‘ਆਪ’ ਸਰਕਾਰ ਦੇ ਕੰਮਾਂ ਤੋਂ ਖੁਸ਼ ਲੋਕ ਮੁੜ ਚਾਹੁੰਦੇ ਹਨ ਸਰਕਾਰ : ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ ਦੇ ਵਿਧਾਇਕ ਲਾਲਪੁਰਾ ਨੇ ਸਖੀਆਂ ਤੇ ਮਹਿਲਾ ਆਗੂਆਂ ਨਾਲ ਕੀਤੀ ਮੀਟਿੰਗ
Publish Date: Wed, 04 Nov 2026 06:43 PM (IST)
Updated Date: Wed, 04 Nov 2026 06:44 PM (IST)
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਆਮ ਆਦਮੀ ਪਾਰਟੀ ਵੱਲੋਂ ਸਖੀਆਂ ਅਤੇ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਮਹਿਲਾ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੀ ਧਰਮ ਪਤਨੀ ਅਮਨਦੀਪ ਕੌਰ ਲਾਲਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਮਹਿਲਾਵਾਂ ਦੀ ਭੂਮਿਕਾ ਅਤੇ ਆਉਣ ਵਾਲੇ ਸਮੇਂ ਦੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਤੋਂ ਲੋਕ ਸੰਤੁਸ਼ਟ ਹਨ ਅਤੇ ਉਹ ਮੁੜ ਸੂਬੇ ’ਚ ‘ਆਪ’ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤਕ ਪਹੁੰਚਾਉਣ ਲਈ ਪਾਰਟੀ ਦੇ ਵਰਕਰ ਅਤੇ ਮਹਿਲਾ ਆਗੂ ਲਗਾਤਾਰ ਮਿਹਨਤ ਕਰ ਰਹੇ ਹਨ। ਇਸ ਮੌਕੇ ਹਲਕਾ ਕੋਆਰਡੀਨੇਟਰ ਨਰਿੰਦਰਪਾਲ ਕੌਰ ਅਤੇ ਬਲਾਕ ਪ੍ਰਧਾਨ ਰਣਧੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦੇਣ ਦੀ ਯੋਜਨਾ ਹੈ। ਇਸ ਸਬੰਧੀ ਸਖੀਆਂ ਵੱਲੋਂ ਘਰ-ਘਰ ਜਾ ਕੇ ਯੋਗ ਔਰਤਾਂ ਦੇ ਫਾਰਮ ਭਰਨ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਅਮਨਦੀਪ ਕੌਰ ਲਾਲਪੁਰਾ ਦਾ ਮੀਟਿੰਗ ’ਚ ਪਹੁੰਚਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਖੀਆਂ ਨੇ ਇਸ ਯੋਜਨਾ ਤਹਿਤ ਔਰਤਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਖੀਆਂ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਵੀ ਹੋਰ ਵੱਧ ਮਿਹਨਤ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੀਆਂ। ਇਸ ਦੌਰਾਨ ਅਮਨਦੀਪ ਕੌਰ ਲਾਲਪੁਰਾ ਨੇ ਸਖੀਆਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਅਤੇ ਆਉਣ ਵਾਲੇ ਕੰਮਾਂ ਬਾਰੇ ਵਿਚਾਰ ਸਾਂਝੇ ਕੀਤੇ। ਮੀਟਿੰਗ ’ਚ ਮੌਜੂਦ ਸਖੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਪੂਰੀ ਮਿਹਨਤ ਕਰਨਗੀਆਂ। ਇਸ ਮੌਕੇ ਵਿਧਾਇਕ ਦੇ ਪੀਏ ਗੁਰਸ਼ਰਨਜੀਤ ਸਿੰਘ, ਪੀਏ ਹਰਕਿਰਤ ਸਿੰਘ ਕਰਨ, ਨਿਸ਼ਾਨ ਸਿੰਘ ਮਾਣੋਚਾਹਲ ਅਤੇ ਸਮੁੱਚੀ ਮੈਂਬਰ ਪੰਚਾਇਤ ਸਮੇਤ ਹੋਰ ਮਹਿਲਾ ਆਗੂ ਤੇ ਵਰਕਰ ਹਾਜ਼ਰ ਸਨ।