ਵਾਅਦਿਆਂ ਤੋਂ ਮੁੱਕਰੀ ਪੰਜਾਬ ਸਰਕਾਰ : ਰਾਜੇਵਾਲ ਚੰਡੀਗੜ੍ਹ ਮੋਰਚੇ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਕਰੀ ਪੰਜਾਬ ਸਰਕਾਰ : ਰਾਜੇਵਾਲ
Publish Date: Fri, 06 Nov 2026 05:32 PM (IST)
Updated Date: Fri, 06 Nov 2026 05:32 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿਦੀਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਵਾਉਣ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ। ਮੀਟਿੰਗ ਉਪਰੰਤ ਸਾਂਝੇ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿਦੀਪੁਰ ਅਤੇ ਕਿਸਾਨ ਆਗੂ ਅੰਮ੍ਰਿਤਪਾਲ ਸਿੰਘ ਜੌੜਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਦਿੱਲੀ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਮੇਤ ਹੋਰ ਮੰਗਾਂ ਸਬੰਧੀ ਲਿਖਤੀ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤਕ ਇਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਦੇ ਰੋਸ ਵਜੋਂ ਪੰਜਾਬ ’ਚ ਬਠਿੰਡਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਵੱਡੀਆਂ ਕਿਸਾਨ ਰੈਲੀਆਂ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਕੌਮੀ ਆਗੂ ਸੰਬੋਧਨ ਕਰਨਗੇ। ਇਨ੍ਹਾਂ ਰੈਲੀਆਂ ’ਚ ਜ਼ਿਲ੍ਹਾ ਤਰਨਤਾਰਨ ਤੋਂ ਵੱਡੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ 1 ਤੋਂ 6 ਸਤੰਬਰ ਤਕ ਚੱਲੇ ਚੰਡੀਗੜ੍ਹ ਮੋਰਚੇ ਦੌਰਾਨ ਸਰਕਾਰ ਨੇ ਪੰਜਾਬ ਪੁਨਰਗਠਨ ਕਾਨੂੰਨ-1966 ਦੀਆਂ ਧਾਰਾਵਾਂ 78, 79 ਅਤੇ 80 ਰੱਦ ਕਰਨ, ਪਾਣੀਆਂ ਸਬੰਧੀ ਪਿਛਲੇ ਸਮਝੌਤੇ ਰੱਦ ਕਰਨ, ਬੀਜ ਬਿੱਲ, ਬਿਜਲੀ ਬਿੱਲ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ ਸਬੰਧੀ ਮਤੇ ਵਿਧਾਨ ਸਭਾ ’ਚ ਪਾਸ ਕਰਵਾਉਣ ਦਾ ਭਰੋਸਾ ਦਿੱਤਾ ਸੀ, ਪਰ ਸਰਕਾਰ ਵੱਲੋਂ ਅਜੇ ਤਕ ਕੋਈ ਵੀ ਮਤਾ ਪਾਸ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਸਹਿਕਾਰੀ ਬੈਂਕਾਂ ਅਤੇ ਭੂਮੀ ਵਿਕਾਸ ਬੈਂਕਾਂ ’ਚ ਇਕਮੁਸ਼ਤ ਕਰਜ਼ਾ ਨਿਪਟਾਰਾ ਯੋਜਨਾ ਵੀ ਲਾਗੂ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ 18 ਨਵੰਬਰ ਤਕ ਗੰਨੇ ਦੇ ਭਾਅ ਦਾ ਐਲਾਨ ਨਾ ਕੀਤਾ ਗਿਆ ਅਤੇ ਇਕ ਕਾਊਂਟਰ, ਇਕ ਅਦਾਇਗੀ ਦੇ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ 20 ਨਵੰਬਰ ਨੂੰ ਧੰਨੋਵਾਲੀ ਫਾਟਕ ਵਿਖੇ ਵੱਡਾ ਪ੍ਰਦਰਸ਼ਨ ਕਰ ਕੇ ਰੇਲ ਅਤੇ ਸੜਕੀ ਆਵਾਜਾਈ ਜਾਮ ਕੀਤੀ ਜਾਵੇਗੀ। ਇਸ ਮੌਕੇ ਯਾਦਵਿੰਦਰ ਸਿੰਘ ਪੰਨੂ, ਅਮਰਜੀਤ ਸਿੰਘ ਪੰਨੂ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ, ਪ੍ਰਗਟ ਸਿੰਘ ਕੰਗ, ਰਾਜ ਬਹਾਦਰ ਅਤੇ ਅਜੀਤ ਸਿੰਘ ਚੰਬਾ ਸਮੇਤ ਕਈ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।