ਆਗਾਮੀ ਤਿਉਹਾਰਾਂ ਮੌਕੇ ਜ਼ਿਲ੍ਹੇ ’ਚ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਆਗਾਮੀ ਤਿਉਹਾਰਾਂ ਮੌਕੇ ਜ਼ਿਲ੍ਹੇ ’ਚ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ
Publish Date: Wed, 04 Nov 2026 07:16 PM (IST)
Updated Date: Wed, 04 Nov 2026 07:17 PM (IST)
ਆਗਾਮੀ ਤਿਉਹਾਰਾਂ ਮੌਕੇ ਜ਼ਿਲ੍ਹੇ ’ਚ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਮੈਜਿਸਟਰੇਟ ਰਾਹੁਲ ਨੇ ਜ਼ਿਲ੍ਹੇ ਅੰਦਰ ਪਟਾਕੇ ਚਲਾਉਣ ਤੇ ਆਤਿਸ਼ਬਾਜ਼ੀ ਬਣਾਉਣ, ਸਟੋਰ ਕਰਨ ਤੇ ਖ਼ਰੀਦਣ, ਵੇਚਣ ਨੂੰ ਨਿਯਮਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਆਦੇਸ਼ਾਂ ਮੁਤਾਬਿਕ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਦੇ ਮੌਕੇ ਪਟਾਕੇ ਤੇ ਆਤਿਸ਼ਬਾਜੀ ਚਲਾਉਣ ਸਬੰਧੀ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਹੁਕਮਾਂ ਮੁਤਾਬਿਕ ਕੇਵਲ ਗ੍ਰੀਨ ਪਟਾਕੇ ਹੀ ਚਲਾਉਣ ਦੀ ਆਗਿਆ ਹੈ। ਇਸ ਦੇ ਨਾਲ ਹੀ ਪਾਬੰਦੀਸ਼ੁਦਾ ਪਟਾਕਿਆਂ ਨੂੰ ਚਲਾਉਣ ਲਈ ਮਨਾਹੀ ਕੀਤੀ ਗਈ ਹੈ। ਹੁਕਮਾਂ ਮੁਤਾਬਿਕ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਤੋਂ ਰਾਤ 10 ਵਜੇ ਤਕ, 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਤੋਂ 5 ਵਜੇ ਤਕ ਤੇ ਰਾਤ ਨੂੰ 9 ਤੋਂ 10 ਵਜੇ ਤਕ, 24-25 ਦਸੰਬਰ ਕ੍ਰਿਸਮਸ ਦੇ ਦਿਹਾੜੇ ’ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤਕ ਤੇ ਇਸੇ ਤਰ੍ਹਾਂ 31 ਦਸੰਬਰ ਨੂੰ ਨਵੇਂ ਸਾਲ ਮੌਕੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਤੇ ਬਾਅਦ ’ਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਸਾਇਲੈਂਸ ਜ਼ੋਨ ਜਿਵੇਂ ਕਿ ਵਿੱਦਿਅਕ ਸੰਸਥਾਵਾਂ, ਹਸਪਤਾਲਾਂ, ਅਦਾਲਤਾਂ, ਧਾਰਮਿਕ ਥਾਵਾਂ ਆਦਿ ਦੇ ਨੇੜੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਹੁਕਮਾਂ ’ਚ ਕਿਹਾ ਗਿਆ ਹੈ ਕਿ ਤਿਉਹਾਰਾਂ ਦੇ ਦਿਨਾਂ ’ਚ ਆਮ ਤੌਰ ’ਤੇ ਪਟਾਕੇ, ਆਤਿਸ਼ਬਾਜ਼ੀ ਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ-ਸ਼ਰਾਬਾ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫ਼ੈਲਦਾ ਹੈ। ਤਿਉਹਾਰਾਂ ਸਮੇਂ ਪਟਾਕੇ ਆਦਿ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜਨ ਹਿੱਤ ਨੂੰ ਧਿਆਨ ’ਚ ਰੱਖਦੇ ਹੋਏ ਇਸ ਸੰਭਾਵਿਤ ਖਤਰੇ ਤੋਂ ਬਚਣ ਲਈ ਜ਼ਿਲ੍ਹੇ ਅੰਦਰ ਪਟਾਕੇ, ਆਤਿਸ਼ਬਾਜੀ ਆਦਿ ਬਨਾਉਣ, ਸਟੋਰ ਕਰਨ ਅਤੇ ਖਰੀਦਣ, ਵੇਚਣ ਨੂੰ ਨਿਯਮਤ ਕਰਨਾ ਅਤਿ ਜ਼ਰੂਰੀ ਹੈ। ਇਸ ਤੋਂ ਇਲਾਵਾ ਦੇਸ਼ ਅੰਦਰ ਵੱਖ-ਵੱਖ ਥਾਵਾਂ ’ਤੇ ਗੈਰ ਕਾਨੂੰਨੀ ਧਮਾਕਾਖੇਜ਼ ਸਮੱਗਰੀ ਬਰਾਮਦ ਹੋ ਰਹੀ ਹੈ, ਜਿਸ ਵਿਚ ਕੈਮੀਕਲ ਪੋਟਾਸ਼ੀਅਮ ਕਲੋਰੇਟ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖ਼ਤਰਨਾਕ ਹੁੰਦਾ ਹੈ। ਇਸ ਨਾਲ ਬਹੁਤ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਇਹ ਵਾਤਾਵਰਨ ਤੇ ਸਿਹਤ ਲਈ ਵੀ ਹਾਨੀਕਾਰਕ ਹੈ। ਇਸ ਤੋਂ ਇਲਾਵਾ ਪਟਾਕੇ ਚਲਾਉਣ ਦੇ ਸਮੇਂ ਵਿਚ ਸੁਪਰੀਮ ਕੋਰਟ, ਪੰਜਾਬ ਤੇ ਹਰਿਆਣਾ ਹਾਈਕੋਰਟ ਜਾਂ ਪੰਜਾਬ ਸਰਕਾਰ ਵੱਲੋਂ ਕੋਈ ਤਬਦੀਲੀ ਕੀਤੀ ਜਾਂਦੀ ਹੈ, ਤਾਂ ਉਸ ਤਬਦੀਲੀ ਅਨੁਸਾਰ ਹੀ ਪਟਾਕੇ ਚਲਾਏ ਜਾ ਸਕਣਗੇ, ਜਿਸ ਸਬੰਧੀ ਵੱਖਰੇ ਤੌਰ ’ਤੇ ਕੋਈ ਹੁਕਮ ਜਾਰੀ ਨਹੀਂ ਕੀਤਾ ਜਾਵੇਗਾ।