ਬੱਚਿਆਂ ਦੀ ਸੁਰੱਖਿਆ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੀਤੀ ਸਖ਼ਤ ਹਦਾਇਤ ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ
Publish Date: Fri, 06 Nov 2026 05:05 PM (IST)
Updated Date: Fri, 06 Nov 2026 05:08 PM (IST)
ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਪੰਚਕੁਲਾ ਦੇ ਇਕ ਸਕੂਲ ਦੀ ਜਮਾਤ ਵਿਚ ਇਕ ਵਿਦਿਆਰਥੀ ਵੱਲੋਂ ਦੂਜੇ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਅਤੇ ਹਿੰਸਕ ਵਿਵਹਾਰ ਕਰਨ ਸਬੰਧੀ ਸਾਹਮਣੇ ਆਈ ਸੀਸੀਟੀਵੀ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਤਰਨਤਾਰਨ ਰਾਜੇਸ਼ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨੂੰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਰਾਜੇਸ਼ ਕੁਮਾਰ ਨੇ ਕਿਹਾ ਕਿ ਸਕੂਲ ਬੱਚਿਆਂ ਲਈ ਸੁਰੱਖਿਅਤ ਅਤੇ ਡਰ-ਮੁਕਤ ਵਾਤਾਵਰਣ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਹਨ। ਕਿਸੇ ਵੀ ਬੱਚੇ ਨਾਲ ਕੁੱਟਮਾਰ, ਸਰੀਰਿਕ ਸਜ਼ਾ, ਮਾਨਸਿਕ ਤਸ਼ੱਦਦ, ਬੁਲਿੰਗ, ਧਮਕਾਉਣ ਜਾਂ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਕੂਲ ਕੈਂਪਸ, ਜਮਾਤਾਂ, ਖੇਡ ਮੈਦਾਨਾਂ, ਗਲਿਆਰਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਤੇ ਬੱਚਿਆਂ ਦੀ ਉਚਿਤ ਨਿਗਰਾਨੀ ਯਕੀਨੀ ਬਣਾਈ ਜਾਵੇ। ਹਰੇਕ ਸਕੂਲ ’ਚ ਬਾਲ ਸੁਰੱਖਿਆ ਇੰਚਾਰਜ ਜਾਂ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਬੁਲਿੰਗ ਅਤੇ ਹਿੰਸਕ ਵਿਵਹਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਕੂਲ ’ਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਵਾਪਰਦੀ ਹੈ ਤਾਂ ਪੀੜਤ ਬੱਚੇ ਨੂੰ ਤੁਰੰਤ ਸੁਰੱਖਿਅਤ ਕਰਕੇ ਲੋੜ ਅਨੁਸਾਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਮਾਪਿਆਂ ਨੂੰ ਸੂਚਿਤ ਕਰਕੇ ਘਟਨਾ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸੀਸੀਟੀਵੀ ਫੁਟੇਜ ਸਮੇਤ ਸਬੰਧਿਤ ਸਬੂਤ ਸੁਰੱਖਿਅਤ ਰੱਖੇ ਜਾਣ। ਰਾਜੇਸ਼ ਕੁਮਾਰ ਨੇ ਕਿਹਾ ਕਿ ਸਕੂਲਾਂ ਵੱਲੋਂ ਜੁਵੇਨਾਈਲ ਜਸਟਿਸ ਐਕਟ, 2015, ਸਿੱਖਿਆ ਦਾ ਅਧਿਕਾਰ ਐਕਟ, 2009 ਦੀ ਧਾਰਾ 17 ਅਤੇ ਪੋਕਸੋ ਐਕਟ, 2012 ਸਮੇਤ ਬੱਚਿਆਂ ਦੀ ਸੁਰੱਖਿਆ ਸਬੰਧੀ ਲਾਗੂ ਕਾਨੂੰਨਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸ ਤੋਂ ਇਲਾਵਾ ਹਰ ਸਕੂਲ ’ਚ ਸ਼ਿਕਾਇਤ ਦਰਜ ਕਰਵਾਉਣ ਦੀ ਉਚਿਤ ਵਿਵਸਥਾ ਕੀਤੀ ਜਾਵੇ ਅਤੇ ਚਾਈਲਡ ਹੈਲਪਲਾਈਨ ਨੰਬਰ 1098 ਪ੍ਰਮੁੱਖ ਥਾਵਾਂ ਤੇ ਪ੍ਰਦਰਸ਼ਿਤ ਕੀਤਾ ਜਾਵੇ।