮੌਕੇ ਰਾਜਨਪ੍ਰੀਤ ਸਿੰਘ ਐੱਮਸੀ, ਸੁਰਜੀਤ ਸਿੰਘ ਐੱਮਸੀ, ਸੁਖਨਿੰਦਰ ਸਿੰਘ ਐੱਮਸੀ, ਵਿਨੋਦ ਖੰਨਾ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਨਰੈਣ ਜਵੈਲਰਜ਼, ਸੂਰਜ ਕੁਮਾਰ, ਵਿਨਰਜੀਤ ਸਿੰਘ, ਦੀਪਕ ਢੰਡ ਅਤੇ ਹੋਰ ਪਤਵੰਤੇ ਹਾਜ਼ਰ ਸਨ। ਕੈਪਸ਼ਨ : ਵਾਰਡ ਨੰਬਰ 9 ਵਿਖੇ ਹਰਜਿੰਦਰ ਸਿੰਘ ਪੱਪੂ ਸਰਾਫ਼ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਜੱਸਾ ਪੱਟੀ।